ਫਾਜ਼ਿਲਕਾ, (ਕਿ੍ਰਸ਼ਨ ਸਿੰਘ/ ਰਣਬੀਰ ਕੌਰ ਢਾਬਾਂ)-ਕਿਸਾਨੀ ਲਹਿਰਾਂ ਦੇ ਹੀਰੋ, ਮਹਾਨ ਕਮਿਊਨਿਸਟ ਅਤੇ ਫਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਪਹਿਲੇ ਐੱਮ ਐੱਲ ਏ ਕਾਮਰੇਡ ਵਧਾਵਾ ਰਾਮ ਦਾ ਯਾਦਗਾਰੀ ਸਮਾਗਮ ਕਾਮਰੇਡ ਵਧਾਵਾ ਰਾਮ ਯਾਦਗਾਰ ਕਮੇਟੀ ਦੇ ਆਗੂਆਂ ਦਰਸ਼ਨ ਰਾਮ ਲਾਧੂਕਾ, ਮਹਿੰਗਾ ਰਾਮ ਕਟੈਹੜਾ ਅਤੇ ਦੁਨੀ ਚੰਦ ਭਾਬੜਾ ਦੀ ਪ੍ਰਧਾਨਗੀ ਹੇਠ ਇਨਕਲਾਬੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਬੰਤ ਬਰਾੜ, ਆਰ ਐੱਮ ਪੀ ਆਈ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਅਤੇ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕਾਮਰੇਡ ਵਧਾਵਾ ਰਾਮ ਨੇ ਆਪਣਾ ਸਮੁੱਚਾ ਜੀਵਨ ਲੋਕਾਈ ਲੇਖੇ ਲਾਇਆ। ਉਹਨਾ ਦੇ ਇਸ ਮਹਾਨ ਕਾਰਜ ਦੀ ਬਦੌਲਤ ਹੀ ਉਹ ਜੇਲ੍ਹ ਦੇ ਅੰਦਰ ਬੈਠਿਆਂ ਹੀ ਫਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ। ਆਗੂਆਂ ਨੇ ਦੱਸਿਆ ਕਿ ਜਿੱਥੇ ਅੱਜ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ, ਜਿਹੜੀ ਕਿ ਹਜ਼ਾਰਾਂ ਦੇਸ਼ ਭਗਤਾਂ ਦੀ ਕੁਰਬਾਨੀ ਤੋਂ ਬਾਅਦ ਮਿਲੀ ਸੀ, ਉਥੇ ਦੂਸਰੇ ਪਾਸੇ ਅੰਗਰੇਜ਼ਾਂ ਦੇ ਚਲੇ ਜਾਣ ਤੋਂ ਬਾਅਦ 76 ਸਾਲਾਂ ਤੋਂ ਵਾਰੋਵਾਰੀ ਰਾਜ ਕਰਦੀਆਂ ਆ ਰਹੀਆਂ ਧਿਰਾਂ ਨੇ ਦੇਸ਼ ਦੀ ਜਨਤਾ ਨੂੰ ਰੱਜ ਕੇ ਲੁੱਟਿਆ ਅਤੇ ਕੁੱਟਿਆ ਅਤੇ ਧਰਮਾਂ ਅਤੇ ਜਾਤਾਂ ਦੇ ਨਾਂਅ ’ਤੇ ਲੋਕਾਂ ਨੂੰ ਲੜਾ ਕੇ ਉਹਨਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਕੋਹਾਂ ਦੂਰ ਰੱਖਿਆ। ਜਦੋਂ ਦੀ ਮੋਦੀ ਦੀ ਅਗਵਾਈ ’ਚ ਭਾਜਪਾ ਦੀ ਸਰਕਾਰ 2014 ਤੋਂ ਸੱਤਾ ਵਿੱਚ ਆਈ ਹੈ, ਉਦੋਂ ਤੋਂ ਇਹ ਭੇਦਭਾਵ ਵੱਡੀ ਪੱਧਰ ’ਤੇ ਵਧਿਆ ਹੈ। ਆਰਥਕ ਪਾੜਾ ਏਨਾ ਵਧਿਆ ਹੈ ਕਿ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਲਟਾ ਉਨ੍ਹਾਂ ਕੋਲੋਂ ਰੁਜ਼ਗਾਰ ਖੋਹਿਆ ਜਾ ਰਿਹਾ ਹੈ ਤੇ ਦੇਸ਼ ਦੀ ਜਵਾਨੀ ਅਤੇ ਆਮ ਲੋਕ ਬੇਰੁਜ਼ਗਾਰੀ, ਭੁੱਖਮਰੀ ਅਤੇ ਨਸ਼ਿਆਂ ਵਰਗੀਆਂ ਅਲਾਮਤਾਂ ਦੀ ਚੱਕੀ ਵਿੱਚ ਪਿਸ ਰਹੇ ਹਨ ਤੇ ਮੋਦੀ-ਸ਼ਾਹ ਦੀ ਜੋੜੀ ਵੱਲੋਂ ਅਡਾਨੀ ਵਰਗੇ ਚੰਦ ਘਰਾਣਿਆਂ ਨੂੰ ਦੇਸ਼ ਦੇ ਸਾਰੇ ਕਮਾਈ ਦੇ ਸਾਧਨ ਕੌਡੀਆਂ ਦੇ ਭਾਅ ਵੇਚੇ ਜਾ ਰਹੇ ਹਨ। ਉਹਨਾ ਕਿਹਾ ਕਿ ਪੰਜਾਬ ਦੀ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਵੱਲ ਕਿਸੇ ਦਾ ਕੋਈ ਧਿਆਨ ਨਹੀਂ।
ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਹੰਸ ਰਾਜ ਗੋਲਡਨ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਢੰਡੀਆਂ ਨੇ ਕਿਹਾ ਕਾਮਰੇਡ ਵਧਾਵਾ ਰਾਮ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਉਹਨਾ ਦੇ ਜੀਵਨ ਤੋਂ ਸੇਧ ਲੈ ਕੇ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਸਾਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਅਤੇ ਦੇਸ਼ ਨੂੰ ਬਚਾਉਣ ਲਈ ਸਾਨੂੰ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਬੁਲਾਰੇ ਅਤੇ ਆਗੂ ਬਣਾਉਣ ਦੀ ਲੋੜ ਹੈ ਤਾਂ ਜੋ ਦੇਸ਼ ਭਗਤਾਂ ਦੇ ਸੁਪਨਿਆਂ ਦਾ ਸਮਾਜ ਸਿਰਜਿਆ ਜਾ ਸਕੇ। ਸਟੇਜ ਸਕੱਤਰ ਦੀ ਭੂਮਿਕਾ ਕਮੇਟੀ ਮੈਂਬਰ ਬਖਤਾਵਰ ਸਿੰਘ ਨੇ ਬਾਖੂਬੀ ਨਿਭਾਈ। ਹੋਰਨਾਂ ਤੋਂ ਇਲਾਵਾ ਹਰਭਜਨ ਖੁੰਗਰ, ਚਰਨਜੀਤ, ਭਗਵਾਨ, ਗੁਰਮੇਜ ਗੇਜੀ, ਜੰਮੂ ਰਾਮ ਬੰਨ ਵਾਲਾ, ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਛੱਪੜੀਵਾਲਾ, ਜ਼ਿਲ੍ਹਾ ਸਕੱਤਰ ਸੁਬੇਗ ਝੰਗੜ ਭੈਣੀ, ਡਾਕਟਰ ਸੁਰਿੰਦਰ ਗੰਜੂਆਣਾ, ਮੋਟਰਸਾਈਕਲ ਟਰਾਲੀ ਯੂਨੀਅਨ ਦੇ ਪ੍ਰਧਾਨ ਬਲਵੰਤ ਢੰਡੀਆਂ, ਅਜੀਤ ਸੋਨੂੰ ਖਜ਼ਾਨਚੀ, ਹੁਸ਼ਿਆਰ ਕਾਵਾਂਵਾਲੀ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਕਿ੍ਰਸ਼ਨ ਧਰਮੂਵਾਲਾ, ਕਰਨੈਲ ਬੱਘੇਕੇ, ਵਜੀਰ ਚੰਦ ਸੱਪਾਂਵਾਲੀ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਮਨ ਧਰਮੂਵਾਲਾ, ਗੁਰਦਿਆਲ ਸਿੰਘ, ਕੁਲਦੀਪ ਬੱਖੂ ਸ਼ਾਹ, ਖਰੈਤ ਬੱਘੇਕੇ, ਸਤੀਸ ਛੱਪੜੀਵਾਲਾ ਆਦਿ ਆਗੂਆਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਜਥੇ ਇਸ ਸਮਾਗਮ ਵਿੱਚ ਸ਼ਾਮਲ ਹੋਏ।




