1200 ਮੈਗਾਵਾਟ ਸੌਰ ਊਰਜਾ ਵਾਲਾ ਦੇਸ਼ ਦਾ ਸਭ ਤੋਂ ਵੱਡਾ ਸਮਝੌਤਾ

0
209

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੀ ਬਿਜਲੀ ਸਪਲਾਈ ਦੀ ਭਵਿੱਖੀ ਲੋੜ ਦੀ ਪੂਰਤੀ ਕਰਨ ਅਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਕੰਟਰੋਲ ਵਾਲੀ ਤੇ ਨਵਿਆਉਣਯੋਗ ਊਰਜਾ ਦੇ ਖੇਤਰ ਦੀ ਮੋਹਰੀ ਕੰਪਨੀ ਸਤਲੁਜ ਜਲ ਵਿਧੁਤ ਨਿਗਮ ਨਾਲ 1200 ਮੈਗਾਵਾਟ ਸਪਲਾਈ ਲਈ ਬਿਜਲੀ ਖ਼ਰੀਦ ਸਮਝੌਤੇ ਉਤੇ ਦਸਤਖ਼ਤ ਕੀਤੇ। ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੀ ਐੱਸ ਪੀ ਸੀ ਐੱਲ ਨੇ ਪੰਜਾਬ ਤੇ ਦੇਸ਼ ਭਰ ਵਿੱਚ ਸਥਿਤ ਸੂਰਜੀ ਊਰਜਾ ਪ੍ਰਾਜੈਕਟਾਂ ਤੋਂ ਬਿਜਲੀ ਦੀ ਖ਼ਰੀਦ ਲਈ ਟੈਂਡਰ ਜਾਰੀ ਕੀਤੇ ਸਨ। ਉਨ੍ਹਾ ਕਿਹਾ ਕਿ ਸਤਲੁਜ ਜਲ ਵਿਧੁਤ ਨਿਗਮ ਗਰੀਨ ਐਨਰਜੀ ਲਿਮਟਿਡ ਨੇ ਬੀਕਾਨੇਰ (ਰਾਜਸਥਾਨ) ਤੇ ਭੁਜ (ਗੁਜਰਾਤ) ਤੋਂ 2.53 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਇਕ ਹਜ਼ਾਰ ਮੈਗਾਵਾਟ ਅਤੇ ਹੁਸ਼ਿਆਰਪੁਰ (ਪੰਜਾਬ) ਤੋਂ 2.75 ਰੁਪਏ ਪ੍ਰਤੀ ਯੁੂਨਿਟ ਦੇ ਹਿਸਾਬ ਨਾਲ 200 ਮੈਗਾਵਾਟ ਬਿਜਲੀ ਸਪਲਾਈ ਕਰਨ ਦੀ ਤਜਵੀਜ਼ ਦਿੱਤੀ ਸੀ। ਮਾਨ ਨੇ ਕਿਹਾ ਕਿ ਪਹਿਲੀ ਦਫ਼ਾ ਮੁਕਾਬਲੇ ਦੀ ਬੋਲੀ ਲਈ ਸਵਿਸ ਚੈਲੰਜ ਵਿਧੀ ਲਾਗੂ ਕੀਤੀ ਗਈ ਸੀ। ਉਹਨਾ ਕਿਹਾ ਕਿ ਪਹਿਲਾਂ 2.59 ਰੁਪਏ ਪ੍ਰਤੀ ਯੂਨਿਟ ਦੀ ਬੋਲੀ ਲੱਗੀ ਸੀ, ਪਰ ਗੱਲਬਾਤ ਕਰਨ ਤੋਂ ਬਾਅਦ ਇਹ ਭਾਅ 2.53 ਰੁਪਏ ਉਤੇ ਆ ਗਿਆ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦੀ ਬੱਚਤ ਹੋਵੇਗੀ। ਉਨ੍ਹਾ ਕਿਹਾ ਕਿ 200 ਮੈਗਾਵਾਟ ਬਿਜਲੀ ਸਪਲਾਈ ਲਈ 2.79 ਰੁਪਏ ਪ੍ਰਤੀ ਯੂਨਿਟ ਦੀ ਬੋਲੀ ਲਗਾਈ ਗਈ ਸੀ, ਪਰ ਅੰਤ ਵਿੱਚ 2.75 ਰੁਪਏ ਪ੍ਰਤੀ ਯੂਨਿਟ ਉਤੇ ਸਹਿਮਤੀ ਬਣੀ। ਸੂਬਾ ਸਰਕਾਰ ਨੇ ਕੰਪਨੀ ਨਾਲ ਵਿਚਾਰ-ਵਟਾਂਦਰਾ ਕਰ ਕੇ 431 ਕਰੋੜ ਰੁਪਏ ਦੀ ਬਚਤ ਕੀਤੀ। ਉਨ੍ਹਾ ਕਿਹਾ ਕਿ ਟਰਾਂਸਮਿਸ਼ਨ ਖ਼ਰਚੇ ਟਾਲਣ ਲਈ ਇਹ ਪ੍ਰਾਜੈਕਟ ਜਲਦੀ ਸ਼ੁਰੂ ਹੋਣਗੇ।

LEAVE A REPLY

Please enter your comment!
Please enter your name here