ਭਿ੍ਸ਼ਟਾਚਾਰ ਦੇ ਦੋਸ਼ ਹੇਠ ਪਟਵਾਰੀ ਸਮੇਤ ਤਿੰਨ ਗਿ੍ਫਤਾਰ

0
380

ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਦੀ ਪ੍ਰਸ਼ਾਸਨਿਕ ਪ੍ਰਣਾਲੀ ਵਿੱਚ ਭਿ੍ਸ਼ਟਾਚਾਰ ਨੂੰ ਖਤਮ ਕਰਨਾ ਹੈ, ਜਿਸ ਤਹਿਤ ਵਿਜੀਲੈਂਸ ਬਿਊਰੋ ਨੇ ਭਿ੍ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਿਲੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਦੋ ਨਵੀਆਂ ਐੱਫ ਆਈ ਆਰ ਦਰਜ ਕੀਤੀਆਂ ਹਨ ਅਤੇ ਪਟਵਾਰੀ ਅਤੇ ਡੀਡ ਰਾਈਟਰ ਸਮੇਤ ਤਿੰਨ ਵਿਅਕਤੀਆਂ ਨੂੰ ਭਿ੍ਸ਼ਟਾਚਾਰ ਦੇ ਦੋਸ਼ ਹੇਠ ਗਿ੍ਫਤਾਰ ਕੀਤਾ ਗਿਆ ਹੈ | ਇਹ ਜਾਣਕਾਰੀ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਵਰਿੰਦਰ ਕੁਮਾਰ ਨੇ ਦਿੱਤੀ |
ਪਹਿਲੇ ਮਾਮਲੇ ਵਿੱਚ ਬੰਗਾ ਵਿਖੇ ਤਾਇਨਾਤ ਪਟਵਾਰੀ ਮਾਨਵਦੀਪ ਸਿੰਘ ਅਤੇ ਉਸ ਦੇ ਸਾਥੀ ਨਵਜੋਤ ਕੁਮਾਰ ਉਰਫ ਲਵੀ ਨੂੰ ਸ਼ਿਕਾਇਤਕਰਤਾ ਤੋਂ ਜ਼ਮੀਨ ਦੇ ਤਬਾਦਲੇ ਦੇ ਇੰਤਕਾਲ ਦਰਜ ਕਰਵਾਉਣ ਬਦਲੇ 2000 ਰੁਪਏ ਦੀ ਨਜਾਇਜ਼ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵੀਰਵਾਰ ਨੂੰ ਗਿ੍ਫਤਾਰ ਕੀਤਾ ਗਿਆ ਸੀ | ਇਸ ਸੰਬੰਧੀ ਥਾਣਾ ਵਿਜੀਲੈਂਸ ਬਿਊਰੋ, ਰੇਂਜ ਜਲੰਧਰ ਵਿਖੇ ਭਿ੍ਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 7-ਏ ਤਹਿਤ ਐੱਫ ਆਈ ਆਰ ਨੰਬਰ 9 ਮਿਤੀ 30 ਜੂਨ, 2022 ਦਰਜ ਕੀਤੀ ਗਈ ਹੈ |
ਇੱਕ ਹੋਰ ਮਾਮਲੇ ਵਿੱਚ ਲੁਧਿਆਣਾ ਕਮਿਸ਼ਨਰੇਟ ਦੇ ਥਾਣਾ ਦੁੱਗਰੀ ਵਿੱਚ ਤਾਇਨਾਤ ਏ.ਐੱਸ.ਆਈ. ਮਨਜੀਤ ਸਿੰਘ ਖਿਲਾਫ ਸ਼ਿਕਾਇਤਕਰਤਾ ਦੇ ਵਿਰੁੱਧ ਹੋਏ ਇੱਕ ਪੁਰਾਣੇ ਕੇਸ ਦੇ ਸੰਬੰਧ ਵਿੱਚ ਅਦਾਲਤ ‘ਚ ਚਲਾਨ ਪੇਸ਼ ਕਰਨ ਬਦਲੇ 1500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ | ਏ ਐੱਸ ਆਈ ਸ਼ਿਕਾਇਤਕਰਤਾ ਤੋਂ 3000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਸੀ | ਇਸ ਸੰਬੰਧੀ ਭਿ੍ਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐੱਫ.ਆਈ.ਆਰ ਨੰਬਰ 7 ਮਿਤੀ 28.06.2022 ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਦਰਜ ਕੀਤੀ ਗਈ ਹੈ ਅਤੇ ਪੁਲਸ ਦੋਸ਼ੀ ਏ.ਐੱਸ.ਆਈ. ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ |
ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਵੀਰਵਾਰ ਨੂੰ ਤਹਿਸੀਲ ਦਫਤਰ ਜਲੰਧਰ ਵਿਖੇ ਤਾਇਨਾਤ ਡੀਡ ਰਾਈਟਰ (ਆਰਜ਼ੀ ਨਵੀਸ) ਮੁਕੁਲ ਗੁਪਤਾ ਨੂੰ ਵੀ ਭਿ੍ਸ਼ਟਾਚਾਰ ਦੇ ਪਿਛਲੇ ਇੱਕ ਕੇਸ ਵਿੱਚ ਗਿ੍ਫਤਾਰ ਕੀਤਾ ਹੈ, ਜਿਸ ਵਿੱਚ ਉਸ ਨੇ ਸ਼ਿਕਾਇਤਕਰਤਾ ਦੇ ਪਲਾਟ ਦੀ ਬਿਨਾਂ ਐੱਨ ਓ ਸੀ ਦੇ ਰਜਿਸਟਰੀ ਕਰਵਾਉਣ ਬਦਲੇ 20,000 ਰੁਪਏ ਦੀ ਗੈਰ-ਕਾਨੂੰਨੀ ਰਕਮ ਵਸੂਲ ਕੀਤੀ ਸੀ | ਭਿ੍ਸ਼ਟਾਚਾਰ ਰੋਕੂ ਐਕਟ ਦੀ ਧਾਰਾ 7ਏ ਤਹਿਤ ਮੁਕੱਦਮਾ ਨੰਬਰ 08 ਮਿਤੀ 10.06.2022 ਨੂੰ ਥਾਣਾ ਵਿਜੀਲੈਂਸ ਬਿਊਰੋ, ਰੇਂਜ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ |
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਨੇ ਭਿ੍ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501200200 ਦੀ ਸ਼ੁਰੂਆਤ ਕੀਤੀ ਅਤੇ ਪੰਜਾਬ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਨਾਲ ਸੰਬੰਧਤ ਸ਼ਿਕਾਇਤਾਂ ਵਟਸਐਪ ਰਾਹੀਂ ਸਾਂਝੀਆਂ ਕਰਨ ਦੀ ਅਪੀਲ ਕੀਤੀ ਤਾਂ ਜੋ ਸੂਬੇ ਨੂੰ ਭਿ੍ਸ਼ਟਾਚਾਰ ਮੁਕਤ ਬਣਾਇਆ ਜਾ ਸਕੇ | ਹੈਲਪਲਾਈਨ ਨੰਬਰ ਸ਼ੁਰੂ ਹੋਣ ਤੋਂ ਬਾਅਦ ਸੂਬੇ ਦੇ ਸਿਹਤ ਮੰਤਰੀ ਵਿਜੈ ਸਿੰਗਲਾ, ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ, ਆਈ ਏ ਐੱਸ ਅਧਿਕਾਰੀ ਸੰਜੇ ਪੋਪਲੀ ਸਮੇਤ ਕਈ ਨਾਮੀ ਲੋਕਾਂ ਨੂੰ ਭਿ੍ਸ਼ਟਾਚਾਰ ਦੇ ਦੋਸ਼ਾਂ ਹੇਠ ਗਿ੍ਫਤਾਰ ਕੀਤਾ ਗਿਆ ਹੈ |

LEAVE A REPLY

Please enter your comment!
Please enter your name here