16.2 C
Jalandhar
Friday, December 27, 2024
spot_img

ਸ਼ਹੀਦ ਊਧਮ ਸਿੰਘ, ਭਗਤ ਸਿੰਘ ਤੇ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਜ਼ੋਰਦਾਰ ਵਕਾਲਤ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ ਕੀਤੀ, ਜਿਨ੍ਹਾਂ ਆਪਣੇ ਵਤਨ ਦੀ ਖਾਤਰ ਲਾਮਿਸਾਲ ਕੁਰਬਾਨੀਆਂ ਦਿੱਤੀਆਂ।
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾ ਦੀ ਯਾਦਗਾਰ ਉਤੇ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਨਾਲ ਸਗੋਂ ਇਸ ਐਵਾਰਡ ਦਾ ਮਾਣ ਹੋਰ ਵਧੇਗਾ। ਉਨ੍ਹਾ ਕਿਹਾ ਕਿ ਇਹ ਸ਼ਹੀਦ ਹੀ ਇਸ ਐਵਾਰਡ ਦੇ ਅਸਲ ਹੱਕਦਾਰ ਹਨ, ਕਿਉਂਕਿ ਉਨ੍ਹਾਂ ਆਪਣੇ ਦੇਸ਼ ਨੂੰ ਵਿਦੇਸ਼ੀ ਤਾਕਤਾਂ ਦੇ ਚੁੰਗਲ ਵਿੱਚੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ।
ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਅਖੌਤੀ ਰਾਸ਼ਟਰਵਾਦੀ ਕੇਂਦਰ ਸਰਕਾਰ ਨੇ ਇਨ੍ਹਾਂ ਮਹਾਨ ਸਪੂਤਾਂ ਦਾ ਸਨਮਾਨ ਕਰਨ ਦੀ ਕਦੇ ਵੀ ਪ੍ਰਵਾਹ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਲਟਾ ਮੌਜੂਦਾ ਕੇਂਦਰ ਸਰਕਾਰ ਮੁਲਕ ਵਿੱਚ ਜਮਹੂਰੀਅਤ ਦਾ ਘਾਣ ਕਰਕੇ ਇਨ੍ਹਾਂ ਸ਼ਹੀਦਾਂ ਦੀ ਵਿਰਾਸਤ ਨੂੰ ਢਾਹ ਲਾ ਰਹੀ ਹੈ। ਇਨ੍ਹਾਂ ਵਤਨਪ੍ਰਸਤਾਂ ਨੇ ਦੇਸ਼ ਦੀ ਆਜ਼ਾਦੀ ਅਤੇ ਜਮਹੂਰੀਅਤ ਦੀ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ, ਪਰ ਬਦਕਿਸਮਤੀ ਨਾਲ ਕੇਂਦਰ ਸਰਕਾਰ ਆਰਡੀਨੈਂਸਾਂ ਰਾਹੀਂ ਜਮਹੂਰੀ ਪ੍ਰਣਾਲੀ ਨੂੰ ਖਤਰੇ ਵਿਚ ਪਾ ਰਹੀ ਹੈ। ਇਹ ਕਦਮ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਦੇਸ਼ ਭਗਤਾਂ ਵੱਲੋਂ ਦੇਸ਼ ਲਈ ਲਏ ਸੁਪਨਿਆਂ ਦੇ ਬਿਲਕੁਲ ਉਲਟ ਹੈ।
ਉਨ੍ਹਾ ਕਿਹਾ ਕਿ ਸ਼ਹੀਦ ਊਧਮ ਸਿੰਘ ਮਹਾਨ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓਡਵਾਇਰ ਨੂੰ ਮਾਰ ਕੇ ਬਹਾਦਰੀ ਦਾ ਸਬੂਤ ਦਿੱਤਾ। ਕੌਮੀ ਆਜ਼ਾਦੀ ਸੰਘਰਸ਼ ਵਿੱਚ ਇਸ ਮਹਾਨ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਹੋਣ ਵਿੱਚ ਮਦਦ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਵਿਖੇ ਹੋਏ ਸਾਕੇ ਦਾ ਬਦਲਾ ਲੈਣ ਲਈ 21 ਸਾਲ ਉਡੀਕ ਕੀਤੀ ਅਤੇ ਇਸ ਤਰ੍ਹਾਂ ਦੇਸ਼ ਦੀ ਆਜ਼ਾਦੀ ਦੀ ਨੀਂਹ ਰੱਖੀ। ਉਹ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਅਜਿਹੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਅੱਗੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਨ, ਜਿਨ੍ਹਾਂ ਸੂਰਬੀਰਤਾ ਦਿਖਾਉਂਦਿਆਂ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਉਨ੍ਹਾ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਅਮੀਰ ਵਿਰਾਸਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦੇਣ ਲਈ ਚਾਨਣ ਮੁਨਾਰੇ ਦਾ ਕੰਮ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਲੰਡਨ ਤੋਂ ਸ਼ਹੀਦ ਊਧਮ ਸਿੰਘ ਦਾ ਨਿੱਜੀ ਸਮਾਨ ਵਾਪਸ ਲਿਆਉਣ ਲਈ ਸਿਰਤੋੜ ਯਤਨ ਕਰੇਗੀ। ਸੂਬਾ ਸਰਕਾਰ ਇਨ੍ਹਾਂ ਮਸਲਿਆਂ ਨੂੰ ਸਾਰੇ ਸੰਬੰਧਤ ਮੰਚਾਂ ’ਤੇ ਉਠਾਏਗੀ, ਤਾਂ ਜੋ ਇਸ ਸਮਾਨ ਨੂੰ ਛੇਤੀ ਤੋਂ ਛੇਤੀ ਵਾਪਸ ਲਿਆਂਦਾ ਜਾ ਸਕੇ। ਉਹਨਾ ਕਿਹਾ ਕਿ ਪਾਕਿਸਤਾਨ ਵਿੱਚ ਪਈਆਂ ਸ਼ਹੀਦ ਭਗਤ ਸਿੰਘ ਨਾਲ ਜੁੜੀਆਂ ਵਸਤਾਂ ਨੂੰ ਵੀ ਵਾਪਸ ਲਿਆਂਦਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਵੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles