ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦਿੱਲੀ ਸਰਵਿਸਿਜ਼ ਬਿੱਲ ਨਾਲ ਸੰਬੰਧਤ ਮਤੇ ਵਿਚ ਪੰਜ ਸੰਸਦ ਮੈਂਬਰਾਂ ਦੇ ਜਾਲ੍ਹੀ ਦਸਤਖਤ ਕਰਾਉਣ ਦੇ ਭਾਜਪਾ ਦੇ ਦੋਸ਼ਾਂ ਦਾ ਵੀਰਵਾਰ ਜਵਾਬ ਦਿੰਦਿਆਂ ਕਿਹਾ ਕਿ ਉਹ ਉਨ੍ਹਾ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਚਾਰ ਸੰਸਦ ਮੈਂਬਰਾਂ ਨੇ ਚੱਢਾ ’ਤੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਸਿਲੈਕਟ ਕਮੇਟੀ ਦੇ ਗਠਨ ਲਈ ਉਨ੍ਹਾਂ ਦੇ ਨਾਂਅ ਪ੍ਰਸਤਾਵਤ ਕਰਨ ਦਾ ਦੋਸ਼ ਲਗਾਇਆ ਸੀ ਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਉਨ੍ਹਾਂ ਸੰਸਦ ਮੈਂਬਰਾਂ ਦੀਆਂ ਸ਼ਿਕਾਇਤਾਂ ਦਾ ਹਵਾਲਾ ਦਿੰਦੇ ਹੋਏ ਮਾਮਲੇ ਨੂੰ ਜਾਂਚ ਲਈ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜ ਦਿੱਤਾ। ਇਸ ਘਟਨਾਕ੍ਰਮ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ’ਚ ‘ਆਪ’ ਨੇਤਾ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਕਮੇਟੀ ਅਤੇ ਅਦਾਲਤ ਤੱਕ ਪਹੁੰਚ ਕਰਨਗੇ। ਉਨ੍ਹਾ ਪ੍ਰੈੱਸ ਕਾਨਫਰੰਸ ’ਚ ਇਹ ਵੀ ਕਿਹਾ ਕਿ ਇਹ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਰਾਜ ਸਭਾ ’ਚ ਸਿਲੈਕਟ ਕਮੇਟੀ ਦੇ ਮੈਂਬਰਾਂ ਦੀ ਨਾਮਜ਼ਦਗੀ ਲਈ ਦਸਤਖਤ ਅਤੇ ਲਿਖਤੀ ਸਹਿਮਤੀ ਦੀ ਲੋੜ ਹੁੰਦੀ ਹੈ। ਚੱਢਾ ਨੇ ਕਿਹਾਮੈਂ ਭਾਜਪਾ ਦੇ ਉਨ੍ਹਾਂ ਲੋਕ ਸਭਾ ਮੈਂਬਰਾਂ ਵਿਰੁੱਧ ਵਿਸ਼ੇਸ ਅਧਿਕਾਰ ਕਮੇਟੀ ਅਤੇ ਅਦਾਲਤ ਤੱਕ ਪਹੁੰਚ ਕਰਾਂਗਾ, ਜਿਨ੍ਹਾਂ ਮੇਰੇ ’ਤੇ ਜਾਲ੍ਹਸਾਜ਼ੀ ਦੇ ਝੂਠੇ ਦੋਸ਼ ਲਾਏ ਹਨ।





