ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਸਾਲ 2022-23 ਦੇ ਸੂਬਾ ਸਰਕਾਰ ਦੇ ਕਰ ਮੁਕਤ ਬੱਜਟ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਨਵੇਂ ਪੰਜਾਬ ਲਈ ਰੂਪ-ਰੇਖਾ ਉਲੀਕਣ ਵਾਲਾ ਦੱਸਿਆ |
ਮੁੱਖ ਮੰਤਰੀ ਨੇ ਕਿਹਾ, ‘ਆਮ ਆਦਮੀ ਨਾਲ ਵਿਚਾਰ-ਵਟਾਂਦਰਾ ਕਰ ਕੇ ਬਣਾਇਆ ਇਤਿਹਾਸਕ ਬੱਜਟ ਪੇਸ਼ ਕਰਨ ਲਈ ਮੈਂ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਵਧਾਈ ਦਿੰਦਾ ਹਾਂ |’
ਬੱਜਟ ਨੂੰ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਝਲਕਾਰਾ ਪੇਸ਼ ਕਰਨ ਵਾਲਾ ਸੰਤੁਲਿਤ ਤੇ ਵਿਕਾਸ ਨੂੰ ਹੁਲਾਰਾ ਦੇਣ ਵਾਲਾ ਦੱਸਦਿਆਂ ਮੁੱਖ ਮੰਤਰੀ ਨੇ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਸਿੱਖਿਆ, ਸਿਹਤ, ਖੇਤੀਬਾੜੀ ਤੇ ਵਣਜ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਜਨਤਾ ਦਾ ਬੱਜਟ ਬਣਾਇਆ ਗਿਆ ਹੈ | ਉਨ੍ਹਾ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਨੂੰ ਜਲਦੀ ਪੂਰਾ ਕਰੇਗੀ | ਭਗਵੰਤ ਮਾਨ ਨੇ ਕਿਹਾ ਕਿ ਵਿੱਤੀ ਖੇਤਰ ਵਿੱਚ ਜਲਦੀ ਹੀ ਕ੍ਰਾਂਤੀਕਾਰੀ ਸੁਧਾਰ ਦਿਸਣਗੇ |
ਮੁੱਖ ਮੰਤਰੀ ਨੇ ਕਿਹਾ ਕਿ ਬੱਜਟ ਸਮਾਜ ਦੇ ਸਾਰੇ ਵਰਗਾਂ ਵਿੱਚੋਂ ਕਮਜ਼ੋਰਾਂ ਵਿੱਚੋਂ ਸਭ ਤੋਂ ਕਮਜ਼ੋਰ ਅਤੇ ਗਰੀਬਾਂ ਵਿੱਚੋਂ ਸਭ ਤੋਂ ਗਰੀਬ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਬਣਾਇਆ ਗਿਆ ਹੈ | ਉਨ੍ਹਾ ਕਿਹਾ ਕਿ ਬੱਜਟ ਸਮੁੱਚੇ ਵਿਕਾਸ, ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਸਮੁੱਚੀ ਖ਼ੁਸ਼ਹਾਲੀ ਦਾ ਮੰਤਵ ਹਾਸਲ ਕਰਨ ਲਈ ਸੂਬਾ ਸਰਕਾਰ ਦੀ ਵਿਹਾਰਕ ਪਹੁੰਚ ਦਾ ਨਤੀਜਾ ਹੈ | ਭਗਵੰਤ ਮਾਨ ਨੇ ਕਿਹਾ ਕਿ ਇਹ ਬੱਜਟ ਖੇਤੀਬਾੜੀ, ਸਨਅਤ, ਬੁਨਿਆਦੀ ਢਾਂਚੇ, ਊਰਜਾ, ਸਿੱਖਿਆ, ਸਿਹਤ ਖੇਤਰ ਤੋਂ ਇਲਾਵਾ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਤੇ ਸਮਾਜ ਦੇ ਪਛੜੇ ਵਰਗਾਂ ਦੇ ਬਹੁ-ਪੱਖੀ ਵਿਕਾਸ ਨੂੰ ਯਕੀਨਨ ਹੁਲਾਰਾ ਦੇਵੇਗਾ |
ਮੁੱਖ ਮੰਤਰੀ ਨੇ ਕਿਹਾ ਕਿ ਤਕਨੀਕੀ ਸਿੱਖਿਆ ਲਈ ਬੱਜਟ ਵਿਚ 48 ਫੀਸਦੀ ਵਾਧੇ ਦੀ ਵਿਵਸਥਾ ਕੀਤੀ ਗਈ ਹੈ ਤਾਂ ਕਿ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਲਈ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ | ਇਸੇ ਤਰ੍ਹਾਂ ਸੂਬੇ ਵਿਚ ਕਾਨੂੰਨ ਵਿਵਸਥਾ ਲਈ 9449 ਕਰੋੜ ਰੁਪਏ ਰੱਖੇ ਗਏ ਹਨ | ਇਸ ਦੇ ਨਾਲ ਹੀ ਉਨ੍ਹਾ ਕਿਹਾ ਕਿ ਮੈਡੀਕਲ ਸਿੱਖਿਆ ਤੇ ਖੋਜ ਦਾ ਬਜਟ 57 ਫੀਸਦੀ ਵਧਾਇਆ ਗਿਆ, ਜਦੋਂ ਕਿ ਨੌਜਵਾਨਾਂ ਅਤੇ ਯੁਵਕ ਸੇਵਾਵਾਂ ਲਈ 52 ਫੀਸਦੀ, ਸਿਹਤ ਖੇਤਰ ਲਈ 24 ਫੀਸਦੀ, ਰੁਜ਼ਗਾਰ ਉਤਪਤੀ ਲਈ 32 ਫੀਸਦੀ, ਉਦਯੋਗ ਤੇ ਵਪਾਰ ਲਈ 48 ਫੀਸਦੀ ਦਾ ਇਜ਼ਾਫਾ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ ਅਤੇ ਤਰੱਕੀ ਵਿਚ ਹੋਰ ਤੇਜ਼ੀ ਆਵੇਗੀ | ਉਹਨਾ ਕਿਹਾ ਕਿ ਬੱਜਟ ਵਿਚ 16 ਮੈਡੀਕਲ ਕਾਲਜਾਂ ਦਾ ਨਿਰਮਾਣ ਕਰਨ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਆਲ੍ਹਾ ਮਿਆਰੀ ਸਕੂਲ (ਸਕੂਲ ਆਫ ਐਮੀਨੈਂਸ) ਵਿਚ ਤਬਦੀਲ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸੇ ਤਰ੍ਹਾਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ, 45 ਅਤਿ-ਆਧੁਨਿਕ ਬੱਸ ਸਟੈਂਡ ਦੀ ਉਸਾਰੀ ਦੀ ਵਿਵਸਥਾ ਵੀ ਬੱਜਟ ਵਿਚ ਕੀਤੀ ਗਈ ਹੈ | ਮੁੱਖ ਮੰਤਰੀ ਨੇ ਮੌਜੂਦਾ ਬੱਜਟ ਨੂੰ ਮੀਲ ਪੱਥਰ ਕਰਾਰ ਦਿੱਤਾ, ਜੋ ਸੂਬੇ ਨੂੰ ਨਵੇਂ ਸਿਖਰਾਂ ‘ਤੇ ਲਿਜਾਣ ਲਈ ਵਿਕਾਸ ਅਤੇ ਤਰੱਕੀ ਦੇ ਨਵੇਂ ਦਿਸਹੱਦੇ ਕਾਇਮ ਕਰਨ ਦਾ ਲੰਮਾ ਸਫਰ ਤੈਅ ਕਰੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਨਵੇਂ ਪੰਜਾਬ ਦੇ ਟੀਚੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰੇਗਾ | ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵਾਂ ਬੱਜਟ ਵਿੱਤੀ ਘਾਟੇ ਨੂੰ ਘੱਟ ਕਰਨ ਲਈ ਆਰਥਕ ਸੂਝ-ਬੂਝ ਦੇ ਨਾਲ ਬਹੁਤ ਜ਼ਿਆਦਾ ਵਿੱਤੀ ਅਨੁਸਾਸਨ ਲਿਆਏਗਾ ਅਤੇ ਵਸੀਲੇ ਜੁਟਾਉਣ ਰਾਹੀਂ ਮਾਲੀਆ ਵਧਾਉਣ ‘ਤੇ ਧਿਆਨ ਕੇਂਦਰਿਤ ਕਰੇਗਾ | ਸਾਲ 2022-23 ਲਈ ਬੱਜਟ ਪ੍ਰਸਤਾਵਾਂ ਦੀ ਭਰਵੀਂ ਸ਼ਲਾਘਾ ਕਰਦਿਆਂ ਉਨ੍ਹਾ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਸ਼ੇਸ਼ ਫੰਡ ਰੱਖਣ ਤੋਂ ਇਲਾਵਾ ਸਿਹਤ, ਸਿੱਖਿਆ, ਨੌਜਵਾਨਾਂ ਵਿੱਚ ਬੇਰੁਜ਼ਗਾਰੀ ਦੇ ਖਾਤਮੇ ਲਈ ਬੱਜਟ ਵਿੱਚ ਵਿਵਸਥਾ ਕਰਨ ਅਤੇ ਵਿੱਤੀ ਘਾਟੇ ਉਤੇ ਕਾਬੂ ਪਾਉਣ ਲਈ ਕਈ ਪਹਿਲਕਦਮੀਆਂ ਨੂੰ ਬੱਜਟ ਦਾ ਹਿੱਸਾ ਬਣਾਇਆ ਗਿਆ ਹੈ, ਜੋ ਇਨ੍ਹਾਂ ਮਸਲਿਆਂ ਉਤੇ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਬੱਜਟ ਨਾਲ ਸਾਡਾ ਸੂਬਾ ਹੁਣ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਂਆਂ ਸਿਖਰਾਂ ਛੂਹੇਗਾ | ਉਨ੍ਹਾ ਮੌਜੂਦਾ ਬੱਜਟ ਨੂੰ ਉਦਯੋਗਿਕ ਖੇਤਰ ਦੀ ਸੁਰਜੀਤੀ ਅਤੇ ਸੂਬੇ ਦੀ ਖੜੋਤ ਵਾਲੀ ਖੇਤੀ ਆਰਥਿਕਤਾ ਨੂੰ ਨਵਾਂ ਹੁਲਾਰਾ ਦੇਣ ਲਈ ਖਾਕਾ ਕਰਾਰ ਦਿੱਤਾ |