ਚੰਡੀਗੜ੍ਹ : ਪੰਜਾਬ ਭਾਜਪਾ ਦੇ ਵਫਦ ਨੇ ਵੀਰਵਾਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਹੜ੍ਹ ਪੀੜਤਾਂ, ਖਾਸ ਤੌਰ ’ਤੇ ਕਿਸਾਨਾਂ ਲਈ ਢੁਕਵੇਂ ਮੁਆਵਜ਼ੇ ਦੀ ਰਾਜ ਸਰਕਾਰ ਤੋਂ ਮੰਗ ਕੀਤੀ। ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਇਸ ਸਰਕਾਰ ਤੋਂ ਜਵਾਬ ਮੰਗਿਆ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਸਕੇ ਕਿ ਕਿਸ ਤਰ੍ਹਾਂ ‘ਆਪ’ ਸਰਕਾਰ ਦੀ ਅਣਗਹਿਲੀ ਕਾਰਨ ਹੜ੍ਹਾਂ ਨਾਲ ਹੋਏ ਭਾਰੀ ਨੁਕਸਾਨ ਨੂੰ ਰੋਕਿਆ ਜਾ ਸਕਦਾ ਸੀ। ਉਨ੍ਹਾ ਕਿਹਾ ਕਿ ਹੜ੍ਹਾਂ ਕਾਰਨ ਨੁਕਸਾਨ ਹੁੰਦਾ ਹੈ ਪਰ ‘ਆਪ’ ਸਰਕਾਰ ਦੀ ‘ਲਾਪ੍ਰਵਾਹੀ’ ਕਾਰਨ ਜ਼ਿਆਦਾ ਨੁਕਸਾਨ ਹੋਇਆ ਹੈ। ਸਰਕਾਰ ਡਰੇਨਾਂ ਦੀ ਸਫਾਈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਸਮੇਤ ਲੋੜੀਂਦੇ ਉਪਾਅ ਕਰਨ ’ਚ ਅਸਫਲ ਰਹੀ। ਉਨ੍ਹਾ ਕਿਹਾ ਕਿ ‘ਆਪ’ ਸਰਕਾਰ ਨੂੰ ਉਨ੍ਹਾਂ ਕਿਸਾਨਾਂ ਨੂੰ ਅੰਤਰਿਮ ਰਾਹਤ ਦੇਣੀ ਚਾਹੀਦੀ ਹੈ, ਜਿਨ੍ਹਾਂ ਦੇ ਖੇਤ ਡੁੱਬੇ ਹੋਏ ਹਨ ਅਤੇ ਉਨ੍ਹਾਂ ਕਿਸਾਨਾਂ ਨੂੰ ਵੀ ਮੁਆਵਜ਼ਾ ਦੇਵੇ, ਜਿਨ੍ਹਾਂ ਦੀਆਂ ਫਸਲਾਂ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ।