ਲੁਧਿਆਣਾ. ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੇ ਨਿਰਮਾਣ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ। ਇਸ ਸਕੀਮ ਤਹਿਤ ਹਰੇਕ ਲਾਭਪਾਤਰੀ ਨੂੰ 1.75 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।
ਇਨ੍ਹਾਂ ਲਾਭਪਾਤਰੀਆਂ ਨੂੰ ਚੈੱਕ ਸੌਂਪਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਤਬਕਿਆਂ ਖਾਸ ਕਰਕੇ ਆਰਥਿਕ ਤੌਰ ਉਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਤੋਂ ਪਹਿਲਾਂ ਦੇ ਮੁੱਖ ਮੰਤਰੀ ਤੇ ਮੰਤਰੀ ਖਜ਼ਾਨਾ ਖਾਲੀ ਹੋਣ ਦਾ ਢੰਡੋਰਾ ਪਿੱਟਦੇ ਸਨ, ਪਰ ਉਨ੍ਹਾਂ ਦੀ ਸਰਕਾਰ ਸੂਬੇ ਦੇ ਖਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਉਤੇ ਖਰਚ ਰਹੀ ਹੈ। ਪਿਛਲ਼ੀਆਂ ਸਰਕਾਰਾਂ ਸਮੇਂ ਇਹ ਫੰਡ ਭਿ੍ਰਸ਼ਟ ਨੇਤਾਵਾਂ ਦੀਆਂ ਜੇਬਾਂ ਵਿਚ ਜਾਂਦੇ ਸਨ, ਪਰ ਉਨ੍ਹਾਂ ਦੀ ਸਰਕਾਰ ਨੇ ਚੋਰ-ਮੋਰੀਆਂ ਨੂੰ ਸਖਤੀ ਨਾਲ ਬੰਦ ਕਰ ਦਿੱਤਾ, ਜਿਸ ਕਰਕੇ ਹੁਣ ਇਹ ਫੰਡ ਲੋਕਾਂ ਦੀ ਭਲਾਈ ਲਈ ਵਰਤੇ ਜਾਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸ਼ਹਿਰ ਦੀ ਸਫਾਈ ਤੇ ਹੋਰ ਕਾਰਜਾਂ ਲਈ ਲੁਧਿਆਣਾ ਨਗਰ ਨਿਗਮ ਲਈ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾ ਅੱਗੇ ਕਿਹਾ ਕਿ ਪਿੰਡਾਂ ਵਿਚ ਸਫਾਈ ਅਤੇ ਹੋਰ ਕੰਮਾਂ ਲਈ ਸੂਬਾ ਸਰਕਾਰ ਵੱਲੋਂ ਹਰੇਕ ਪੰਚਾਇਤ ਨੂੰ ਟਰੈਕਟਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾ ਕਿਹਾ ਕਿ ਪਹਿਲੇ ਪੜਾਅ ਵਿਚ ਵੱਡੇ ਪਿੰਡਾਂ ਨੂੰ ਟਰੈਕਟਰ ਦਿੱਤੇ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਪਿੰਡਾਂ ਵਿਚ ਵਿਕਾਸ ਕੰਮਾਂ ਤੋਂ ਇਲਾਵਾ ਇਹ ਟਰੈਕਟਰ ਖੇਤੀਬਾੜੀ ਮੰਤਵ ਲਈ ਬਿਨਾਂ ਟਰੈਕਟਰ ਵਾਲੇ ਕਿਸਾਨਾਂ ਲਈ ਮਦਦਗਾਰ ਹੋਣਗੇ।





