ਅੰਮਿ੍ਤਸਰ : ਬੰਦੀ ਸਿੱਖਾਂ ਦੀ ਰਿਹਾਈ ਲਈ ਬਣੀ ਗਿਆਰਾਂ ਮੈਂਬਰੀ ਕਮੇਟੀ ਨੇ ਵੀਰਵਾਰ ਫੈਸਲਾ ਕੀਤਾ ਕਿ ਉਹ ਅਗਲੇ 15 ਦਿਨਾਂ ਵਿਚ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲੇਗੀ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਿਆਰਾਂ ਮੈਂਬਰੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਦੱਸਿਆ ਕਿ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਪਹਿਲਾਂ ਬੰਦੀ ਸਿੱਖਾਂ ਦੀ ਸੂਚੀ ਤਿਆਰ ਕੀਤੀ ਜਾਵੇਗੀ | ਇਸ ਵੇਲੇ 22 ਸਿੱਖਾਂ ਦੀ ਸੂਚੀ ਤਿਆਰ ਹੈ, ਜਿਸ ਵਿੱਚੋਂ 9 ਬੰਦੀ ਸਿੱਖ 25 ਸਾਲ ਤੋਂ ਵਧੇਰੇ ਕੈਦ ਕੱਟ ਚੁੱਕੇ ਹਨ | ਇਹ ਕਮੇਟੀ ਗੁਰਦੀਪ ਸਿੰਘ ਖੈੜਾ ਦੀ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਅਤੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਦਿੱਲੀ ਦੇ ਮੁੱਖ ਮੰਤਰੀ ਨੂੰ ਵੀ ਮਿਲੇਗੀ |





