‘ਸਟੂਡੈਂਟ ਪੁਲਸ ਕੈਡਿਟ’ ਸਕੀਮ ਦੀ ਸ਼ੁਰੂਆਤ

0
185

ਚੰਡੀਗੜ੍ਹ (ਗੁਰਜੀਤ ਬਿੱਲਾ)-ਵਿਦਿਆਰਥੀਆਂ ਨੂੰ ਪੁਲਸ ਦੀ ਕਾਰਜ ਪ੍ਰਣਾਲੀ ਬਾਰੇ ਨੇੜਿਓਾ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਸੂਬੇ ‘ਚ ‘ਸਟੂਡੈਂਟ ਪੁਲਸ ਕੈਡਿਟ ਸਕੀਮ’ ਦੀ ਸ਼ੁਰੂਆਤ ਕੀਤੀ | ਇਸ ਸਕੀਮ ਤਹਿਤ ਪਹਿਲੇ ਪੜਾਅ ਵਿਚ ਸੂਬੇ ਦੇ 280 ਸਰਕਾਰੀ ਸਕੂਲਾਂ ਦੇ 8ਵੀਂ ਜਮਾਤ ਦੇ 11200 ਵਿਦਿਆਰਥੀਆਂ ਦੀ ਚੋਣ ਹੋਈ ਹੈ, ਜਿਨ੍ਹਾਂ ਵੀਡੀਓ ਕਾਨਫਰੰਸਿੰਗ ਜ਼ਰੀਏ ਇਸ ਸਮਾਗਮ ਵਿਚ ਹਿੱਸਾ ਲਿਆ | ਇਸ ਸਕੀਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਦਾ ਕੋਰਸ ਬਿਊਰੋ ਆਫ ਪੁਲਸ ਰਿਸਰਚ ਐਂਡ ਡਿਵੈੱਲਪਮੈਂਟ ਵੱਲੋਂ ਤਿਆਰ ਕੀਤਾ ਗਿਆ, ਜੋ ਮੌਜੂਦਾ ਵਿਦਿਅਕ ਸਾਲ 2023-24 ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋ ਸਾਲਾਂ ਵਿਚ ਕਰਵਾਇਆ ਜਾਵੇਗਾ | ਦੋ ਸਾਲਾ ਕੋਰਸ ਤਹਿਤ ਏਹੀ ਵਿਦਿਆਰਥੀ ਵਿਦਿਅਕ ਵਰ੍ਹੇ 2024-25 ਵਿਚ ਨੌਵੀਂ ਜਮਾਤ ‘ਚ ਇਸ ਸਕੀਮ ਦਾ ਹਿੱਸਾ ਬਣੇ ਰਹਿਣਗੇ | ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਹਰੇਕ ਸਕੂਲ ਲਈ 50 ਹਜ਼ਾਰ ਰੁਪਏ ਸਾਲਾਨਾ ਅਲਾਟ ਕੀਤੇ ਗਏ ਹਨ | ਇਹ ਸਕੀਮ ਸੂਬੇ ਦੇ 28 ਜ਼ਿਲਿ੍ਹਆਂ (23 ਮਾਲ ਜ਼ਿਲ੍ਹੇ ਅਤੇ ਪੰਜ ਪੁਲਸ ਜ਼ਿਲ੍ਹੇ) ਵਿਚ ਲਾਗੂ ਕੀਤੀ ਜਾਵੇਗੀ | ਇਸ ਸਕੀਮ ਤਹਿਤ ਹਰੇਕ ਜ਼ਿਲ੍ਹੇ ਵਿਚ 10 ਸਕੂਲਾਂ ਵਿੱਚੋਂ ਪ੍ਰਤੀ ਸਕੂਲ 40 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ, ਜਿਸ ਨਾਲ ਕੁੱਲ 11200 ਵਿਦਿਆਰਥੀ ਚੁਣੇ ਗਏ ਹਨ | ਮੁੱਖ ਮੰਤਰੀ ਨੇ ਦੱਸਿਆ ਕਿ ਇਨਡੋਰ ਕੋਰਸ ਮੁਕੰਮਲ ਕਰਨ ਲਈ ਹਰੇਕ ਮਹੀਨੇ ਇਕ ਕਲਾਸ ਲਾਈ ਜਾਵੇਗੀ, ਜਿਸ ਨਾਲ ਵਿਦਿਆਰਥੀਆਂ ਦੇ ਸਕੂਲ ਪਾਠਕ੍ਰਮ ‘ਚ ਕੋਈ ਵੱਡਾ ਵਾਧਾ ਨਹੀਂ ਹੋਵੇਗਾ | ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਦੇ ਸਮੇਂ ਤੋਂ ਬਾਅਦ ਜਾਂ ਹਫਤੇ ਦੇ ਅਖੀਰਲੇ ਦਿਨ ਮੌਕੇ ਮਹੀਨੇ ਵਿਚ ਦੋ ਵਾਰ ਬਾਹਰੀ ਸਰਗਰਮੀਆਂ ਲਈ ਲਿਜਾਇਆ ਜਾਵੇਗਾ | ਉਨ੍ਹਾ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਪੁਲਸ ਦੇ ਕੰਮਕਾਜ ਬਾਰੇ ਨੇੜਿਓਾ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਨ ਦਾ ਮੌਕਾ ਹਾਸਲ ਹੋਵੇਗਾ |
ਦੋ ਸਾਲਾ ਕੋਰਸ ਦੇ ਵਿਸ਼ਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ‘ਸਟੂਡੈਂਟ ਕੈਡਿਟ ਸਕੀਮ’ ਬਾਰੇ ਮੁਢਲੀ ਜਾਣਕਾਰੀ, ਭਿ੍ਸ਼ਟਾਚਾਰ, ਸਾਈਬਰ ਅਪਰਾਧ, ਅਪਰਾਧ ਦੇ ਵੱਖ-ਵੱਖ ਸਰੂਪ, ਭਰੂਣ ਹੱਤਿਆ, ਸੜਕ ਸੁਰੱਖਿਆ, ਬੱਚਿਆ ਦੀ ਸੁਰੱਖਿਆ, ਨਸ਼ਿਆਂ ਦੀ ਲਾਹਨਤ ਬਾਰੇ ਜਾਗਰੂਕਤਾ ਸੈਸ਼ਨ, ਘਰੇਲੂ ਹਿੰਸਾ, ਫਸਟ ਏਡ, ਆਫਤ ਮੌਕੇ ਹੰਗਾਮੀ ਸੇਵਾਵਾਂ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ | ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਵਿਦਿਆਰਥੀ ਪੁਲਿਸ ਦਫਤਰਾਂ, ਪੁਲਿਸ ਥਾਣਿਆਂ, ਸਾਈਬਰ ਸੈੱਲ, ਫੋਰੈਂਸਿਕ ਲੈਬ, ਪੁਲਸ ਸਿਖਲਾਈ ਕੇਂਦਰ ਅਤੇ ਹੋਰ ਸੰਬੰਧਤ ਸਰਕਾਰੀ ਸੰਸਥਾਵਾਂ ਦਾ ਦੌਰਾ ਕਰਨਗੇ | ਉਨ੍ਹਾ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ, ਗਣਤੰਤਰ ਦਿਵਸ/ਆਜ਼ਾਦੀ ਦਿਵਸ ਪਰੇਡ ਵਿਚ ਹਿੱਸਾ ਲੈਣ, ਗੈਰ-ਹਥਿਆਰਬੰਦ ਮੁਕਾਬਲੇ ਬਾਰੇ ਸਿਖਲਾਈ, ਕਾਨੂੰਨੀ ਹੱਕਾਂ ਤੇ ਜ਼ਿੰਮੇਵਾਰੀਆਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਕਾਨੂੰਨੀ ਵਿਵਸਥਾ ਲਈ ਵੱਖ-ਵੱਖ ਡਿਊਟੀਆਂ ਬਾਰੇ ਪੁਲਸ ਨਾਲ ਇੰਟਰਸ਼ਿਪ ਪ੍ਰੋਗਰਾਮ ਵੀ ਕਰਵਾਏ ਜਾਣਗੇ | ਇਸ ਤੋਂ ਇਲਾਵਾ ਸਮਾਜ ਸੇਵਾ ਨਾਲ ਸੰਬੰਧਤ ਸਰਗਰਮੀਆਂ ਨਾਲ ਵਿਦਿਆਰਥੀਆਂ ਨੂੰ ਜੋੜਿਆ ਜਾਵੇਗਾ ਅਤੇ ਚਰਿਤਰ ਨਿਰਮਾਣ ਤੇ ਕਦਰਾਂ-ਕੀਮਤਾਂ ਨੂੰ ਕੋਰਸ ਦਾ ਹਿੱਸਾ ਬਣਾਇਆ ਗਿਆ ਹੈ | ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਨੂੰ ਲਾਗੂ ਕਰਨ ਲਈ ਪੁਲਸ ਦੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਸਿੱਖਿਆ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਗੇ | ਰਿਸੋਰਸ ਪਰਸਨ ਵਜੋਂ ਅਧਿਆਪਕ ਪੁਲਸ ਵਿਭਾਗ ਦੇ ਸਾਂਝ ਕੇਂਦਰਾਂ ਵਿਚ ਤਾਇਨਾਤ ਪੁਸਿ ਮੁਲਾਜ਼ਮਾਂ ਨਾਲ ਤਾਲਮੇਲ ਕਰਕੇ ਇਕ ਇਨਡੋਰ ਕਲਾਸ ਅਤੇ ਢਾਈ ਦਿਨ ਆਊਟਡੋਰ ਕਲਾਸਾਂ ਲਾਉਣਗੇ | ਉਨ੍ਹਾ ਕਿਹਾ ਕਿ ਇਸ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 269 ਸਕੂਲ ਅਧਿਆਪਕਾਂ ਤੇ 59 ਸਾਂਝ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ | ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਇਲਾਵਾ ਪੁਲਸ ਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ |

LEAVE A REPLY

Please enter your comment!
Please enter your name here