ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਬੁੱਧਵਾਰ ਸੁਣਵਾਈ ਸ਼ੁਰੂ ਕਰ ਦਿੱਤੀ। ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲਾ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਕਰੇਗਾ। ਬੈਂਚ ’ਚ ਜਸਟਿਸ ਸੰਜੈ ਕਿਸ਼ਨ ਕੌਲ, ਜਸਟਿਸ ਸੰਜੀਵ ਖੰਨਾ, ਜਸਟਿਸ ਬੀ ਆਰ ਗਵਈ ਅਤੇ ਜਸਟਿਸ ਸੂਰੀਆ ਕਾਂਤ ਸ਼ਾਮਲ ਹਨ।
ਸੀਨੀਅਰ ਵਕੀਲ ਕਪਿਲ ਸਿੱਬਲ ਨੇ ਬਹਿਸ ਕਰਦਿਆਂ ਕਿਹਾ ਕਿ ਸੰਸਦ ਧਾਰਾ 370 ਨੂੰ ਖਤਮ ਕਰਨ ਲਈ ਖੁਦ ਨੂੰ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਨਹੀਂ ਐਲਾਨ ਸਕਦੀ, ਕਿਉਕਿ ਸੰਵਿਧਾਨ ਦੀ ਧਾਰਾ 354 ਇਸ ਦਾ ਅਧਿਕਾਰ ਨਹੀਂ ਦਿੰਦੀ। ਉਨ੍ਹਾ ਕਿਹਾ ਕਿ ਰਾਜ ਲਈ ਨਿਵੇਕਲੇ ਸੰਵਿਧਾਨਕ ਢਾਂਚੇ ਨੂੰ ਗਵਰਨਰ ਤੇ ਸੰਸਦ ਨੇ ਜੰਮੂ-ਕਸ਼ਮੀਰ ਰਾਜ ਨਾਲ ਕੋਈ ਸਲਾਹ-ਮਸ਼ਵਰਾ ਕੀਤੇ ਬਿਨਾਂ ਅਚਾਨਕ ਖਤਮ ਕਰ ਦਿੱਤਾ। ਵੀਰਵਾਰ ਸਾਢੇ ਦੱਸ ਵਜੇ ਤੋਂ ਅੱਗੇ ਸੁਣਵਾਈ ਹੋਵੇਗੀ।