ਅੰਮਿ੍ਰਤਸਰ, (ਜਸਬੀਰ ਸਿੰਘ ਪੱਟੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸ਼ਨੀਵਾਰ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਕੀਤੇ ਗਏ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ।
ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਹੱਥੀਂ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਇਸੇ ਦਿਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ-ਸੰਭਾਲ ਦੀਆਂ ਸੇਵਾਵਾਂ ਦਿੱਤੀਆਂ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਵੀ ਹੋਈ।
ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਅੰਤਿ੍ਰੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸੁਰਜੀਤ ਸਿੰਘ ਭਿੱਟੇਵੱਢ, ਮੈਂਬਰ ਅਜਾਇਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਬਚਨ ਸਿੰਘ ਕਰਮੂੰਵਾਲਾ, ਗੁਰਮੀਤ ਸਿੰਘ ਬੂਹ, ਨਵਤੇਜ ਸਿੰਘ ਕਾਉਣੀ, ਤਲਬੀਰ ਸਿੰਘ ਗਿੱਲ, ਡੀ ਸੀ ਪੀ ਪ੍ਰਮਿੰਦਰ ਸਿੰਘ ਭੰਡਾਲ ਸਮੇਤ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਨੇ ਹਾਜ਼ਰੀ ਭਰੀ। ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ’ਚ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।