15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਨਰਮੇ ਦੇ ਬੀਜਾਂ ਦੀ 2.69 ਕਰੋੜ ਦੀ ਸਬਸਿਡੀ ਜਾਰੀ

0
345

ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ‘ਤੇ 33 ਫੀਸਦੀ ਸਬਸਿਡੀ ਦੇਣ ਸੰਬੰਧੀ ਕੀਤੇ ਗਏ ਵਾਅਦੇ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 15,541 ਕਿਸਾਨਾਂ ਦੇ ਬੈਂਕ ਖਾਤਿਆਂ ‘ਚ 2.69 ਕਰੋੜ ਰੁਪਏ ਦੀ ਸਬਸਿਡੀ ਪਾਈ ਗਈ ਹੈ |
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ ਬੀ ਟੀ) ਪ੍ਰਣਾਲੀ ਰਾਹੀਂ 87,173 ਕਿਸਾਨਾਂ ਨੂੰ ਨਰਮੇ ਦੇ ਬੀਜ ਦੀ ਸਬਸਿਡੀ ਵਜੋਂ ਹੁਣ ਤੱਕ ਕੁੱਲ 17.02 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ | ਇਹ ਸਬਸਿਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ ‘ਤੇ ਦਿੱਤੀ ਜਾ ਰਹੀ ਹੈ |
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਵੱਲੋਂ ਪਹਿਲੇ ਪੜਾਅ ਤਹਿਤ 71,632 ਲਾਭਪਾਤਰੀ ਕਿਸਾਨਾਂ ਨੂੰ 14.33 ਕਰੋੜ ਰੁਪਏ ਜਾਰੀ ਕੀਤੇ ਗਏ ਸਨ | ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ‘ਚ ਬਾਕੀ ਰਹਿੰਦੇ ਯੋਗ ਲਾਭਪਾਤਰੀ ਕਿਸਾਨਾਂ ਨੂੰ ਵੀ ਸਬਸਿਡੀ ਜਾਰੀ ਕਰ ਦਿੱਤੀ ਜਾਵੇਗੀ |
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਮਿਆਰੀ ਖੇਤੀ ਵਸਤਾਂ ਮੁਹੱਈਆ ਕਰਵਾਉਣ ਵਾਸਤੇ ਕੁਆਲਟੀ ਕੰਟਰੋਲ ਯਕੀਨੀ ਬਣਾਇਆ ਜਾ ਰਿਹਾ ਹੈ | ਇਸ ਮੰਤਵ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਸਮੇਂ-ਸਮੇਂ ਉੱਤੇ ਕੀਟਨਾਸ਼ਕ ਅਤੇ ਬੀਜਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ |

LEAVE A REPLY

Please enter your comment!
Please enter your name here