ਚੰਡੀਗੜ੍ਹ (ਗੁਰਜੀਤ ਬਿੱਲਾ)-ਆਮ ਆਦਮੀ ਪਾਰਟੀ (ਆਪ) ਨੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਦੀ ਕਥਿਤ ਗੁੰਡਾਗਰਦੀ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਉਨ੍ਹਾ ’ਤੇ ਤਿੱਖਾ ਹਮਲਾ ਕੀਤਾ ਹੈ। ਰੰਧਾਵਾ ਦੇ ਪੁੱਤਰ ਨੇ ਆਪਣੇ ਪਿਤਾ ਦੀ ਸੁਰੱਖਿਆ ਦੀ ਦੁਰਵਰਤੋਂ ਕਰਦਿਆਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਲੋਕ ਹੁਣ ‘ਸਾਬਕਾ’ ਹਨ ਅਤੇ ਇਨ੍ਹਾਂ ਕੋਲ ਕੋਈ ਤਾਕਤ ਨਹੀਂ, ਪਰ ਫਿਰ ਵੀ ਇਨ੍ਹਾਂ ਦੇ ਪੁੱਤਰ/ ਪਰਵਾਰਕ ਮੈਂਬਰ ਗੁੰਡਿਆਂ ਵਾਂਗ ਵਿਹਾਰ ਕਰ ਰਹੇ ਹਨ ਅਤੇ ਆਮ ਲੋਕਾਂ ਨਾਲ ਇਸ ਤਰ੍ਹਾਂ ਦੁਰਵਿਹਾਰ ਕਰ ਰਹੇ ਹਨ, ਸੱਤਾ ਵਿਚ ਰਹਿੰਦਿਆਂ ਉਹ ਕਿਸ ਤਰ੍ਹਾਂ ਦਾ ਵਿਹਾਰ ਕਰਦੇ ਸਨ, ਇਸ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ। ਉਹਨਾ ਕਿਹਾ ਕਿ ਪੁਲਸ ਨੂੰ ਕਾਨੂੰਨ ਅਨੁਸਾਰ ਆਪਣਾ ਕੰਮ ਕਰਨ ਦੇਣ ਦੀ ਬਜਾਏ ਸੁਖਜਿੰਦਰ ਰੰਧਾਵਾ ਸਾਰੀ ਰਾਤ ਸੈਕਟਰ 17 ਦੇ ਥਾਣੇ ਵਿੱਚ ਮੌਜੂਦ ਸੀ, ਤਾਂ ਜੋ ਕਾਰਵਾਈ ਨੂੰ ਪ੍ਰਭਾਵਤ ਕੀਤਾ ਜਾ ਸਕੇ ਤੇ ਪੁਲਸ ਮੁਲਾਜ਼ਮਾਂ ਨੂੰ ਡਰਾਇਆ ਜਾ ਸਕੇ। ਉਨ੍ਹਾ ਚੰਡੀਗੜ੍ਹ ਦੇ ਪ੍ਰਸ਼ਾਸਕ ਰਾਜਪਾਲ ਤੋਂ ਮੰਗ ਕੀਤੀ ਕਿ ਜ਼ਖਮੀ ਵਿਦਿਆਰਥੀ ਨੂੰ ਇਨਸਾਫ ਦਿਵਾਇਆ ਜਾਵੇ। ਕੰਗ ਨੇ ਕਿਹਾ ਕਿ ਹੁਣ ਜਦੋਂ ਮਾਨ ਸਰਕਾਰ ਪੰਜਾਬ ਵਿੱਚ ਅਜਿਹੀਆਂ ਗੁੰਡਾਗਰਦੀ ਦੀਆਂ ਕਾਰਵਾਈਆਂ ਦੀ ਇਜਾਜ਼ਤ ਨਹੀਂ ਦਿੰਦੀ ਤਾਂ ਇਹ ਲੋਕ ਚੰਡੀਗੜ੍ਹ ਚਲੇ ਗਏ ਹਨ।




