ਜਲੰਧਰ : ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਮੁਲਕ ਦੀ ਜਾਣੀ-ਪਹਿਚਾਣੀ ਬੁੱਧੀਮਾਨ ਤੀਸਤਾ ਸੀਤਲਵਾੜ ਦੀ ਗਿ੍ਫਤਾਰੀ ਖਿਲਾਫ ਜ਼ੋਰਦਾਰ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਹੈ |
ਕਮੇਟੀ ਨੇ ਅਪੀਲ ਕੀਤੀ ਕਿ ਜਮਹੂਰੀ ਹੱਕਾਂ ਦੇ ਪਹਿਰੇਦਾਰ ਹਰ ਸੰਭਵ ਢੰਗ ਨਾਲ ਆਪਣੀ ਆਵਾਜ਼ ਉਠਾਉਂਦੇ ਹੋਏ ਤੀਸਤਾ ਸੀਤਲਵਾੜ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਨ |
ਗੁਜਰਾਤ ਦੇ ਦਹਿਸ਼ਤਵਾਦ ਵਿਰੋਧੀ ਦਸਤੇ ਨੇ ਮਨੁੱਖੀ ਹੱਕਾਂ ਦੀ ਸਿਰਕੱਢ ਕਾਰਕੁਨ ਤੀਸਤਾ ਸੀਤਲਵਾੜ ਦੇ ਮੁੰਬਈ ਸਥਿਤ ਘਰ ਵਿਖੇ ਛਾਪਾ ਮਾਰ ਕੇ ਉਸ ਨੂੰ ਹਿਰਾਸਤ ਵਿਚ ਲੈਣ ਅਤੇ ਤੀਸਤਾ ਤੋਂ ਇਲਾਵਾ ਗੁਜਰਾਤ ਦੇ ਇਕ ਰਿਟਾਇਰਡ ਡੀ ਜੀ ਪੀ ਸ੍ਰੀ ਆਰ ਬੀ ਸ੍ਰੀਕੁਮਾਰ ਨੂੰ ਵੀ ਇਸੇ ਕੇਸ ਵਿਚ ਗਿ੍ਫ਼ਤਾਰ ਕੀਤਾ ਗਿਆ ਹੈ | ਯਾਦ ਰਹੇ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਕ ਇੰਟਰਵਿਊ ਵਿਚ ਦੋਸ਼ ਲਗਾਇਆ ਸੀ ਕਿ ਤੀਸਤਾ ਨੇ ਗੁਜਰਾਤ ਵਿਚ 2002 ‘ਚ ਮੁਸਲਮਾਨਾਂ ਦੇ ਕਤਲੇਆਮ ਬਾਰੇ ਪੁਲਸ ਨੂੰ ਬੇਬੁਨਿਆਦ ਜਾਣਕਾਰੀ ਦੇ ਕੇ ਗੰੁਮਰਾਹ ਕੀਤਾ ਸੀ | ਇਹ ਇਸ਼ਾਰਾ ਸੀ ਕਿ ਹੁਣ ਉਨ੍ਹਾਂ ਕਾਰਕੁਨਾਂ ਨੂੰ ਮੁਕੱਦਮਿਆਂ ਵਿਚ ਫਸਾ ਕੇ ਜੇਲ੍ਹਾਂ ਵਿਚ ਸਾੜਿਆ ਜਾਵੇਗਾ, ਜੋ ਗੁਜਰਾਤ ਵਿਚ ਨਰਿੰਦਰ ਮੋਦੀ ਦੀ ਹਕੂਮਤ ਵੱਲੋਂ 2002 ਵਿਚ ਘੱਟ ਗਿਣਤੀ ਮੁਸਲਮਾਨਾਂ ਦੀ ਨਸਲਕੁਸ਼ੀ ਦੇ ਪੀੜਤਾਂ ਦੀ ਮਦਦ ਕਰ ਰਹੇ ਹਨ | ਆਈ ਪੀ ਐੱਸ ਅਧਿਕਾਰੀ ਸੰਜੀਵ ਭੱਟ ਪਹਿਲਾਂ ਹੀ ਜੇਲ੍ਹ ਵਿਚ ਡੱਕੇ ਹੋਏ ਹਨ | ਸਾਬਕਾ ਡੀ ਜੀ ਸ੍ਰੀਕੁਮਾਰ ਨੇ ਤਤਕਾਲੀ ਮੋਦੀ ਸਰਕਾਰ ‘ਤੇ 2002 ਦੇ ਗੁਜਰਾਤ ਕਤਲੇਆਮ ਦੌਰਾਨ ਪੁਲਸ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕਣ ਦਾ ਦੋਸ਼ ਲਾਇਆ ਸੀ |
ਤੀਸਤਾ ਸੀਤਲਵਾੜ ਅਤੇ ਉਸ ਦੀ ਟੀਮ 2002 ਕਤਲੇਆਮ ਦੇ ਦੋਸ਼ੀਆਂ ਨੂੰ ਕਟਹਿਰੇ ਵਿਚ ਖੜ੍ਹਾ ਕਰਨ ਅਤੇ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੜ ਰਹੀ ਸੀ | ਬਹੁਤ ਸਾਰੀਆਂ ਆਜ਼ਾਦਾਨਾ ਜਾਂਚ ਟੀਮਾਂ ਨੇ ਆਪਣੀਆਂ ਜਾਂਚ ਰਿਪੋਰਟਾਂ ਵਿਚ ਤੱਥਾਂ ਦੇ ਆਧਾਰ ‘ਤੇ ਸਾਬਤ ਕੀਤਾ ਹੈ ਕਿ ਮੋਦੀ ਵੱਲੋਂ ਅਧਿਕਾਰੀਆਂ ਦੀ ਸਪੈਸ਼ਲ ਮੀਟਿੰਗ ਬੁਲਾ ਕੇ ਉਨ੍ਹਾਂ ਨੂੰ ਹਿੰਦੂਤਵੀ ਹਿੰਸਕ ਭੀੜਾਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਦੀਆਂ ਜ਼ੁਬਾਨੀ ਹਦਾਇਤਾਂ ਦਿੱਤੀਆਂ ਗਈਆਂ ਸਨ | ਇਸ ਦੇ ਵਿਸਤਾਰ ‘ਚ ਖੁਲਾਸੇ ਆਪਣੀ ਮਸ਼ਹੂਰ ਕਿਤਾਬ ‘ਗੁਜਰਾਤ ਫ਼ਾਈਲਾਂ’ ਵਿਚ ਨਿਧੜਕ ਪੱਤਰਕਾਰ ਰਾਣਾ ਅਯੂਬ ਨੇ ਵੀ ਕੀਤੇ ਹਨ, ਜਿਸ ਵਿਚ ਮੁਸਲਮਾਨਾਂ ਦੀ ਨਸਲਕੁਸ਼ੀ ਵਿਚ ਨਰਿੰਦਰ ਮੋਦੀ ਦੀ ਮੁੱਖ ਮੰਤਰੀ ਦੀ ਹੈਸੀਅਤ ਵਿਚ ਮੋਹਰੀ ਭੂਮਿਕਾ ਸਾਬਤ ਕੀਤੀ ਗਈ ਹੈ |
ਇਨ੍ਹਾਂ ਤਮਾਮ ਤੱਥਾਂ ਦੇ ਬਾਵਜੂਦ, ਵਿਸ਼ੇਸ਼ ਜਾਂਚ-ਪੜਤਾਲ ਟੀਮ ਵੱਲੋਂ ਨਰਿੰਦਰ ਮੋਦੀ ਅਤੇ ਹੋਰ ਬਹੁਤ ਸਾਰੇ ਦੋਸ਼ੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ | ਸਾਬਕਾ ਕਾਂਗਰਸੀ ਸਾਂਸਦ ਅਹਿਸਾਨ ਜਾਫ਼ਰੀ ਦੀ ਪਤਨੀ ਜ਼ਕੀਆ ਜਾਫ਼ਰੀ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਕਲੀਨ ਚਿੱਟ ਨੂੰ ਚੁਣੌਤੀ ਦਿੱਤੀ ਸੀ, ਜਿਸ ਦੇ ਪਤੀ ਨੂੰ ਹਿੰਦੂਤਵੀ ਭੀੜਾਂ ਨੇ ਉਸ ਦੇ ਘਰ ਉੱਪਰ ਹਮਲਾ ਕਰਕੇ ਹੋਰ ਬਹੁਤ ਸਾਰੇ ਮੁਸਲਮਾਨਾਂ ਸਮੇਤ ਜ਼ਿੰਦਾ ਸਾੜ ਦਿੱਤਾ ਸੀ | ਤੀਸਤਾ ਅਤੇ ਉਸ ਦੀ ਲੀਗਲ ਟੀਮ ਜ਼ਕੀਆ ਜਾਫ਼ਰੀ ਨਾਲ ਡਟ ਕੇ ਖੜ੍ਹੀ ਸੀ ਅਤੇ ਮਦਦ ਕਰ ਰਹੀ ਸੀ | ਲੰਘੇ ਸ਼ੁੱਕਰਵਾਰ ਸੁਪਰੀਮ ਕੋਰਟ ਵੱਲੋਂ ਜ਼ਕੀਆ ਜਾਫ਼ਰੀ ਦੀ ਕਲੀਨ ਚਿੱਟ ਖਾਰਜ ਕਰ ਦਿੱਤੀ ਗਈ |
ਹਰ ਇਨਸਾਫ਼ਪਸੰਦ ਵਿਅਕਤੀ ਨੂੰ ਤੀਸਤਾ ਸੀਤਲਵਾੜ ਦੀ ਗਿ੍ਫ਼ਤਾਰੀ ਵਿਰੁੱਧ ਜ਼ੋਰਦਾਰ ਆਵਾਜ਼ ਉਠਾਉਣੀ ਚਾਹੀਦੀ ਹੈ | ਸੁਪਰੀਮ ਕੋਰਟ ਵੱਲੋਂ ਕਲੀਨ ਚਿੱਟ ਉੱਪਰ ਲਗਾਈ ਹਾਲੀਆ ਮੋਹਰ ਸਾਫ਼ ਇਸ਼ਾਰਾ ਹੈ ਕਿ ਭਾਰਤੀ ਅਦਾਲਤੀ ਪ੍ਰਣਾਲੀ ਮਜ਼ਲੂਮਾਂ ਨੂੰ ਨਿਆਂ ਨਹੀਂ ਦੇ ਰਹੀ |
ਦੇਸ਼ ਭਗਤ ਯਾਦਗਾਰ ਕਮੇਟੀ ਨੇ ਸਮੂਹ ਲੋਕ-ਪੱਖੀ ਅਤੇ ਨਿਆਂਪਸੰਦ ਤਾਕਤਾਂ, ਵਿਅਕਤੀਆਂ ਨੂੰ ਮਜ਼ਲੂਮਾਂ ਦੀ ਢਾਲ ਬਣਨ ਲਈ ਫਿਰਕੂ, ਫਾਸ਼ੀ ਹੱਲੇ ਅਤੇ ਹਕੂਮਤੀ ਦਹਿਸ਼ਤਗਰਦੀ ਖਿਲਾਫ ਜ਼ੋਰਦਾਰ ਆਵਾਜ ਬੁਲੰਦ ਕਰਨ ਦੀ ਅਪੀਲ ਕੀਤੀ ਹੈ |