ਇਸਲਾਮਾਬਾਦ : ਪਾਕਿਸਤਾਨ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅੱਗ ਲੱਗੀ ਹੋਈ ਹੈ। ਬੀਤੇ ਦਿਨੀਂ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ ’ਚ ਵਾਧਾ ਕੀਤਾ ਗਿਆ, ਹੁਣ ਇੱਕ ਵਾਰ ਫਿਰ ਪਾਕਿਸਤਾਨ ਦੀ ਕਾਰਜਕਾਰੀ ਸਰਕਾਰ ਨੇ ਪੈਟਰੋਲ 26 ਰੁਪਏ ਮਹਿੰਗਾ ਕਰ ਦਿੱਤਾ ਹੈ। ਪਾਕਿਸਤਾਨ ਦੇ ਵਿੱਤ ਮੰਤਰੀ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਕਿ ਅੰਤਰਰਾਸ਼ਟਰੀ ਬਾਜ਼ਾਰ ’ਚ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਦੇਖਦੇ ਹੋਏ ਸਰਕਾਰ ਨੇ ਪੈਟਰੋਲੀਅਮ ਉਤਪਾਦਾਂ ਦੀਆਂ ਮੌਜੂਦਾ ਕੀਮਤਾਂ ’ਚ ਬਦਲਾਅ ਕਰਨ ਦਾ ਫੈਸਲਾ ਲਿਆ ਹੈ। ਬਿਆਨ ’ਚ ਕਿਹਾ ਗਿਆ ਕਿ ਪੈਟਰੋਲੀਅਮ ਉਤਪਾਦਾਂ ਦੀਆਂ ਨਵੀਂਆਂ ਕੀਮਤਾਂ ਸ਼ਨੀਵਾਰ ਤੋਂ ਹੀ ਲਾਗੂ ਹੋ ਗਈਆਂ।
ਸਰਕਾਰ ਵੱਲੋਂ ਜਾਰੀ ਬਿਆਨ ਮੁਤਾਬਕ 26 ਰੁਪਏ 2 ਪੈਸੇ ਦੇ ਵਾਧੇ ਤੋਂ ਬਾਅਦ ਪੈਟਰੋਲ ਦੀ ਨਵੀਂ ਕੀਮਤ 331 ਰੁਪਏ 38 ਪੈਸੇ ਪ੍ਰਤੀ ਲੀਟਰ ਹੋ ਗਈ। ਹਾਈ ਸਪੀਡ ਡੀਜ਼ਲ ਦੀ ਕੀਮਤ 17 ਰੁਪਏ 34 ਪੈਸੇ ਪ੍ਰਤੀ ਲੀਟਰ ਵਧਾਈ ਗਈ ਹੈ ਅਤੇ ਨਵੀਂ ਕੀਮਤ 329 ਰੁਪਏ 18 ਪੈਸੇ ਤੈਅ ਕੀਤੀ ਗਈ ਹੈ। ਅਖ਼ਬਾਰ ‘ਡਾਨ’ ਮੁਤਾਬਕ ਪਿਛਲੇ ਇੱਕ ਮਹੀਨੇ ’ਚ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ’ਚ ਕਰੀਬ 58.43 ਅਤੇ 55.83 ਰੁਪਏ ਦਾ ਵਾਧਾ ਹੋਇਆ ਹੈ।


