18 ਮਹੀਨਿਆਂ ’ਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕੀਤਾ ਕਾਇਮ : ਭਗਵੰਤ ਮਾਨ

0
223

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ’ਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲੱਗਭੱਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ। ਇੱਥੇ ਸੈਕਟਰ-35 ਦੇ ਮਿਊਂਸਪਲ ਭਵਨ ਵਿਖੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 191, ਪਸ਼ੂ ਪਾਲਣ ਵਿਭਾਗ ਦੇ 25, ਸਹਿਕਾਰਤਾ ਦੇ 24 ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਅੱਜ ਤੋਂ ਉਹ ਸਰਕਾਰ ਦੀ ਉਸ ਟੀਮ ਦਾ ਹਿੱਸਾ ਬਣ ਗਏ ਹਨ ਜੋ ‘ਰੰਗਲਾ ਪੰਜਾਬ’ ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾ ਕਿਹਾ ਕਿ ਪਿਛਲੇ ਸਮੇਂ ’ਚ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਮਹੀਨਿਆਂ ’ਚ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ’ਚ ਨੌਕਰੀਆਂ ਨਹੀਂ ਦਿੱਤੀਆਂ। ਉਨ੍ਹਾ ਕਿਹਾ ਕਿ ਸੂਬੇ ਦੇ ਪਿਛਲੇ ‘ਕਪਤਾਨਾਂ’ ਦੀ ਮਾੜੀ ਕਾਰਗੁਜ਼ਾਰੀ ਕਰਕੇ ਸੂਬੇ ਦੇ ਨੌਜਵਾਨਾਂ ’ਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ ਹੈ। ਇਨ੍ਹਾਂ ਲੀਡਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਕਦੇ ਵੀ ਧਿਆਨ ਹੀ ਨਹੀਂ ਦਿੱਤਾ, ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਹੋਰ ਮੁਲਕਾਂ ਵੱਲ ਰੁਖ ਕਰਨਾ ਪਿਆ। ਮਾਨ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇ ਕੇ ਇਸ ਨਾਕਾਰਾਤਮਕ ਰੁਝਾਨ ਨੂੰ ਠੱਲ੍ਹ ਪਾਈ ਹੈ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਹੋਣ ਦੀ ਬਿਆਨਬਾਜ਼ੀ ਕਰਕੇ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਤੋੜਿਆ। ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਕ-ਆਰਥਕ ਵਿਕਾਸ ’ਚ ਸਰਗਰਮ ਭਾਈਵਾਲ ਬਣ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, ਜਿਵੇਂ ਹਵਾਈ ਅੱਡਿਆਂ ’ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਨ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ’ਚ ਮਦਦ ਕਰ ਰਹੀ ਹੈ। ਨੌਜਵਾਨਾਂ ਦੇ ਸੁਪਨਿਆਂ ਦੀ ਉਡਾਨ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ’ਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਬੁੱਧਵਾਰ ਨੂੰ ਸੂਬੇ ’ਚ ‘ਸਕੂਲ ਆਫ ਐਮੀਨੈਂਸ’ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾ ਕਿਹਾ ਕਿ ਸੂਬੇ ਵਿੱਚ ਸਥਾਪਤ ਕੀਤਾ ਗਿਆ ਪਹਿਲਾ ਅਜਿਹਾ ਹਾਈ-ਟੈਕ ਸਕੂਲ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

LEAVE A REPLY

Please enter your comment!
Please enter your name here