30.5 C
Jalandhar
Tuesday, August 16, 2022
spot_img

ਪੰਜਾਬ ‘ਵਰਸਿਟੀ ਦਾ ਦਰਜਾ ਬਦਲਣ ਵਿਰੁੱਧ ਮਤਾ ਪਾਸ

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਵਿਧਾਨ ਸਭਾ ਵਿੱਚ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰ ਸਰਕਾਰ ਵੱਲੋਂ ਬਦਲੇ ਜਾ ਰਹੇ ਦਰਜੇ ਦੇ ਖਿਲਾਫ ਵੀਰਵਾਰ ਮਤਾ ਪੇਸ਼ ਕੀਤਾ, ਜਿਸ ਨੂੰ ਪੰਜਾਬ ਵਿਧਾਨ ਸਭਾ ਨੇ ਪਾਸ ਕਰ ਦਿੱਤਾ | ਹੁਣ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ | ਮੀਤ ਹੇਅਰ ਨੇ ਆਖਿਆ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਇਹ ਸਾਡੇ ਪੰਜਾਬੀਆਂ ਦੀ ਹੋਂਦ ਦਾ ਮਾਮਲਾ ਹੈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ | ਪੰਜਾਬ ਯੂਨੀਵਰਸਿਟੀ ਦੇ ਨਾਲ ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕੇ ਅਤੇ ਪਾਣੀਆਂ ਉੱਤੇ ਪੰਜਾਬ ਦਾ ਪੂਰਾ ਹੱਕ ਹੈ |
ਮਤੇ ਵਿਚ ਕਿਹਾ ਗਿਆ ਹੈ-ਇਹ ਸਦਨ ਕੁਝ ਸਵਾਰਥੀ ਤੱਤਾਂ ਵੱਲੋਂ ਕਿਸੇ ਨਾ ਕਿਸੇ ਬਹਾਨੇ ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲ ਕੇ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਮਾਮਲੇ ਨੂੰ ਅੱਗੇ ਵਧਾਉਣ ਦੇ ਯਤਨਾਂ ਤੋਂ ਚਿੰਤਤ ਹੈ | ਸਦਨ ਇਸ ਗੱਲ ਨੂੰ ਮੰਨਦਾ ਹੈ ਅਤੇ ਮਾਨਤਾ ਦਿੰਦਾ ਹੈ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਰਾਜ ਦੇ ਇੱਕ ਐਕਟ ਅਰਥਾਤ ਪੰਜਾਬ ਯੂਨੀਵਰਸਿਟੀ ਐਕਟ 1947 ਦੇ ਨਾਲ ਸੁਤੰਤਰਤਾ ਪ੍ਰਾਪਤੀ ਪਿੱਛੋਂ ਮੁੜ ਸ਼ੁਰੂ ਕੀਤੀ ਗਈ ਸੀ ਅਤੇ ਉਸ ਉਪਰੰਤ 1966 ਵਿੱਚ ਪੰਜਾਬ ਰਾਜ ਦੇ ਪੁਨਰਗਠਨ ਸਮੇਂ ਸੰਸਦ ਵੱਲੋਂ ਲਾਗੂ ਕੀਤੇ ਗਏ ਪੰਜਾਬ ਪੁਨਰਗਠਨ ਐਕਟ, 1966 ਦੀ ਧਾਰਾ 72 (1) ਅਧੀਨ ਇਸ ਨੂੰ ਅੰਤਰ-ਰਾਜੀ ਸੰਸਥਾ ਘੋਸ਼ਿਤ ਕੀਤਾ ਗਿਆ ਸੀ | ਆਪਣੀ ਸਥਾਪਨਾ ਤੋਂ ਲੈ ਕੇ ਪੰਜਾਬ ਯੂਨੀਵਰਸਿਟੀ ਪੰਜਾਬ ਰਾਜ ਵਿੱਚ ਨਿਰੰਤਰ ਅਤੇ ਨਿਰਵਿਘਨ ਕੰਮ ਕਰ ਰਹੀ ਹੈ | ਇਸ ਨੂੰ ਪੰਜਾਬ ਦੀ ਉਸ ਸਮੇਂ ਦੀ ਰਾਜਧਾਨੀ ਲਾਹੌਰ ਤੋਂ ਹੁਸ਼ਿਆਰਪੁਰ ਅਤੇ ਫਿਰ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ | ਪੰਜਾਬ ਦੇ 175 ਤੋਂ ਵੱਧ ਕਾਲਜ, ਜੋ ਕਿ ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਐੱਸ ਬੀ ਐੱਸ ਨਗਰ ਜ਼ਿਲਿ੍ਹਆਂ ਵਿੱਚ ਸਥਿਤ ਹਨ, ਇਸ ਸਮੇਂ ਪੰਜਾਬ ਯੂਨੀਵਰਸਿਟੀ ਨਾਲ ਮਾਨਤਾ ਪ੍ਰਾਪਤ ਹਨ | ਸਮੁੱਚਾ ਖੇਤਰੀ ਅਧਿਕਾਰ ਖੇਤਰ ਅਤੇ ਅਬਾਦੀ, ਜਿਸ ਨੂੰ ਪੰਜਾਬ ਯੂਨੀਵਰਸਿਟੀ ਪੂਰਾ ਕਰ ਰਹੀ ਹੈ, ਮੁੱਖ ਤੌਰ ‘ਤੇ ਪੰਜਾਬ ਰਾਜ ਵਿੱਚ ਆਉਂਦੀ ਹੈ, ਚੰਡੀਗੜ੍ਹ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਅਧੀਨ ਖੇਤਰ ਤੋਂ ਇਲਾਵਾ, ਜੋ ਕਿ ਪਵਿੱਤਰ ਸਦਨ ਦੇ ਬਹੁਤ ਸਾਰੇ ਮਤਿਆਂ ਤੋਂ ਬਾਅਦ ਵੀ ਸਿਰਫ ਪੰਜਾਬ ਰਾਜ ਦੀ ਰਾਜਧਾਨੀ ਵਜੋਂ ਬਹਾਲ ਨਹੀਂ ਕੀਤਾ ਗਿਆ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵਜੋਂ ਚਲਦਾ ਰਿਹਾ ਹੈ |
ਇਤਿਹਾਸਕ ਤੌਰ ‘ਤੇ ਪੰਜਾਬ ਦੇ ਲੋਕ ਇਸ ਯੂਨੀਵਰਸਿਟੀ ਨਾਲ ਸ਼ੁਰੂ ਤੋਂ ਹੀ ਬਹੁਤ ਗਹਿਰੇ ਤੌਰ ‘ਤੇ ਜੁੜੇ ਹੋਏ ਹਨ ਅਤੇ ਇਸ ਯੂਨੀਵਰਸਿਟੀ ਦੀ ਸਥਾਪਨਾ ਨਾਲ ਹੀ ਆਪਣੀ ਪਛਾਣ ਬਣਾਈ ਹੈ | ਪੰਜਾਬ ਯੂਨੀਵਰਸਿਟੀ ਇਤਿਹਾਸਿਕ, ਖੇਤਰੀ ਅਤੇ ਸੱਭਿਆਚਾਰਕ ਕਾਰਨਾਂ ਕਰਕੇ ਪੰਜਾਬੀਆਂ ਦੇ ਮਨਾਂ ਵਿੱਚ ਇਕ ਭਾਵਨਾਤਮਕ ਸਥਾਨ ਰੱਖਦੀ ਹੈ | ਯੂਨੀਵਰਸਿਟੀ ਪੰਜਾਬ ਦੀ ਵਿਰਾਸਤ ਅਤੇ ਵਿਰਸੇ ਦੇ ਵਿਦਿਅਕ ਅਤੇ ਸੱਭਿਆਚਾਰਕ ਪ੍ਰਤੀਕ ਵਜੋਂ ਇਸ ਹੱਦ ਤੱਕ ਉਭਰੀ ਹੈ ਕਿ ਇਹ ਲੱਗਭੱਗ ਪੰਜਾਬ ਰਾਜ ਦਾ ਸਮਾਨਾਰਥੀ ਬਣ ਗਈ ਹੈ |
ਇਸ ਤੱਥ ਦੇ ਬਾਵਜੂਦ ਕਿ ਹਰਿਆਣਾ ਅਤੇ ਹਿਮਾਚਲ ਰਾਜਾਂ ਨੇ ਯੂਨੀਵਰਸਿਟੀ ਨੂੰ ਰੱਖ-ਰਖਾਅ ਘਾਟੇ ਦੀਆਂ ਗ੍ਰਾਂਟਾਂ ਵਿੱਚ ਆਪਣਾ ਹਿੱਸਾ ਦੇਣਾ ਬੰਦ ਕਰ ਦਿੱਤਾ ਸੀ, ਪੰਜਾਬ ਰਾਜ ਨੇ ਆਪਣਾ ਹਿੱਸਾ 20 ਪ੍ਰਤੀਸਤ ਤੋਂ ਵਧਾ ਕੇ 40 ਪ੍ਰਤੀਸ਼ਤ ਕਰ ਦਿੱਤਾ ਹੈ ਅਤੇ 1976 ਤੋਂ ਲਗਾਤਾਰ ਭੁਗਤਾਨ ਕੀਤਾ ਜਾ ਰਿਹਾ ਹੈ | ਹਰਿਆਣਾ ਸਰਕਾਰ ਨੇ ਇੱਕਪਾਸੜ ਤੌਰ ‘ਤੇ ਯੂਨੀਵਰਸਿਟੀ ਤੋਂ ਆਪਣੇ ਕਾਲਜਾਂ ਦੀ ਮਾਨਤਾ ਵਾਪਸ ਲੈ ਲਈ ਅਤੇ ਇਹਨਾਂ ਨੂੰ ਹਰਿਆਣਾ ਰਾਜ ਦੀਆਂ ਹੋਰ ਯੂਨੀਵਰਸਿਟੀਆਂ ਵਿੱਚ ਤਬਦੀਲ ਕਰ ਦਿੱਤਾ, ਜਿਸ ਨਾਲ ਯੂਨੀਵਰਸਿਟੀ ਦੇ ਮਾਲੀਏ ਵਿੱਚ ਕਮੀ ਆਈ ਹੈ | ਭਾਰਤ ਸਰਕਾਰ ਨੇ 27-10-1997 ਦੇ ਆਪਣੇ ਨੋਟੀਫਿਕੇਸ਼ਨ ਰਾਹੀਂ ਯੂਨੀਵਰਸਿਟੀ ਦੀਆਂ ਵੱਖ-ਵੱਖ ਗਵਰਨਿੰਗ ਬਾਡੀਜ਼ ਵਿੱਚੋਂ ਹਰਿਆਣਾ ਦੀ ਨੁਮਾਇੰਦਗੀ ਖਤਮ ਕਰ ਦਿੱਤੀ ਸੀ |
ਇਸ ਸਦਨ ਨੇ ਦੇਖਿਆ ਹੈ ਕਿ ਯੂਨੀਵਰਸਿਟੀ ਆਪਣੇ ਵਿੱਤੀ ਮਾਮਲਿਆਂ ਦਾ ਪ੍ਰਬੰਧਨ ਅਤੇ ਸੰਚਾਲਨ ਇੱਕਪਾਸੜ ਢੰਗ ਨਾਲ ਕਰ ਰਹੀ ਹੈ | ਹਾਲਾਂਕਿ ਪੰਜਾਬ ਰਾਜ ਨੇ ਵਿੱਤੀ ਸਾਲ 2020-21 ਦੇ ਦੌਰਾਨ ਗ੍ਰਾਂਟ-ਇਨ-ਏਡ ਨੂੰ 20 ਕਰੋੜ ਰੁਪਏ ਤੋਂ ਵਧਾ ਕੇ 45.30 ਕਰੋੜ ਰੁਪਏ ਕਰ ਦਿੱਤਾ ਹੈ, ਜੋ ਕਿ 75 ਫੀਸਦਾ ਤੋਂ ਜ਼ਿਆਦਾ ਵਾਧਾ ਹੈ | ਇਸ ਤੋਂ ਇਲਾਵਾ ਯੂਨੀਵਰਸਿਟੀ ਦੁਆਰਾ ਪੰਜਾਬ ਵਿੱਚ ਸਥਿਤ ਮਾਨਤਾ ਪ੍ਰਾਪਤ ਕਾਲਜਾਂ ਤੋਂ ਲੱਗਭੱਗ 100 ਕਰੋੜ ਰੁਪਏ ਸਾਲਾਨਾ ਇਕੱਤਰ ਕੀਤੇ ਜਾਂਦੇ ਹਨ | ਇਹ ਚੋਖਾ ਵਾਧਾ ਪੰਜਾਬ ਯੂਨੀਵਰਸਿਟੀ ਦੀਆਂ ਲੋੜਾਂ ਦੇ ਅਨੁਕੂਲ ਨਹੀਂ ਹੋ ਸਕਦਾ, ਪਰ ਅਜਿਹਾ ਇਸ ਕਾਰਨ ਹੋਇਆ ਹੈ ਕਿ ਇੱਥੇ ਕੋਈ ਦੁਵੱਲੇ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਨਹੀਂ ਹੈ | ਇਹ ਸਦਨ ਦਿ੍ੜ੍ਹਤਾ ਅਤੇ ਸਰਬਸੰਮਤੀ ਨਾਲ ਮਹਿਸੂਸ ਕਰਦਾ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਚਰਿੱਤਰ ਨੂੰ ਬਦਲਣ ਦਾ ਕੋਈ ਵੀ ਫੈਸਲਾ ਪੰਜਾਬ ਦੇ ਲੋਕਾਂ ਨੂੰ ਪ੍ਰਵਾਨ ਨਹੀਂ ਹੋਵੇਗਾ ਅਤੇ ਇਸ ਲਈ ਇਸ ਯੂਨੀਵਰਸਿਟੀ ਦੇ ਸੁਭਾਅ ਅਤੇ ਚਰਿੱਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਭਾਰਤ ਸਰਕਾਰ ਨੂੰ ਨਹੀਂ ਕਰਨੀ ਚਾਹੀਦੀ | ਜੇਕਰ ਕੋਈ ਪ੍ਰਸਤਾਵ ਵਿਚਾਰਿਆ ਜਾ ਰਿਹਾ ਹੈ ਤਾਂ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਜਾਣਾ ਚਾਹੀਦਾ ਹੈ | ਇਸ ਲਈ ਇਹ ਸਦਨ ਰਾਜ ਸਰਕਾਰ ਨੂੰ ਪੁਰਜ਼ੋਰ ਸਿਫਾਰਸ਼ ਕਰਦਾ ਹੈ ਕਿ ਉਹ ਉਪਰੋਕਤ ਅਨੁਸਾਰ ਕੇਂਦਰ ਸਰਕਾਰ ਨਾਲ ਮਾਮਲਾ ਉਠਾਏ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਯੂਨੀਵਰਸਿਟੀ ਦੇ ਸੁਭਾਅ ਅਤੇ ਚਰਿੱਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਨਾ ਕੀਤੀ ਜਾਵੇ |

Related Articles

LEAVE A REPLY

Please enter your comment!
Please enter your name here

Latest Articles