‘ਆਪ’ ਵੱਲੋਂ ‘ਇੱਕ ਰਾਸ਼ਟਰ, ਇੱਕ ਚੋਣ’ ਦਾ ਵਿਰੋਧ

0
260

ਚੰਡੀਗੜ੍ਹ (ਗੁਰਜੀਤ ਬਿੱਲਾ)
ਆਮ ਆਦਮੀ ਪਾਰਟੀ (ਆਪ) ਨੇ ‘ਇੱਕ ਦੇਸ਼, ਇੱਕ ਚੋਣ’ ਦੇ ਵਿਚਾਰ ਦਾ ਵਿਰੋਧ ਕੀਤਾ ਹੈ। ਭਾਜਪਾ ਵੱਲੋਂ ‘ਇੱਕ ਦੇਸ਼ ਇੱਕ ਚੋਣ’ ਲਈ ਕਮੇਟੀ ਦੇ ਗਠਨ ’ਤੇ ‘ਆਪ’ ਨੇ ਕਿਹਾ ਕਿ ਭਾਰਤ ’ਚ ‘ਇੱਕ ਦੇਸ਼, ਇੱਕ ਚੋਣ’ ਨੂੰ ਲਾਗੂ ਕਰਨਾ ਅਮਲੀ ਤੌਰ ’ਤੇ ਸੰਭਵ ਨਹੀਂ। ਚੰਡੀਗੜ੍ਹ ਪਾਰਟੀ ਦਫਤਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਰਤ ਵੱਖ-ਵੱਖ ਰਾਜਾਂ (ਜਿਸ ’ਚ ਵੱਖ-ਵੱਖ ਧਰਮਾਂ, ਜਾਤਾਂ ਅਤੇ ਭਾਸ਼ਾਵਾਂ ਦੇ ਲੋਕ ਰਹਿੰਦੇ ਹਨ) ਦਾ ਸੰਘ ਹੈ, ਪਰ ਭਾਜਪਾ ਦਾ ਇੱਕ ਰਾਸ਼ਟਰ ਇੱਕ ਚੋਣ, ਇੱਕ ਰਾਸ਼ਟਰ ਇੱਕ ਪਾਰਟੀ, ਇੱਕ ਰਾਸ਼ਟਰ ਇੱਕ ਧਰਮ ਅਤੇ ਇੱਕ ਰਾਸ਼ਟਰ ਇੱਕ ਭਾਸ਼ਾ ਦਾ ਵਿਚਾਰ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਦੇ ਸਾਰ ਦੇ ਵਿਰੁੱਧ ਹੈ। ਕੰਗ ਨੇ ਕਿਹਾ ਕਿ ਭਾਜਪਾ ਇੰਡੀਆ ਬਲਾਕ ਅਤੇ ਉਸ ਦੀ ਤਾਕਤ ਤੋਂ ਡਰੀ ਹੋਈ ਹੈ। ਉਨ੍ਹਾ ਕਿਹਾ ਕਿ ਵਿਚਾਰਧਾਰਕ ਵਖਰੇਵਿਆਂ ਦੇ ਬਾਵਜੂਦ ਵੱਖ-ਵੱਖ ਪਾਰਟੀਆਂ ਇੱਕ ਸਾਂਝੇ ਮੰਚ ’ਤੇ ਆਈਆਂ ਹਨ। ਅਸੀਂ ਭਾਰਤ ਦੇ 140 ਕਰੋੜ ਲੋਕਾਂ ਦੀ ਨੁਮਾਇੰਦਗੀ ਕਰਨੀ ਹੈ ਅਤੇ ਆਪਣੇ ਦੇਸ਼ ਅਤੇ ਲੋਕਤੰਤਰ ਨੂੰ ਬਚਾਉਣਾ ਹੈ। ਉਨ੍ਹਾ ਕਿਹਾ ਕਿ ਪੰਜ ਵੱਡੇ ਰਾਜਾਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਪਰ ਭਾਜਪਾ ਆਪਣਾ ਮੈਦਾਨ ਗੁਆ ਰਹੀ ਹੈ। ਧਰੁਵੀਕਰਨ ਅਤੇ ਨਫਰਤ ਦੀ ਰਾਜਨੀਤੀ ਵੀ ਫੇਲ੍ਹ ਹੋ ਰਹੀ ਹੈ, ਜਿਸ ਕਾਰਨ ਭਾਜਪਾ ਸਾਰੇ ਰਾਜਾਂ ’ਚ ਬੁਰੀ ਤਰ੍ਹਾਂ ਹਾਰ ਰਹੀ ਹੈ। ਇਸੇ ਕਾਰਨ ਪ੍ਰਧਾਨ ਮੰਤਰੀ ਘਬਰਾਏ ਹੋਏ ਹਨ ਅਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕੰਗ ਨੇ ‘ਇੱਕ ਦੇਸ਼, ਇੱਕ ਚੋਣ’ ਦਾ ਸਮਰਥਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ’ਤੇ ਵੀ ਤਿੱਖਾ ਹਮਲਾ ਕੀਤਾ। ਉਹਨਾ ਕਿਹਾ ਕਿ ਅਕਾਲੀ ਦਲ ਬਾਦਲ ਨੂੰ ਦੇਸ਼, ਇੱਥੋਂ ਦੇ ਲੋਕਾਂ, ਪੰਜਾਬ ਅਤੇ ਸਿੱਖ ਧਰਮ ਦੀ ਕੋਈ ਪ੍ਰਵਾਹ ਨਹੀਂ, ਉਹ ਸਿਰਫ ਆਪਣੇ ਸਿਆਸੀ, ਵਿੱਤੀ ਅਤੇ ਨਿੱਜੀ ਹਿੱਤਾਂ ਤੋਂ ਪ੍ਰੇਰਿਤ ਹੈ। ਅਕਾਲੀ ਦਲ ਰਾਜਾਂ ਦੇ ਅਧਿਕਾਰਾਂ ਅਤੇ ਦੇਸ਼ ਦੇ ਸੰਘੀ ਢਾਂਚੇ ਦੀ ਕੀਮਤ ’ਤੇ ਇਸ ਵਿਚਾਰ ਦੀ ਹਮਾਇਤ ਕਰ ਰਿਹਾ ਹੈ, ਜਿਸ ਦਾ ਮਤਲਬ ਹੈ ਕਿ ਅਕਾਲੀ ਦਲ ਬਾਦਲ ਨੂੰ ਸ੍ਰੀ ਆਨੰਦਪੁਰ ਸਾਹਿਬ ਪ੍ਰਸਤਾਵ ਦਾ ਕੋਈ ਸਤਿਕਾਰ ਨਹੀਂ।

LEAVE A REPLY

Please enter your comment!
Please enter your name here