ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ‘ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਲੋਕਾਂ ਨੂੰ ਇਕ-ਇਕ ਪੈਸੇ ਦਾ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ‘ਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ‘ਚ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕਮੀ ਨਹੀਂ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਨੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਹੋਏ ਹਨ ਤਾਂ ਕਿ ਸੂਬੇ ‘ਚ ਹੜ੍ਹਾਂ ਦੇ ਨੁਕਸਾਨ ਦਾ ਅਨੁਮਾਨ ਲਾਇਆ ਜਾ ਸਕੇ | ਉਨ੍ਹਾ ਅਧਿਕਾਰੀਆਂ ਨੂੰ 15 ਅਗਸਤ ਤੱਕ ਹਰ ਹੀਲੇ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਨ ਦੇ ਹੁਕਮ ਦਿੱਤੇ | ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਫਸਲਾਂ, ਪਸ਼ੂ, ਘਰ ਜਾਂ ਹੋਰ ਸੰਬੰਧਤ ਸਾਜ਼ੋ-ਸਮਾਨ ਦੇ ਨੁਕਸਾਨ ਦੀ ਭਰਪਾਈ ਮੁਆਵਜ਼ਾ ਦੇ ਕੇ ਕਰੇਗੀ | ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੇ 19 ਜ਼ਿਲਿ੍ਹਆਂ ‘ਚ 1495 ਪਿੰਡ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ | ਉਨ੍ਹਾ ਕਿਹਾ ਕਿ ਸੂਬਾ ਭਰ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਕ 44 ਵਿਅਕਤੀਆਂ ਦੀ ਜਾਨ ਚਲੀ ਗਈ ਜਦਕਿ 22 ਵਿਅਕਤੀ ਜ਼ਖਮੀ ਹੋਏ ਹਨ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ, 878 ਘਰਾਂ ਨੂੰ ਕੁਝ ਹੱਦ ਤੱਕ ਨੁਕਸਾਨ ਪਹੰਚਿਆ ਅਤੇ 1277 ਵਿਅਕਤੀਆਂ ਨੂੰ ਹੜ੍ਹਾਂ ਦੌਰਾਨ ਸਥਾਪਤ ਕੀਤੇ 159 ਰਾਹਤ ਕੈਂਪਾਂ ‘ਚ ਟਿਕਾਣਾ ਕਰਨਾ ਪਿਆ | ਭਗਵੰਤ ਮਾਨ ਨੇ ਕਿਹਾ ਕਿ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ | ਮੀਟਿੰਗ ‘ਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਮੁੱਖ ਸਕੱਤਰ ਅਨੁਰਾਗ ਵਰਮਾ ਤੇ ਹੋਰ ਹਾਜ਼ਰ ਸਨ |





