27.9 C
Jalandhar
Sunday, September 8, 2024
spot_img

ਪਰਮਗੁਣੀ ਭਗਤ ਸਿੰਘ ਦਾ ਜਨਮ ਦਿਨ ਜਲੰਧਰ ਵਿਖੇ ਮਨਾਇਆ ਜਾਵੇਗਾ : ਢਾਬਾਂ, ਪਿ੍ਰਤਪਾਲ ਸਿੰਘ

ਜਲੰਧਰ, (ਰਾਜੇਸ਼ ਥਾਪਾ)-ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਅਤੇ ਸਰਬ ਭਾਰਤ ਨੌਜਵਾਨ ਸਭਾ ਵੱਲੋਂ ਰੁਜ਼ਗਾਰ ਪ੍ਰਾਪਤੀ ਮੁਹਿੰਮ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 28 ਸਤੰਬਰ ਨੂੰ ਪਰਮਗੁਣੀ ਭਗਤ ਸਿੰਘ ਦਾ ਜਨਮ ਦਿਨ ਦੇਸ਼ ਭਗਤ ਯਾਦਗਾਰ ਹਾਲ ਵਿਖੇ ਇਨਕਲਾਬੀ ਜੋਸ਼ੋ-ਖਰੋਸ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਸ਼ਨੀਵਾਰ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੀਤੀ ਗਈ ਦੋਨੋਂ ਜਥੇਬੰਦੀਆਂ ਦੀ ਮੀਟਿੰਗ ’ਚ ਲਏ ਗਏ ਫੈਸਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਪਰਮਜੀਤ ਢਾਬਾਂ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਸਕੱਤਰ ਪਿ੍ਰਤਪਾਲ ਸਿੰਘ ਨੇ ਦੱਸਿਆ ਕਿ ਪਰਮਗੁਣੀ ਭਗਤ ਸਿੰਘ ਦਾ 116 ਸਾਲਾ ਜਨਮ ਦਿਨ ਇੱਥੇ ਮਨਾਇਆ ਜਾਵੇਗਾ। ਇਸ ਸਮਾਗਮ ਵਿੱਚ ਪੰਜਾਬ ਭਰ ਦੇ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ ਅਤੇ ਨੌਜਵਾਨ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਰੌਸ਼ਨੀ ਲੈਣ ਲਈ ਹਿੱਸਾ ਲੈਣਗੇ। ਤਿਆਰੀ ਕਮੇਟੀ ਦੀ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਕਨਵੀਨਰ ਐਡਵੋਕੇਟ ਰਜਿੰਦਰ ਮੰਡ ਨੇ ਕਿਹਾ ਕਿ ਪਰਮਗੁਣੀ ਭਗਤ ਸਿੰਘ ਦੇ ਜਨਮ ਦਿਨ ’ਤੇ ਕੀਤੇ ਜਾ ਰਹੇ ਸਮਾਗਮ ਦੀ ਤਿਆਰੀ ਸੰਬੰਧੀ ਵੱਖ-ਵੱਖ ਕਮੇਟੀਆਂ ਗਠਤ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਚਰਨਜੀਤ ਛਾਂਗਾਰਾਏ ਅਤੇ ਏ ਆਈ ਐੱਸ ਐੱਫ ਦੇ ਸੂਬਾ ਪ੍ਰਧਾਨ ਰਮਨ ਧਰਮੂਵਾਲਾ ਨੇ ਕਿਹਾ ਕਿ ਜਲੰਧਰ ਦੀ ਧਰਤੀ ਦੇਸ਼ ਭਗਤ ਯਾਦਗਾਰ ਹਾਲ ’ਚ ਜਵਾਨੀ ਵੱਲੋਂ ਕੀਤੇ ਜਾ ਰਹੇ ਸਮਾਗਮ ’ਚ ਬਾਵਰਦੀ ਵਲੰਟੀਅਰ ਸੰਮੇਲਨ ਅਤੇ ਸ਼ਹਿਰ ਦੇ ਬਜ਼ਾਰਾਂ ’ਚ ਮਾਰਚ ਕਰਨਗੇ। ਇਸ ਮੌਕੇ ਤਿਆਰੀ ਕਮੇਟੀ ਦੇ ਕੋ-ਕਨਵੀਨਰ ਕਰਮਵੀਰ ਕੌਰ ਬੱਧਨੀ ਅਤੇ ਲਵਪ੍ਰੀਤ ਮਾੜੀਮੇਘਾ ਨੇ ਦੱਸਿਆ ਕਿ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸੂਬੇ ’ਚ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਸੂਬੇ ’ਚ ਲਗਾਤਾਰ ਬੇਰੁਜ਼ਗਾਰੀ ਵਧ ਰਹੀ ਹੈ। ਪੰਜਾਬ ’ਚ ਬਦਲਾਅ ਦੇ ਨਾਂਅ ’ਤੇ ਆਈ ਆਮ ਆਦਮੀ ਪਾਰਟੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿਚ ਫੇਲ੍ਹ ਹੋ ਚੁੱਕੀ ਹੈ। ਇਕੱਲੇ ਪੰਜਾਬ ਵਿੱਚ ਕਰੋੜਾਂ ਦੀ ਤਾਦਾਦ ਵਿੱਚ ਨੌਜਵਾਨ ਡਿਗਰੀਆਂ-ਡਿਪਲੋਮੇ ਪ੍ਰਾਪਤ ਕਰਕੇ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਹਨ। ਆਪਣੀ ਨੌਕਰੀ/ ਰੁਜ਼ਗਾਰ ਦੀ ਗਰੰਟੀ ਲਈ ਵੱਖਰੇ-ਵੱਖਰੇ ਪਲੇਟਫਾਰਮਾਂ ’ਤੇ ਲੜ ਰਹੇ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਇਹ ਵਲੰਟੀਅਰ ਸੰਮੇਲਨ ਉਨ੍ਹਾਂ ਨੂੰ ਰੁਜ਼ਗਾਰ ਦੀ ਗਾਰੰਟੀ ਲਈ ਦੇਸ਼ ਦੀ ਪਾਰਲੀਮੈਂਟ ਵਿੱਚ ‘ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ’ (ਬਨੇਗਾ) ਪਾਸ ਕਰਵਾਉਣ ਲਈ ਇਕ ਪਲੇਟਫਾਰਮ ’ਤੇ ਇਕੱਠਾ ਕਰਨ ਦਾ ਯਤਨ ਕਰੇਗਾ। ਆਗੂਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਭਗਤ ਸਿੰਘ ਦੇ ਜਨਮ ਦਿਨ ’ਤੇ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੁੰਮ-ਹੁਮਾ ਕੇ ਪਹੁੰਚਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬ ਭਾਰਤ ਨੌਜਵਾਨ ਸਭਾ ਜ਼ਿਲ੍ਹਾ ਜਲੰਧਰ ਦੇ ਸਕੱਤਰ ਸੰਦੀਪ ਦੌਲੀਕੇ, ਸਮਾਗਮ ਦੀ ਮੀਡੀਆ ਕਮੇਟੀ ਦੇ ਕਨਵੀਨਰ ਰਾਜੇਸ਼ ਥਾਪਾ ਅਤੇ ਭੁਪਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।

Related Articles

LEAVE A REPLY

Please enter your comment!
Please enter your name here

Latest Articles