ਮੰੁਬਈ : ਮਰਾਠਾ ਰਾਖਵਾਂਕਰਨ ਨੂੰ ਲੈ ਕੇ ਜਾਲਨਾ ’ਚ ਚੱਲ ਰਹੇ ਅੰਦੋਲਨ ’ਤੇ ਲਾਠੀਚਾਰਜ ਨੂੰ ਲੈ ਕੇ ਡਿਪਟੀ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਮੁਆਫ਼ੀ ਮੰਗ ਲਈ ਹੈ। ਇਸ ਮਾਮਲੇ ਨੂੰ ਲੈ ਕੇ ਸੋਮਵਾਰ ਕਈ ਘੰਟਿਆਂ ਤੱਕ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਪ੍ਰਧਾਨਗੀ ’ਚ ਮੀਟਿੰਗ ਹੋਈ। ਮੀਟਿੰਗ ’ਚ ਅੰਦੋਲਨਕਾਰੀਆਂ ਨਾਲ ਗੱਲਬਾਤ ਕਰਨ ’ਤੇ ਸਹਿਮਤੀ ਬਣੀ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਮੁੱਖ ਮੰਤਰੀ ਫੜਨਵੀਸ ਨੇ ਕਿਹਾ ਕਿ ਮੈਂ ਲਾਠੀਚਾਰਜ ਨੂੰ ਲੈ ਕੇ ਮੁਆਫ਼ੀ ਮੰਗਦਾ ਹਾਂ। ਉਨ੍ਹਾ ਕਿਹਾ, ‘ਪੁਲਸ ਵੱਲੋਂ ਲਾਠੀਚਾਰਜ ਕਰਨਾ ਗਲਤ ਸੀ। ਮੈਂ ਸਰਕਾਰ ਵੱਲੋਂ ਇਸ ਦੀ ਮੁਆਫ਼ੀ ਮੰਗਦਾ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਦੇ ਜ਼ਿੰਮੇਵਾਰ ਲੋਕਾਂ ਖਿਲਾਫ਼ ਐਕਸ਼ਨ ਲਿਆ ਜਾਵੇਗਾ।’ ਮਰਾਠਾ ਕੋਟੇ ਨੂੰ ਲੈ ਕੇ ਹੋਈ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਸ਼ਿੰਦੇ ਨੇ ਕਿਹਾ, ‘ਅਸੀਂ ਅੱਜ ਮਰਾਠਾ ਰਾਖਵਾਂਕਰਨ ’ਤੇ ਉੱਚ ਪੱਧਰੀ ਮੀਟਿੰਗ ਕੀਤੀ। ਮੈਂ ਪਹਿਲਾਂ ਹੀ ਅੰਦੋਲਨਕਾਰੀਆਂ ਨਾਲ ਗੱਲਬਾਤ ਕੀਤੀ ਸੀ। ਅਸੀਂ ਇਸ ਮਸਲੇ ਨੂੰ ਸਹੀ ਤਰੀਕੇ ਨਾਲ ਨਜਿੱਠਾਂਗੇ। ਸਾਡੀ ਸਰਕਾਰ ਮਰਾਠਾ ਰਾਖਵਾਂਕਰਨ ਨਾਲ ਜੁੜੇ ਮਸਲੇ ਨੂੰ ਸੁਲਝਾਉਣ ਲਈ ਤਤਪਰ ਹੈ।’ ਇਸ ਮੀਟਿੰਗ ’ਚ ਅਜੀਤ ਪਵਾਰ ਵੀ ਮੌਜੂਦ ਸਨ।




