ਨਵੀਂ ਦਿੱਲੀ : ਮਨੀਪੁਰ ਮਾਮਲੇ ’ਤੇ ਦਖਲ ਦੀ ਮੰਗ ਕਰਨ ਲਈ ਵਿਰੋਧੀ ਧਿਰ ਦੇ ਨੇਤਾਵਾਂ ਨੇ ਬੁੱਧਵਾਰ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੀ ਤਰਫੋਂ ਰਾਸ਼ਟਰਪਤੀ ਮੁਰਮੂ ਤੋਂ ਸਮਾਂ ਮੰਗਿਆ ਸੀ। ਵਿਰੋਧੀ ਪਾਰਟੀਆਂ ਨੇ ਰਾਸ਼ਟਰਪਤੀ ਦੇ ਦਖਲ ਦੀ ਮੰਗ ਕਰਦਿਆਂ ਕਿਹਾ ਕਿ ਭਾਜਪਾ ਸ਼ਾਸਤ ਉੱਤਰ-ਪੂਰਬੀ ਰਾਜ ’ਚ ਹਿੰਸਾ ਜਾਰੀ ਹੈ। ਵਿਰੋਧੀ ਗੱਠਜੋੜ ‘ਇੰਡੀਆ’ ਦੇ ਕੁਝ ਸੰਸਦ ਮੈਂਬਰ, ਜੋ 29-30 ਜੁਲਾਈ ਨੂੰ ਮਨੀਪੁਰ ਗਏ ਸਨ, ਰਾਸ਼ਟਰਪਤੀ ਨੂੰ ਮਿਲਣ ਵਾਲੇ ਵਫਦ ਦਾ ਹਿੱਸਾ ਸਨ। ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਖੜਗੇ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਹਰਿਆਣਾ ’ਚ ਹੋਏ ਦੰਗਿਆਂ ਬਾਰੇ ਵੀ ਰਾਸ਼ਟਰਪਤੀ ਨੂੰ ਜਾਣੂ ਕਰਵਾਇਆ। ਉਨ੍ਹਾਂ ਇਹ ਵੀ ਕਿਹਾ ਕਿ ਮਨੀਪੁਰ ’ਚ ਸ਼ਾਂਤੀ ਬਹਾਲੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਨੀਪੁਰ ਦਾ ਦੌਰਾ ਕਰਨ ਦੇ ਨਾਲ-ਨਾਲ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ।




