30.5 C
Jalandhar
Tuesday, August 16, 2022
spot_img

ਰੰਗਲਾ ਪੰਜਾਬ ਬਣਾਵਾਂਗੇ, ਲੋਕਾਂ ਦੇ ਹਰ ਮਸਲੇ ਦਾ ਹੱਲ ਹੋਵੇਗਾ : ਮਾਨ

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ‘ਚੋਂ ਗੈਂਗਸਟਰਵਾਦ ਨੂੰ ਜੜ੍ਹੋਂ ਖਤਮ ਕਰਨ ਲਈ ਆਪਣੀ ਸਰਕਾਰ ਦੀ ਦਿ੍ੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਕੀਤਾ | ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਨੱਥ ਪਾਉਣਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ | ਉਨ੍ਹਾ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਵਿਟਨੈੱਸ ਪ੍ਰੋਟੈਕਸ਼ਨ ਬਿੱਲ (ਗਵਾਹ ਸੁਰੱਖਿਆ ਬਿੱਲ) ਲਿਆਏਗੀ ਅਤੇ ਜੇਲ੍ਹਾਂ ਨੂੰ ਅਤਿ ਸੁਰੱਖਿਅਤ ਜੇਲ੍ਹਾਂ ਵਜੋਂ ਅੱਪਗ੍ਰੇਡ ਕਰੇਗੀ |
ਉਨ੍ਹਾ ਕਿਹਾ ਕਿ ਸੂਬਾ ਸਰਕਾਰ ਨੇ ਇਸ ਮੰਤਵ ਲਈ ਪਹਿਲਾਂ ਹੀ ਏ ਡੀ ਜੀ ਪੀ ਰੈਂਕ ਦੇ ਅਫਸਰ ਦੀ ਅਗਵਾਈ ਹੇਠ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਗਠਨ ਕੀਤਾ ਹੈ | ਉਨ੍ਹਾ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐੱਸ ਟੀ ਐੱਫ ਨੇ ਤਕਨੀਕੀ ਸਹਿਯੋਗ ਵਾਸਤੇ ਜ਼ਿਲ੍ਹਾ ਪੁਲਸ, ਖੁਫੀਆ ਵਿੰਗ, ਬੀ ਐੱਸ ਐੱਫ, ਐੱਨ ਸੀ ਬੀ ਅਤੇ ਹੋਰ ਏਜੰਸੀਆਂ ਨਾਲ ਤਾਲਮੇਲ ਕਰਕੇ ਵੱਡੀ ਕਾਰਵਾਈ ਵਿੱਢੀ ਹੈ |
ਨਸ਼ਿਆਂ ਖਿਲਾਫ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾ ਦੀ ਸਰਕਾਰ ਨੇ ਪੁਲਸ ਨੂੰ ਨਸ਼ੇ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਹੈ | ਇਸੇ ਤਰ੍ਹਾਂ ਅੱੈਸ ਐੱਸ ਪੀਜ਼/ਪੁਲਸ ਕਮਿਸ਼ਨਰਾਂ ਨੂੰ ਵੀ ਸਖਤ ਹੁਕਮ ਦਿੱਤੇ ਗਏ ਹਨ ਕਿ ਉਹ ਐੱਸ ਟੀ ਐੱਫ ਨਾਲ ਮਿਲ ਕੇ ਕੰਮ ਕਰਨ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਫੜਨ | ਸੱਤਾ ਵਿੱਚ ਆਉਣ ਤੋਂ ਬਾਅਦ ਮੌਜੂਦਾ ਸਰਕਾਰ ਨੇ ‘ਓਟ’ ਸੈਂਟਰਾਂ ਦੀ ਗਿਣਤੀ 280 ਤੋਂ ਵਧਾ ਕੇ 500 ਕਰ ਦਿੱਤੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਬਣਨ ਦੇ ਨਾਲ ਹੀ ਉਨ੍ਹਾ ਭਿ੍ਸ਼ਟਾਚਾਰ ਵਿਰੋਧੀ ਹੈਲਪਲਾਈਨ ਜਾਰੀ ਕੀਤੀ ਸੀ ਅਤੇ ਇਸ ਥੋੜ੍ਹੇ ਜਿਹੇ ਸਮੇਂ ਦੌਰਾਨ ਭਿ੍ਸ਼ਟਾਚਾਰ ਵਿਰੁੱਧ 29 ਕੇਸ ਦਰਜ ਕੀਤੇ ਗਏ ਹਨ ਅਤੇ 47 ਗਿ੍ਫਤਾਰੀਆਂ ਕੀਤੀਆਂ ਗਈਆਂ ਹਨ | ਉਨ੍ਹਾ ਸਪੱਸ਼ਟ ਕੀਤਾ ਕਿ ਸਰਕਾਰ ਨੇ ਭਿ੍ਸ਼ਟਾਚਾਰ ਨੂੰ ਹਰਗਿਜ਼ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਉਂਦੇ ਹੋਏ ਆਪਣੇ ਹੀ ਕੈਬਨਿਟ ਮੰਤਰੀ ਖਿਲਾਫ਼ ਕਾਰਵਾਈ ਕੀਤੀ ਹੈ |
ਨਵੇਂ ਸਮਾਜ ਦੇ ਨਿਰਮਾਣ ਵਿਚ ਸਿੱਖਿਆ ਨੂੰ ਮੁੱਖ ਧੁਰਾ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਨਾ ਸਿਰਫ ਸਰਕਾਰੀ ਸਕੂਲਾਂ ਦਾ ਕਾਇਆ-ਕਲਪ ਕੀਤਾ ਜਾ ਰਿਹਾ ਹੈ, ਸਗੋਂ ਪ੍ਰਾਈਵੇਟ ਸਕੂਲਾਂ ਵੱਲੋਂ ਲਈ ਜਾਂਦੀ ਫੀਸ ਨੂੰ ਵੀ ਨਿਯਮਬੱਧ ਕੀਤਾ ਗਿਆ ਹੈ, ਜਿਸ ਨਾਲ ਉਹ ਚਾਲੂ ਅਕਾਦਮਿਕ ਵਰ੍ਹੇ ਦੌਰਾਨ ਫੀਸ ‘ਚ ਆਪਹੁਦਰੇ ਢੰਗ ਨਾਲ ਵਾਧਾ ਨਹੀਂ ਕਰ ਸਕਦੇ | ਜਿਹੜੇ ਸਕੂਲ ਫੀਸ ਐਕਟ-2016 ਦਾ ਉਲੰਘਣ ਕਰਦੇ ਫੜੇ ਗਏ, ਉਨ੍ਹਾਂ ਦੀ ਐੱਨ ਓ ਸੀ ਰੱਦ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਕ ਲੱਖ ਰੁਪਏ ਦਾ ਵੀ ਜੁਰਮਾਨਾ ਲਾਇਆ ਜਾਵੇਗਾ | ਸੂਬਾ ਸਰਕਾਰ ਸਾਰੀਆਂ ਖਾਲੀ ਪੋਸਟਾਂ ਭਰੇਗੀ ਅਤੇ 5994 ਈ ਟੀ ਟੀ ਅਧਿਆਪਕਾਂ ਅਤੇ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਜਾਰੀ ਹੈ | ਅਧਿਆਪਕਾਂ ਨੂੰ ਕੇਵਲ ਸਿੱਖਿਆ ਕਾਰਜਾਂ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ ਅਤੇ ਗੈਰ-ਅਧਿਆਪਨ ਕਾਰਜਾਂ ਲਈ ਇਕ ਵੱਖਰਾ ਕਾਡਰ ਸਥਾਪਤ ਕੀਤਾ ਜਾਵੇਗਾ | ਮਾਨ ਨੇ ਕਿਹਾ ਕਿ ਅਧਿਆਪਕਾਂ ਦੀ ਟ੍ਰੇਨਿੰਗ ਨੂੰ ਮੁੜ ਵਿਉਂਤਣ ਦੀ ਲੋੜ ਹੈ | ਇਸ ਮੰਤਵ ਲਈ ਦੇਸ਼ ਭਰ ਅਤੇ ਵਿਸ਼ਵ ਵਿੱਚ ਬਿਹਤਰੀਨ ਸਿੱਖਿਆ ਤਕਨੀਕਾਂ ਹਾਸਲ ਕੀਤੀਆਂ ਜਾਣਗੀਆਂ | ਨਵੀਂ ਦਿੱਲੀ ਵਿੱਚ ਅਮਰੀਕਨ ਐਬੰਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ ਨਾਲ ਰਲ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਅਧਿਆਪਕਾਂ ਦੇ ਇਕ ਸਮੂਹ (50 ਦੇ ਲੱਗਭੱਗ) ਨੂੰ ਸਿਖਲਾਈ ਦੇਣ ਜਾ ਰਿਹਾ ਹੈ | ਉਚੇਰੀ ਸਿੱਖਿਆ ਵਿੱਚ ਸਾਡੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਤੇ ਧਿਆਨ ਦਿੱਤਾ ਜਾਵੇਗਾ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੂੰ ਛੇਤੀ ਹੀ ਯੂ ਜੀ ਸੀ ਦੇ ਪੇ ਸਕੇਲ ਦਿੱਤੇ ਜਾਣਗੇ |
ਕਾਬਲ ਤੇ ਹੁਨਰਮੰਦ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਰੁਝਾਨ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਰੁਝਾਨ ਨੂੰ ਰੋਕਣ ਲਈ ਤਕਨੀਕੀ ਸਿੱਖਿਆ ਅਹਿਮ ਯੋਗਦਾਨ ਪਾ ਸਕਦੀ ਹੈ | ਇਸ ਮੰਤਵ ਨਾਲ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ਲਈ 19 ਨਵੀਆਂ ਸਰਕਾਰੀ ਆਈ ਟੀ ਆਈਜ਼ ਖੋਲ੍ਹੀਆਂ ਜਾ ਰਹੀਆਂ ਹਨ | ਇਸੇ ਤਰ੍ਹਾਂ ਸਨਅਤੀ ਅਦਾਰਿਆਂ ਦੀ ਮੰਗ ਅਨੁਸਾਰ ਆਈ ਟੀ ਆਈਜ਼ ਵਿੱਚ 44 ਨਵੇਂ ਕੋਰਸ ਸ਼ੁਰੂ ਕਰਨ ਦਾ ਮਾਮਲਾ ਵਿਚਾਰ ਅਧੀਨ ਹੈ | ਉਨ੍ਹਾ ਕਿਹਾ ਕਿ ਤਕਨੀਕੀ ਸਿੱਖਿਆ ਅਤੇ ਸਨਅਤੀ ਟ੍ਰੇਨਿੰਗ ਵਿਭਾਗ ਛੇਤੀ ਹੀ ਸੂਬੇ ਵਿੱਚ ਬਾਇਲਰ ਅਟੈਂਡਰ ਕੋਰਸ ਨੂੰ ਅਪ੍ਰੈਂਟਿਸਸ਼ਿਪ ਟਰੇਡ ਵਜੋਂ ਸ਼ੁਰੂ ਕਰਨ ਜਾ ਰਿਹਾ ਹੈ, ਜਿਸ ਨਾਲ ਇਸ ਅਪ੍ਰੈਂਟਿਸਸ਼ਿਪ ਸਕੀਮ ਅਧੀਨ 15000 ਨੌਜਵਾਨਾਂ ਨੂੰ ਟ੍ਰੇਨਿੰਗ ਦਿੱਤੀ ਜਾ ਸਕਦੀ ਹੈ |
ਸੂਬੇ ਦੇ ਲੋਕਾਂ ਨੂੰ ‘ਤੰਦਰੁਸਤ ਮਨ ਤੇ ਤੰਦਰੁਸਤ ਵਿਚਾਰ’ ਦੀ ਸੋਚ ਅਧੀਨ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਪ੍ਰਣ ਲੈਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੁੱਖ ਮੰਤਵ ਜ਼ਮੀਨੀ ਪੱਧਰ ਉਤੇ ਹਰੇਕ ਘਰ ਨੂੰ 2 ਤੋਂ 3 ਕਿਲੋਮੀਟਰ ਦੇ ਘੇਰੇ ਵਿੱਚ ਹੀ ਚੰਗੀਆਂ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੈ | ਉਨ੍ਹਾ ਕਿਹਾ ਕਿ ਅਣ-ਅਧਿਕਾਰਤ ਕਲੋਨੀਆਂ ਦੀ ਚੈਕਿੰਗ ਲਈ ਸਖਤ ਉਪਰਾਲੇ ਕੀਤੇ ਜਾ ਰਹੇ ਹਨ | ਇਸ ਸੰਬੰਧੀ ਸਾਰੀਆਂ ਅਥਾਰਟੀਆਂ ਵਿੱਚ ਜਨਤਕ ਸ਼ਿਕਾਇਤ ਨਿਵਾਰਨ ਪ੍ਰਣਾਲੀ (ਪੀ ਜੀ ਆਰ ਐੱਸ) ਸਬੰਧੀ ਪੋਰਟਲ ਲਾਗੂ ਕੀਤਾ ਗਿਆ ਹੈ, ਜਿਸ ਉਤੇ ਆਈਆਂ ਸ਼ਿਕਾਇਤਾਂ ਦਾ ਨਿਬੇੜਾ ਆਨਲਾਈਨ ਹੀ ਕੀਤਾ ਜਾ ਰਿਹਾ ਹੈ |
ਖੇਤੀਬਾੜੀ ਅਤੇ ਸਹਾਇਕ ਧੰਦਿਆਂ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਸਾਲ ਵਿੱਚ ਤੀਜੀ ਫਸਲ ਵਜੋਂ ਮੂੰਗੀ ਨੂੰ ਉਤਸ਼ਾਹਤ ਕੀਤਾ ਹੈ, ਜੋ ਇਸ ਵਰ੍ਹੇ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦੀ ਜਾ ਰਹੀ ਹੈ | ਇਸ ਨਾਲ ਕਿਸਾਨਾਂ ਨੂੰ ਪ੍ਰਤੀ ਏਕੜ 30,000 ਰੁਪਏ ਦੀ ਵਾਧੂ ਆਮਦਨ ਹੋਵੇਗੀ | ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਇਸ ਵਰ੍ਹੇ ਮੂੰਗੀ ਦੀ ਕਾਸ਼ਤ 54363 ਏਕੜ ਰਕਬੇ ਤੋਂ ਵਧ ਕੇ 1,28,495 ਏਕੜ ਵਿੱਚ ਹੋਈ ਹੈ | ਇਸੇ ਤਰ੍ਹਾਂ ਫਸਲੀ ਵਿਭਿੰਨਤਾ ਨੂੰ ਹੋਰ ਉਤਸ਼ਾਹਤ ਕੀਤਾ ਜਾਵੇਗਾ ਅਤੇ ਦਾਲਾਂ, ਮੱਕੀ, ਨਰਮਾ ਅਤੇ ਤੇਲ ਬੀਜਾਂ ਅਧੀਨ ਰਕਬੇ ਨੂੰ ਵਧਾਇਆ ਜਾਵੇਗਾ | ਇਸ ਨਾਲ ਜਿੱਥੇ ਧਰਤੀ ਹੇਠਲਾ ਕੀਮਤੀ ਪਾਣੀ ਬਚੇਗਾ, ਉਥੇ ਨਾਲ-ਨਾਲ ਮਿੱਟੀ ਦੀ ਗੁਣਵੱਤਾ ਸੁਧਰੇਗੀ |
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ 2 ਸਾਲਾਂ ਵਿੱਚ 7000 ਨਵੇਂ ਡੇਅਰੀ ਯੂਨਿਟ ਸਥਾਪਿਤ ਕੀਤੇ ਜਾਣਗੇ ਅਤੇ ਡੇਅਰੀ ਸੈਕਟਰ ਦੀ ਉੱਨਤੀ ਨਾਲ ਨੌਜਵਾਨਾਂ ਨੂੰ ਸੂਬੇ ਵਿੱਚ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਮਿਲਣਗੇ | ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਖੇਤੀਬਾੜੀ ਲਾਗਤਾਂ ਘਟਾਉਣ ਲਈ ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਪੱਧਰ ਉਤੇ, ਸਬਸਿਡੀ ਵਾਲੇ ਰੇਟਾਂ ਉਤੇ, ਵੱਡੀ ਪੂੰਜੀ ਲਾਗਤ ਵਾਲਾ ਬੁਨਿਆਦੀ ਢਾਂਚਾ ਕਾਇਮ ਕੀਤਾ ਜਾਵੇਗਾ | ਖੇਤੀਬਾੜੀ ਸੰਦਾਂ ਦੀ ਸੁਚੱਜੀ ਵਰਤੋਂ ਲਈ ਸਹਿਕਾਰਤਾ ਵਿਭਾਗ ਵੱਲੋਂ ‘ਕੋਆਪ੍ਰੇਟਿਵ ਮਸ਼ੀਨਰੀ ਟਰੈਕਰ ਐਪਲੀਕੇਸ਼ਨ’ ਵਿਕਸਤ ਕੀਤਾ ਗਿਆ ਹੈ | ਉਨ੍ਹਾ ਕਿਹਾ ਕਿ ਕਣਕ ਦੀ ਪਿਸਾਈ ਤੋਂ ਲੈ ਕੇ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਜਨਤਕ ਵੰਡ ਪ੍ਰਣਾਲੀ ਦੇ ਲਾਭਪਾਤਰੀਆਂ ਦੇ ਘਰ ਤੱਕ ਆਟੇ ਦੀ ਵੰਡ ਯਕੀਨੀ ਬਣਾਉਣ ਲਈ ਮਾਰਕਫੈੱਡ ਨੂੰ ਨੋਡਲ ਏਜੰਸੀ ਬਣਾਇਆ ਗਿਆ | ਉਨ੍ਹਾ ਦੱਸਿਆ ਕਿ ਆਉਣ ਵਾਲੇ ਵਿੱਤੀ ਸਾਲ ਦੌਰਾਨ ਗਿੱਦੜਬਾਹਾ ਵਿੱਚ 150 ਟੀ ਪੀ ਡੀ ਦੀ ਸਮਰੱਥਾ ਵਾਲਾ ਨਵਾਂ ਕੈਟਲ ਫੀਡ ਪਲਾਂਟ ਵੀ ਬਣ ਕੇ ਤਿਆਰ ਹੋ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਨੇ ਕੌਮੀ ਖੁਰਾਕ ਸੁਰੱਖਿਆ ਐਕਟ (ਐੱਨ ਐੱਫ ਐੱਸ ਏ) ਅਧੀਨ ਦਰਜ ਹਰੇਕ ਲਾਭਪਾਤਰੀ ਨੂੰ ਆਟਾ ਉਸ ਦੇ ਘਰੇ ਪਹੁੰਚਾਉਣ ਦਾ ਵਿਕਲਪ ਦੇਵੇਗੀ | ਜਿਹੜੇ ਲਾਭਪਾਤਰੀ ਐੱਫ ਪੀ ਐੱਸ ਤੋਂ ਆਪਣੀ ਬਣਦੀ ਕਣਕ ਦਸਤੀ ਤੌਰ ਉਤੇ ਲੈਣ ਦੇ ਇੱਛੁਕ ਹਨ, ਉਹ ਆਸਾਨੀ ਨਾਲ ਉਪਲੱਬਧ ਆਈ ਟੀ ਤਕਨੀਕ ਰਾਹੀਂ ਇਸ ਵਿਕਲਪ ਨੂੰ ਛੱਡ ਸਕਣਗੇ | ਇਸ ਸਕੀਮ ਰਾਹੀਂ 1, 57, 75, 569 ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚ ਕਰੇਗੀ ਅਤੇ ਉਨ੍ਹਾਂ ਨੂੰ ਚੰਗੀ ਗੁਣਵੱਤਾ ਵਾਲਾ ਆਟਾ ਮੁਹੱਈਆ ਕਰਵਾਏਗੀ |
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਅਤੇ ਅਮਨ-ਕਾਨੂੰਨ ਕਾਇਮ ਰੱਖਣ ਲਈ ਜਾਨਾਂ ਵਾਰਨ ਵਾਲੇ ਬਹਾਦਰ ਸੈਨਿਕਾਂ ਦੇ ਸਤਿਕਾਰ ਵਿਚ ਨਿਮਾਣਾ ਜਿਹੇ ਉਪਰਾਲੇ ਵਜੋਂ ਸ਼ਹੀਦ ਜਵਾਨਾਂ ਦੇ ਪਰਵਾਰਾਂ ਦਾ ਮਾਣ-ਭੱਤਾ ਵਧਾ ਕੇ ਇਕ ਕਰੋੜ ਰੁਪਏ ਕੀਤਾ ਗਿਆ ਹੈ | ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਮਹਿਕਮਿਆਂ/ ਬੋਰਡਾਂ/ ਕਾਰਪੋਰੇਸ਼ਨਾਂ/ ਏਜੰਸੀਆਂ ਵਿੱਚ ਖ਼ਾਲੀ ਪਈਆਂ 25 ਹਜ਼ਾਰ ਆਸਾਮੀਆਂ ਦਾ ਇਸ਼ਤਿਹਾਰ ਦੇਣ ਦਾ ਇਤਿਹਾਸਕ ਫੈਸਲਾ ਲਿਆ ਹੈ | ਸਰਕਾਰ ਨੇ ਆਪਣੇ ਪਹਿਲੇ 100 ਦਿਨਾਂ ਵਿੱਚ ਹੀ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਸਿੱਧੀਆਂ ਬੱਸਾਂ ਚਲਾ ਦਿੱਤੀਆਂ ਅਤੇ ਇਨ੍ਹਾਂ ਆਧੁਨਿਕ ਸਹੂਲਤਾਂ ਵਾਲੀਆਂ ਲਗਜ਼ਰੀ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਨਾਲਾਂ 50 ਫੀਸਦੀ ਘੱਟ ਹੈ, ਜਦੋਂ ਕਿ ਇਨ੍ਹਾਂ ਬੱਸਾਂ ਵਿੱਚ ਸਹੂਲਤਾਂ ਵੱਧ ਹਨ | ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਪਰਵਾਸੀ ਭਾਰਤੀਆਂ ਦੇ ਸਹਿਯੋਗ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਰਵਾਸੀ ਭਾਰਤੀ ਉਦਯੋਗਿਕ ਹੱਬ ਸਥਾਪਤ ਕਰਨ ਲਈ ਅੱਗੇ ਆਉਣ ਲਈ ਕਿਹਾ | ਉਹਨਾ ਕਿਹਾ ਕਿ ਉਨ੍ਹਾ ਦੀ ਸਰਕਾਰ 100 ਫੀਸਦੀ ਆਬਾਦੀ ਨੂੰ ਪੀਣ ਵਾਲੇ ਸਾਫ਼ ਪਾਣੀ ਅਤੇ ਸੀਵਰੇਜ ਸਹੂਲਤ ਨਾਲ ਜੋੜਨ ਲਈ ਸ਼ਿੱਦਤ ਨਾਲ ਯਤਨ ਕਰ ਰਹੀ ਹੈ | ਮਾਨ ਨੇ ਕਿਹਾ ਕਿ ਸੂਬੇ ਵਿੱਚ ਸਾਲ 2022-23 ਲਈ ਵੱਖ-ਵੱਖ ਸਕੀਮਾਂ ਅਧੀਨ 1.2 ਕਰੋੜ ਤੋਂ ਵੱਧ ਪੌਦੇ ਲਾ ਕੇ ਜੰਗਲਾਂ ਅਤੇ ਰੁੱਖਾਂ ਹੇਠ ਰਕਬੇ ਨੂੰ ਵਧਾਉਣ ਲਈ ਇੱਕ ਵਿਆਪਕ ਜੰਗਲਾਤ ਅਤੇ ਹਰਿਆਲੀ ਮੁਹਿੰਮ ਸੁਰੂ ਕੀਤੀ ਗਈ ਹੈ | ਮੁੱਖ ਮੰਤਰੀ ਨੇ ਦੱਸਿਆ ਕਿ ਕਾਗਜ਼ੀ ਰੂਪ ਵਿੱਚ ਸਟੈਂਪ ਪੇਪਰਾਂ ਨੂੰ ਖਤਮ ਕਰਨ ਦਾ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ ਅਤੇ ਇਸ ਦੀ ਥਾਂ ‘ਤੇ ਹਰੇਕ ਕੀਮਤ ਦੇ ਸਟੈਂਪ ਪੇਪਰ ਜਾਰੀ ਕਰਨ ਲਈ ਇਲੈਕਟ੍ਰਾਨਿਕ ਸਟੈਂਪ ਪ੍ਰਣਾਲੀ ਲਾਗੂ ਕੀਤੀ ਗਈ ਹੈ, ਜੋ ਕਿ ਪੰਜਾਬ ਸਰਕਾਰ ਦੁਆਰਾ ਅਧਿਕਾਰਤ ਕਿਸੇ ਵੀ ਸਟੈਂਪ ਵਿਕਰੇਤਾ ਜਾਂ ਬੈਂਕ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ | ਇਸ ਨਾਲ ਆਮ ਲੋਕਾਂ ਨੂੰ ਹਰ ਕੀਮਤ ਦੇ ਸਟੈਂਪ ਪੇਪਰ ਪ੍ਰਾਪਤ ਕਰਨੇ ਆਸਾਨ ਹੋ ਜਾਣਗੇ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਕਰੋੜਾਂ ਰੁਪਏ ਦੀ ਬਚਤ ਹੋਵੇਗੀ, ਜੋ ਸਟੈਂਪ ਪੇਪਰਾਂ ਦੀ ਛਪਾਈ ‘ਤੇ ਖਰਚ ਕੀਤੇ ਜਾਂਦੇ ਹਨ | ਆਪਣੀ ਸਰਕਾਰ ਨੂੰ ਮਿਲੇ ਸ਼ਾਨਦਾਰ ਫਤਵੇ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘ਮੈਂ ਲੋਕਾਂ ਦੇ ਇਸ ਫਤਵੇ ਅੱਗੇ ਸਿਰ ਝੁਕਾਉਂਦਾ ਹਾਂ, ਜਿਸ ਰਾਹੀਂ ਉਨ੍ਹਾਂ ਇਨ੍ਹਾਂ ਇਤਿਹਾਸਕ ਚੋਣਾਂ ਵਿੱਚ ਭਿ੍ਸ਼ਟਾਚਾਰ ਮੁਕਤ ਅਤੇ ਇਮਾਨਦਾਰ ਸਰਕਾਰ ਬਣਾਉਣ ਲਈ ਵੋਟ ਪਾਈ | ਲੋਕਾਂ ਨੇ ਜਾਤ, ਧਰਮ ਅਤੇ ਵਰਗ ਦੀਆਂ ਸੌੜੀਆਂ ਵਲਗਣਾਂ ਤੋਂ ਉੱਪਰ ਉੱਠ ਕੇ ਇਹ ਸਾਬਤ ਕਰ ਦਿੱਤਾ ਕਿ ਪੰਜਾਬ ਇਕ ਮਾਲਾ ਵਿਚ ਪ੍ਰੋਇਆ ਹੋਇਆ ਸੂਬਾ ਹੈ | ਮੈਂ ਲੋਕਾਂ ਨੂੰ ਯਕੀਨ ਦਿਵਾਉਂਦਾ ਹਾਂ ਕਿ ਉਨ੍ਹਾ ਦੀ ਸਰਕਾਰ ਹਰ ਉਸ ਉਮੀਦ ਉਤੇ ਖਰਾ ਉਤਰੇਗੀ, ਜਿਹੜੀਆਂ ਉਮੀਦਾਂ ਆਮ ਆਦਮੀ ਨੇ ਸਾਡੇ ਪਾਸੋਂ ਰੱਖੀਆਂ ਹੋਈਆਂ ਹਨ | ਸੂਬੇ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਅਸੀਂ ਕੋਈ ਕਸਰ ਬਾਕੀ ਨਹੀਂ ਛੱਡਾਂਗੇ |’

Related Articles

LEAVE A REPLY

Please enter your comment!
Please enter your name here

Latest Articles