ਨਵੀਂ ਦਿੱਲੀ : ਸਨਅਤਕਾਰ ਮੁਕੇਸ਼ ਅੰਬਾਨੀ ਤੇ ਉਨ੍ਹਾ ਦੇ ਪਰਵਾਰਕ ਮੈਂਬਰਾਂ ਨੂੰ ਮੁੰਬਈ ਵਿੱਚ ਸੁਰੱਖਿਆ ਮੁਹੱਈਆ ਕਰਵਾਉਣ ਦੇ ਫੈਸਲੇ ਖਿਲਾਫ ਦਾਇਰ ਜਨਹਿੱਤ ਪਟੀਸ਼ਨ ‘ਤੇ ਤਿ੍ਪੁਰਾ ਹਾਈ ਕੋਰਟ ਦੇ ਹੁਕਮਾਂ ਨੂੰ ਕੇਂਦਰ ਸਰਕਾਰ ਵੱਲੋਂ ਚੁਣੌਤੀ ਦਿੰਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਸੁਣਵਾਈ ਲਈ ਸਹਿਮਤ ਹੋ ਗਈ ਹੈ | ਸੁਪਰੀਮ ਕੋਰਟ 28 ਜੂਨ ਨੂੰ ਇਸ ਮਸਲੇ ‘ਤੇ ਸੁਣਵਾਈ ਕਰੇਗੀ | ਜਸਟਿਸ ਸੂਰੀਆ ਕਾਂਤ ਤੇ ਜਸਟਿਸ ਜੇ ਬੀ ਪਰਦੀਵਾਲਾ ਦੀ ਵੇਕੇਸ਼ਨ ਬੈਂਚ ਨੂੰ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਹਾਈ ਕੋਰਟ ਨੂੰ ਅਜਿਹੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਦਾ ਕੋਈ ਅਧਿਕਾਰ ਨਹੀਂ, ਕਿਉਂਕਿ ਕੇਂਦਰ ਵੱਲੋਂ ਮਹਾਰਾਸ਼ਟਰ ਸਰਕਾਰ ਦੀ ਸਿਫਾਰਸ਼ ‘ਤੇ ਅੰਬਾਨੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਫੈਸਲੇ ਨਾਲ ਸੂਬਾ ਸਰਕਾਰ ਦਾ ਕੋਈ ਲਾਗਾ-ਦੇਗਾ ਨਹੀਂ | ਮਹਿਤਾ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਸ ਮਸਲੇ ‘ਤੇ ਜਲਦੀ ਸੁਣਵਾਈ ਹੋਵੇ, ਕਿਉਂਕਿ ਹਾਈ ਕੋਰਟ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੂੰ ਮੰਗਲਵਾਰ ਲਈ ਸੰਮਨ ਕਰ ਚੁੱਕੀ ਹੈ |




