ਚੰਡੀਗੜ੍ਹ (ਗੁਰਜੀਤ ਬਿੱਲਾ)-ਸਿਖਲਾਈਯਾਫਤਾ ਪਟਵਾਰੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਇਨ੍ਹਾਂ ਪਟਵਾਰੀਆਂ ਦੇ ਸਿਖਲਾਈ ਭੱਤੇ ‘ਚ ਤਿੰਨ ਗੁਣਾ ਤੋਂ ਵੀ ਜ਼ਿਆਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਹੁਣ ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ 18000 ਰੁਪਏ ਮਿਲਣਗੇ | ਨਵੇਂ ਭਰਤੀ ਹੋਏ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਧਾ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਸਿਖਲਾਈ ਅਧੀਨ ਪਟਵਾਰੀ ਆਪਣੀ ਡਿਊਟੀ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਸੁਚਾਰੂ ਢੰਗ ਨਾਲ ਨਿਭਾਅ ਸਕਣ | ਉਨ੍ਹਾਂ ਕਿਹਾ ਕਿ ਇਨ੍ਹਾਂ ਪਟਵਾਰੀਆਂ ਲਈ 5000 ਰੁਪਏ ਮਹੀਨਾ ਭੱਤਾ ਬਹੁਤ ਘੱਟ ਹੈ ਕਿਉਂ ਜੋ ਉਹ ਬਹੁਤ ਸਖਤ ਮੁਕਾਬਲੇ ‘ਚੋਂ ਪਾਸ ਹੋ ਕੇ ਸੇਵਾ ਵਿੱਚ ਆਉਂਦੇ ਹਨ, ਜਿਸ ਕਰਕੇ ਸਰਕਾਰ ਨੇ ਵਾਧਾ ਕਰਨ ਦਾ ਫੈਸਲਾ ਲਿਆ ਹੈ | ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਈ ਜਾਵੇਗੀ |
ਮੁੱਖ ਮੰਤਰੀ ਨੇ ਪਟਵਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਆਪਣੀ ਕਲਮ ਦੀ ਵਰਤੋਂ ਲੋਕਾਂ ਦੇ ਭਲੇ ਲਈ ਕਰਨ | ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਆਪਣੇ ਭਿ੍ਸ਼ਟ ਸਾਥੀਆਂ ਦੀ ਮਦਦ ਲਈ ਕਲਮ ਛੋੜ ਹੜਤਾਲ ਦੇ ਨਾਂਅ ਹੇਠ ਲੋਕਾਂ ਨੂੰ ਖੱਜਲ-ਖੁਆਰ ਕਰ ਰਹੇ ਹਨ | ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਬੇਲੋੜਾ ਹੈ ਕਿਉਂ ਜੋ ਸੂਬਾ ਸਰਕਾਰ ਆਮ ਲੋਕਾਂ ਦੇ ਹਿੱਤ ‘ਚ ਕੋਈ ਸਮਝੌਤਾ ਨਹੀਂ ਕਰੇਗੀ | ਪ੍ਰਦਰਸ਼ਨਕਾਰੀ ਪਟਵਾਰੀਆਂ ਦੇ ਅੜੀਅਲ ਰਵੱਈਏ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਆਮ ਆਦਮੀ ਨੂੰ ਤੰਗ-ਪ੍ਰੇਸ਼ਾਨ ਕਰਕੇ ਸੂਬਾ ਸਰਕਾਰ ਨੂੰ ਬਲੈਕਮੇਲ ਕਰਨਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਹਿੱਤ ‘ਚ ਅਜਿਹੀਆਂ ਨੌਟੰਕੀਆਂ ਅੱਗੇ ਕਿਸੇ ਵੀ ਕੀਮਤ ‘ਤੇ ਨਹੀਂ ਝੁਕੇਗੀ | ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ |
ਮੁੱਖ ਮੰਤਰੀ ਨੇ ਪਟਵਾਰੀਆਂ ਨੂੰ ਆਪਣੀ ਕਲਮ ਲੋਕ ਭਲਾਈ ਲਈ ਵਰਤਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਆਉਂਦੇ ਸਮੇਂ ‘ਚ ਜਿੰਨੀ ਕਲਮ ਤੁਸੀਂ ਲੋਕ ਹਿੱਤ ‘ਚ ਚਲਾਓਗੇ, ਓਨੇ ਹੀ ਭੱਤੇ ਸਰਕਾਰ ਹੋਰ ਵਧਾਏਗੀ | ਉਨ੍ਹਾਂ ਕਿਹਾ ਕਿ ਕਲਮ ਛੋੜ ਹੜਤਾਲ ਦਾ ਫਾਇਦਾ ਕਿਸੇ ਨੂੰ ਨਹੀਂ ਹੋਣਾ, ਜਿਸ ਕਰਕੇ ਨਵੇਂ ਚੁਣੇ ਪਟਵਾਰੀਆਂ ਨੂੰ ਅਜਿਹੀ ਕਾਰਵਾਈ ‘ਚ ਸ਼ਾਮਲ ਨਹੀਂ ਹੋਣਾ ਚਾਹੀਦਾ | ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮੁਫਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸੰਬੰਧ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ |
ਪੁਲਸ ਫੋਰਸ ਦੀ ਸਾਲਾਨਾ ਭਰਤੀ ਵਾਂਗ ਪਟਵਾਰੀਆਂ ਦੀ ਵੀ ਸਾਲਾਨਾ ਭਰਤੀ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 586 ਨਵੇਂ ਪਟਵਾਰੀਆਂ ਦੀਆਂ ਅਸਾਮੀਆਂ ਲਈ ਇਸ਼ਤਿਹਾਰ ਛੇਤੀ ਜਾਰੀ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ ਰੈਗੂਲਰ ਭਰਤੀ ਹੋਣ ਨਾਲ ਜਿੱਥੇ ਮਾਲ ਵਿਭਾਗ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ, ਉਥੇ ਹੀ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ | ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਸਮਾਗਮ ਸਿਰਫ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਸਮਾਗਮ ਨਹੀਂ ਹੈ, ਸਗੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਹਕੀਕਤ ‘ਚ ਬਦਲਣ ਦਾ ਇਤਿਹਾਸਕ ਸਮਾਗਮ ਹੈ, ਜਿਸ ਨਾਲ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਅਤੇ ਲੋਕਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਚਨਬੱਧ ਹੈ | ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਕਿ ਸੂਬੇ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾ ਸਕੇ | ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਨੌਜਵਾਨਾਂ ਨੂੰ 35 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ |
ਵਿਰੋਧੀ ਪਾਰਟੀਆਂ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ‘ਚ ਹੁੰਦਿਆਂ ਜਿਹੜੇ ਆਗੂ ਆਪਣੇ ਮਹਿਲਾਂ ‘ਚੋਂ ਬਾਹਰ ਨਹੀਂ ਨਿਕਲੇ, ਉਹ ਹੁਣ ਸੂਬੇ ਦੇ ਸਿਆਸੀ ਦਿ੍ਸ਼ ਤੋਂ ਹੀ ਲਾਂਭੇ ਹੋ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਹੁਣ ਨਵੇਂ ਦੌਰ ਦੀ ਸ਼ੁਰੂਆਤ ਦਾ ਗਵਾਹ ਬਣਿਆ ਹੈ ਕਿਉਂਕਿ ਅਜੇਤੂ ਸਮਝੇ ਜਾਂਦੇ ਪੁਰਾਣੇ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਰਾਹ ਦਿਖਾਇਆ ਹੈ | ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਈ ਇਸ ਤਬਦੀਲੀ ਕਾਰਨ ਪਹਿਲੀ ਦਫ਼ਾ ਲੋਕ ਪੱਖੀ ਫੈਸਲਿਆਂ ਨੂੰ ਸ਼ਾਸਨ ਦੇ ਕੇਂਦਰ ਬਿੰਦੂ ‘ਚ ਰੱਖਿਆ ਗਿਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਆਪਣਾ ਕਾਰਜਭਾਰ ਸੰਭਾਲਣ ਮਗਰੋਂ ਉਨ੍ਹਾਂ ਸਾਰੇ ਕਾਨੂੰਨੀ ਤੇ ਪ੍ਰਬੰਧਕੀ ਅੜਿੱਕੇ ਦੂਰ ਕਰਕੇ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ |
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਇਨਕਲਾਬ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਨੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਦੀ ਤਿਆਰੀ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਲਈ 68 ਕਰੋੜ ਰੁਪਏ ਦਾ ਬੱਜਟ ਪਹਿਲਾਂ ਹੀ ਇਨ੍ਹਾਂ ਸਕੂਲਾਂ ਦੇ ਨਿਰਮਾਣ ਲਈ ਜਾਰੀ ਕਰ ਦਿੱਤਾ ਗਿਆ ਹੈ ਅਤੇ ਪਹਿਲਾ ਸਕੂਲ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ | ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ |
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਭਰ ‘ਚ 664 ਆਮ ਆਦਮੀ ਕਲੀਨਿਕ ਖੋਲ੍ਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਸੰਭਾਲ ਖੇਤਰ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95 ਫੀਸਦੀ ਮਰੀਜ਼ਾਂ ਨੂੰ ਬਿਮਾਰੀਆਂ ਤੋਂ ਨਿਜ਼ਾਤ ਮਿਲ ਰਹੀ ਹੈ | ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਸਿਸਟਮ ਦੀ ਕਾਇਆ-ਕਲਪ ਕਰਨ ਲਈ ਕੰਮ ਕਰ ਰਹੇ ਹਨ ਅਤੇ ਹੁਣ ਤੱਕ 50 ਲੱਖ ਤੋਂ ਵੱਧ ਮਰੀਜ਼ ਇਨ੍ਹਾਂ ਕਲੀਨਿਕਾਂ ਜ਼ਰੀਏ ਮੁਫ਼ਤ ਦਵਾਈਆਂ ਤੇ ਕਲੀਨਿਕਲ ਟੈਸਟਾਂ ਦੀ ਸਹੂਲਤ ਲੈ ਚੁੱਕੇ ਹਨ |




