ਜਲੰਧਰ (ਸ਼ੈਲੀ ਐਲਬਰਟ, ਸੁਰਿੰਦਰ ਕੁਮਾਰ)-ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਤਕਰੀਬਨ ਡੇਢ ਸਾਲ ਦੇ ਅਰਸੇ ਅੰਦਰ ਨੌਜਵਾਨਾਂ ਨੂੰ 35848 ਸਰਕਾਰੀ ਨੌਕਰੀਆਂ ਦਿੱਤੀਆਂ ਹਨ | ਪੰਜਾਬ ਪੁਲਸ ‘ਚ ਨਵੇਂ ਭਰਤੀ ਹੋਏ 560 ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਕਾਰਨ ਇਨ੍ਹਾਂ ਪੁਲਸ ਮੁਲਾਜ਼ਮਾਂ ਨੂੰ ਦੋ ਸਾਲਾਂ ਬਾਅਦ ਇਹ ਨਿਯੁਕਤੀ ਪੱਤਰ ਮਿਲੇ ਹਨ | ਉਨ੍ਹਾ ਨਵੇਂ ਭਰਤੀ ਹੋਏ ਸਬ-ਇੰਸਪੈਕਟਰਾਂ ਨੂੰ ਕਿਹਾ ਕਿ ਉਹ ਆਪਣੇ ਅਹੁਦੇ ਦੀ ਵਰਤੋਂ ਲੋਕਾਂ ਦੀ ਭਲਾਈ ਅਤੇ ਸੇਵਾ ਲਈ ਕਰਨ, ਨਾ ਕਿ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਲਈ | ਉਨ੍ਹਾ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ, ਜਿਸ ਲਈ ਠੋਸ ਯਤਨ ਕੀਤੇ ਜਾ ਰਹੇ ਹਨ | ਭਗਵੰਤ ਮਾਨ ਨੇ ਸੂਬੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦਿ੍ੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਨਵ-ਨਿਯੁਕਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਵਾਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣਗੇ | ਉਨ੍ਹਾ ਕਿਹਾ ਕਿ ਮੌਜੂਦਾ ਸਰਕਾਰ ਇਸ ਪਾਸੇ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਇਹ ਭਰਤੀਆਂ ਬਿਲਕੁੱਲ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ, ਜਦ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰਿਸ਼ਵਤ ਅਤੇ ਸਿਫਾਰਸ਼ਾਂ ਤੋਂ ਬਿਨਾਂ ਕਦੇ ਕੋਈ ਨੌਕਰੀਆਂ ਨਹੀਂ ਦਿੱਤੀਆਂ | ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਵਿਦਿਆਰਥੀਆਂ ਦੀ ਚੋਣ ਉਨ੍ਹਾਂ ਦੀ ਯੋਗਤਾ ਅਤੇ ਕੁਸ਼ਲਤਾ ਅਨੁਸਾਰ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇ |
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਵਿਭਾਗਾਂ ‘ਚ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ, ਕਿਉਂਕਿ ਪਿਛਲੀਆਂ ਸਰਕਾਰਾਂ ‘ਚੋਂ ਕਿਸੇ ਵੀ ਸਰਕਾਰ ਨੇ ਖਾਸ ਕਰਕੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਅੰਦਰ ਨੌਜਵਾਨਾਂ ਨੂੰ ਏਨੀਆਂ ਨੌਕਰੀਆਂ ਨਹੀਂ ਦਿੱਤੀਆਂ | ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਸੂਬੇ ਦੇ ਯੋਗ ਅਤੇ ਕੁਸ਼ਲ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ | ਉਨ੍ਹਾ ਕਿਹਾ ਕਿ ਇਨ੍ਹਾਂ 560 ਅਸਾਮੀਆਂ ‘ਤੇ ਚੁਣੇ ਗਏ ਨੌਜਵਾਨਾਂ ‘ਚੋਂ 95 ਫੀਸਦੀ ਨੌਜਵਾਨ ਸੂਬੇ ਦੇ ਹਨ ਅਤੇ ਬਾਕੀ ਵੀ ਸੂਬੇ ‘ਚ ਹੀ ਰਹਿ ਰਹੇ ਹਨ | ਉਹਨਾ ਕਿਹਾ ਕਿ ਇਨ੍ਹਾਂ ਸਾਰੇ ਪੁਲਸ ਮੁਲਾਜ਼ਮਾਂ ਨੇ ਮੈਰਿਟ ‘ਚ ਪੰਜਾਬੀ ਭਾਸ਼ਾ ਦਾ ਟੈਸਟ ਪਾਸ ਕੀਤਾ ਹੈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ‘ਚ ਮੋਹਰੀ ਸਥਾਨ ਹਾਸਲ ਕੀਤੇ ਹਨ |
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਸ ‘ਚ 1700 ਕਾਂਸਟੇਬਲਾਂ ਦੀ ਭਰਤੀ ਲਈ ਜਲਦ ਹੀ ਇੱਕ ਵੱਡੀ ਮੁਹਿੰਮ ਸ਼ੁਰੂ ਕਰੇਗੀ | ਉਨ੍ਹਾ ਕਿਹਾ ਕਿ ਪੰਜਾਬ ਪੁਲਸ ਨੇ ਸ਼ੁਰੂ ਤੋਂ ਹੀ ਸਖਤ ਮਿਹਨਤ, ਲਗਨ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕੀਤੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ‘ਚ ਸੜਕ ਹਾਦਸਿਆਂ ‘ਚ ਮੌਤ ਦਰ ਨੂੰ ਘਟਾਉਣ ਅਤੇ ਸੜਕਾਂ ‘ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਤਿਆਰ ਕੀਤੀ ਹੈ |
ਉਨ੍ਹਾ ਕਿਹਾ ਕਿ ਇਹ ਆਪਣੀ ਕਿਸਮ ਦੀ ਪਹਿਲੀ ਫੋਰਸ ਪੰਜਾਬ ‘ਚ ਰੋਜ਼ਾਨਾ ਸੜਕ ਹਾਦਸਿਆਂ ‘ਚ ਜਾਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ | ਉਹਨਾ ਕਿਹਾ ਕਿ ਸੜਕ ਹਾਦਸਿਆਂ ਤੋਂ ਬਚਣ ਲਈ ਇਸ ਫੋਰਸ ਨੂੰ ਤੇਜ਼ ਅਤੇ ਗਲਤ ਢੰਗ ਨਾਲ ਡਰਾਈਵਿੰਗ ‘ਤੇ ਲਗਾਮ ਕੱਸਣ, ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ ਅਤੇ ਇਸ ਨਾਲ ਥਾਣਿਆਂ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਬੋਝ ਵੀ ਘਟੇਗਾ | ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਿੱਖਿਆ ਖੇਤਰ ‘ਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਸਕੂਲ ਆਫ ਐਮੀਨੈਂਸ ਪ੍ਰਾਜੈਕਟ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ |
ਇਨ੍ਹਾਂ ਸਕੂਲਾਂ ਨੂੰ ਸਥਾਪਤ ਕਰਨ ਲਈ 68 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ ਅਤੇ ਪਹਿਲਾ ਸਕੂਲ 13 ਸਤੰਬਰ ਨੂੰ ਸਮਰਪਿਤ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਉਹ ਕਦੇ ਵੀ ਸਰਕਾਰੀ ਖਜ਼ਾਨੇ ਦਾ ਪੈਸਾ ਨਿੱਜੀ ਜਾਂ ਪਰਵਾਰਕ ਹਿੱਤਾਂ ਲਈ ਵਰਤਣ ਬਾਰੇ ਸੋਚ ਵੀ ਨਹੀਂ ਸਕਦੇ | ਉਹ ਕਰਦਾਤਿਆਂ ਦੇ ਇਸ ਪੈਸੇ ‘ਚੋਂ ਇੱਕ ਵੀ ਪੈਸਾ ਖਾਣ ਨਾਲੋਂ ਮਰਨਾ ਪਸੰਦ ਕਰਨਗੇ | ਉਨ੍ਹਾ ਕਿਹਾ ਕਿ ਉਨ੍ਹਾ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ |





