ਚੰਡੀਗੜ੍ਹ : ਪੰਜਾਬ ਦੇ ਪੇਂਡੂ ਖੇਤਰ ਲਈ ਮਿੰਨੀ ਬੱਸ ਸੇਵਾ ਮੁੜ ਸ਼ੁਰੂ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਸ਼ੁੱਕਰਵਾਰ ਇਸ ਸੰਬੰਧੀ ਸਕੀਮ ਦਾ ਖਾਕਾ ਤਿਆਰ ਕਰਨ ਅਤੇ ਸਰਵੇਖਣ ਕਰਨ ਦਾ ਨਿਰਦੇਸ਼ ਦਿੱਤਾ। ਇੱਥੇ ਮੁੱਖ ਮੰਤਰੀ ਦਫਤਰ ਵਿਖੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੇਂਡੂ ਖੇਤਰ ’ਚ ਮਿੰਨੀ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ ਤਾਂ ਕਿ ਜਿੱਥੇ ਲੋਕਾਂ ਨੂੰ ਆਵਾਜਾਈ ਲਈ ਸਹੂਲਤ ਮਿਲੇ, ਉੱਥੇ ਪੜ੍ਹੇ-ਲਿਖੇ ਨੌਜਵਾਨ ਬੱਸ ਪਰਮਿਟ ਲੈ ਕੇ ਆਪਣਾ ਰੋਜ਼ਗਾਰ ਚਲਾ ਸਕਣ। ਮਿੰਨੀ ਬੱਸ ਸੇਵਾ ਨੂੰ ਆਮ ਲੋਕਾਂ ਲਈ ਵਰਦਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਜਿੱਥੇ ਆਵਾਜਾਈ ਸਹੂਲਤਾਂ ਨੂੰ ਸੁਚਾਰੂ ਕਰਨ ’ਚ ਸਹਾਈ ਸਾਬਤ ਹੋਵੇਗੀ, ਉਥੇ ਇਸ ਨਾਲ ਪੜ੍ਹੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ ਮਿਲੇਗਾ ਅਤੇ ਉਹ ਪਰਮਿਟ ਲੈ ਕੇ ਬੱਸ ਸੇਵਾ ਦੀ ਸ਼ੁਰੂਆਤ ਕਰ ਸਕਣਗੇ।




