ਮੁਹਾਲੀ : ਕਿਰਤੀ ਕਿਸਾਨ ਯੂਨੀਅਨ ਨੇ ਗੰਭੀਰ ਹੋ ਰਹੇ ਪਾਣੀ ਦੇ ਸੰਕਟ ਨੂੰ ਹੱਲ ਕਰਨ ਨਾਲ ਸੰਬੰਧਤ ਮੰਗਾਂ ਨੂੰ ਲੈ ਕੇ ਵੀਰਵਾਰ ਵਰ੍ਹਦੇ ਮੀਂਹ ਵਿਚ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ | ਝੋਨੇ ਦੀ ਲੁਆਈ ਦੇ ਰੁਝੇਵਿਆਂ ਅਤੇ ਮੀਂਹ ਦੇ ਬਾਵਜੂਦ ਪੰਜਾਬ ਭਰ ‘ਚੋਂ ਵੱਡੀ ਗਿਣਤੀ ਵਿਚ ਕਿਰਤੀ ਕਿਸਾਨ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਪੁੱਡਾ ਗਰਾਊਡ ‘ਚ ਸਵੇਰੇ 10 ਵਜੇ ਪਹੁੰਚਣੇ ਸ਼ੁਰੂ ਹੋ ਗਏ | ਇੱਥੇ ਉਨ੍ਹਾਂ ਪਾਣੀ ਸੰਕਟ ‘ਤੇ ਚਰਚਾ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਵੱਲ ਕੂਚ ਕੀਤਾ | ਮੁਹਾਲੀ ਪੁਲਸ ਨੇ ਵਾਈ ਪੀ ਐੱਸ ਚੌਕ ਨੇੜੇ ਕਿਸਾਨਾਂ ਨੂੰ ਰੋਕਣ ਦਾ ਯਤਨ ਕੀਤਾ, ਪਰ ਕਿਸਾਨ ਰੋਕਾਂ ਤੋੜ ਕੇ ਅੱਗੇ ਵਧਣ ਲੱਗੇ ਤਾਂ ਅਧਿਕਾਰੀਆਂ ਨੇ ਕਿਸਾਨਾਂ ਦੀ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਵਾਉਣ ਦੀ ਪੇਸ਼ਕਸ਼ ਕੀਤੀ | ਇਸ ਦੌਰਾਨ ਮੁਹਾਲੀ ਦੇ ਐੱਸ ਡੀ ਐੱਮ ਹਰਬੰਸ ਸਿੰਘ ਨੇ 5 ਜੁਲਾਈ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਲਿਖਤੀ ਭਰੋਸਾ ਦੇ ਕੇ ਉਨ੍ਹਾਂ ਨੂੰ ਸ਼ਾਂਤ ਕੀਤਾ | ਇਸ ਤੋਂ ਪਹਿਲਾਂ ਜਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਨਰਲ ਸਕੱਤਰ ਸਤਬੀਰ ਸਿੰਘ ਸੁਲਤਾਨੀ ਅਤੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਦੇ ਬਾਵਜੂਦ ਖੇਤੀ ਲਈ ਪਾਣੀ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ | ਦਰਿਆਵਾਂ ਦੇ ਅਣਵਰਤੇ ਵਹਿ ਰਹੇ ਪਾਣੀ ਨੂੰ ਨਹਿਰੀ ਸਿਸਟਮ ਦਾ ਸੂਬੇ ਭਰ ‘ਚ ਵਿਕਾਸ ਕਰਕੇ ਸੰਭਾਲਣ ਦੇ ਨਾਲ-ਨਾਲ ਨਹਿਰੀ ਪਾਣੀ ਰਾਹੀਂ ਸਿੰਜਾਈ ਦੀ ਨੀਤੀ ਨੂੰ ਪ੍ਰਮੁੱਖਤਾ ਦੇਣ ਦੀ ਲੋੜ ਹੈ | ਜਥੇਬੰਦੀ ਦੇ ਇਸਤਰੀ ਵਿੰਗ ਦੀ ਕਨਵੀਨਰ ਹਰਦੀਪ ਕੌਰ ਕੋਟਲਾ ਅਤੇ ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਦਰਿਆਵਾਂ ‘ਚ ਸਨਅਤਾਂ ਵੱਲੋਂ ਪ੍ਰਦੂਸ਼ਤ ਪਾਣੀ ਸੁੱਟਣ ਦੇ ਮਾਮਲੇ ‘ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਇਸ ਉੱਪਰ ਰੋਕ ਲਾਉਣ ਲਈ ਸਖਤ ਨੀਤੀ ਬਣਾ ਕੇ ਪਾਣੀ ਨੂੰ ਪ੍ਰਦੂਸ਼ਤ ਕਰਨ ਵਾਲੀਆਂ ਸਨਅਤਾਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ |