ਸਰਕਾਰਾਂ ਸੰਜੀਦਾ ਹੋਣ : ਧਾਮੀ

0
222

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਕੂਟਨੀਤਕ ਸੰਬੰਧਾਂ ’ਚ ਖਟਾਸ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਨੂੰ ਸੰਜੀਦਾ ਵਿਚਾਰ ਦੇ ਏਜੰਡੇ ’ਤੇ ਲਿਆਉਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਅੰਦਰ ਸਿੱਖ ਵਸੇ ਹੋਏ ਹਨ, ਜਿਨ੍ਹਾਂ ਦੇ ਮਾਨਵੀ ਸਰੋਕਾਰਾਂ ਦੇ ਨਾਲ-ਨਾਲ ਧਾਰਮਕ ਸਰੋਕਾਰ ਵੀ ਅਹਿਮ ਹਨ। ਅੱਜ ਵੀ ਕਈ ਦੇਸ਼ਾਂ ਵਿਚ ਰਹਿੰਦੇ ਸਿੱਖਾਂ ਨੂੰ ਆਪਣੀ ਜਨਮ ਭੂਮੀ ਅਤੇ ਗੁਰੂਆਂ ਦੇ ਪਾਵਨ ਅਸਥਾਨ ’ਤੇ ਆ ਕੇ ਨਤਮਸਤਕ ਹੋਣ ਤੋਂ ਵੀ ਵਾਂਝੇ ਰੱਖਿਆ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੈਨੇਡਾ ’ਚ ਸਿੱਖ ਨੌਜੁਆਨ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ’ਚ ਉਥੋਂ ਦੀ ਸਰਕਾਰ ਵੱਲੋਂ ਭਾਰਤ ਦੇ ਇਕ ਵੱਡੇ ਕੂਟਨੀਤਕ ਅਧਿਕਾਰੀ ’ਤੇ ਲੱਗੇ ਦੋਸ਼ਾਂ ਮਗਰੋਂ ਉਸ ਨੂੰ ਦੇਸ਼ ’ਚੋਂ ਹਟਾਉਣਾ ਕਈ ਸਵਾਲ ਪੈਦਾ ਕਰਦਾ ਹੈ। ਇਸ ਦੇ ਪ੍ਰਤੀਕਰਮ ਵਜੋਂ ਭਾਵੇਂ ਭਾਰਤ ਵੱਲੋਂ ਦੋਸ਼ਾਂ ਦਾ ਖੰਡਨ ਕਰਦਿਆਂ ਕੈਨੇਡਾ ਦੇ ਕੂਟਨੀਤਕ ਅਧਿਕਾਰੀ ਨੂੰ ਵੀ ਹਟਾ ਦਿੱਤਾ ਗਿਆ ਹੈ, ਪਰ ਇਹ ਮਾਮਲਾ ਬੇਹੱਦ ਸੰਜੀਦਾ ਅਤੇ ਸਿੱਧੇ ਤੌਰ ’ਤੇ ਸਿੱਖਾਂ ਨਾਲ ਜੁੜਿਆ ਹੋਣ ਕਰਕੇ ਗਲੋਬਲ ਪੱਧਰ ’ਤੇ ਸਿੱਖਾਂ ਨੂੰ ਪ੍ਰਭਾਵਤ ਕਰਨ ਵਾਲਾ ਹੈ। ਦੇਸ਼ ਦੀ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਦੇਸ਼-ਵਿਦੇਸ਼ ਦੇ ਸਿੱਖਾਂ ਨਾਲ ਸੰਬੰਧਤ ਅਜਿਹੇ ਮਾਮਲਿਆਂ ਸੰਬੰਧੀ ਇਕ ਸੁਹਿਰਦ ਪਹੁੰਚ ਅਪਣਾਵੇ ਅਤੇ ਸਿੱਖਾਂ ਅੰਦਰ ਬੇਵਿਸ਼ਵਾਸੀ ਵਾਲਾ ਮਾਹੌਲ ਨਾ ਬਣਨ ਦੇਵੇ।
ਐਡਵੋਕੇਟ ਧਾਮੀ ਨੇ ਭਾਰਤ ਅੰਦਰ ਸਿੱਖਾਂ ਦੇ ਮਸਲਿਆਂ ਦੇ ਸਰਲੀਕਰਨ ਦੇ ਨਾਲ-ਨਾਲ ਵਿਦੇਸ਼ਾਂ ਵਿਚ ਰਹਿ ਰਹੇ ਸਿੱਖ ਭਾਈਚਾਰੇ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ ਇਕ ਢੁਕਵੇਂ ਅਤੇ ਸਾਰਥਕ ਹੱਲ ਵੱਲ ਵਧਣ ਦੀ ਭਾਰਤ ਸਰਕਾਰ ਨੂੰ ਅਪੀਲ ਕੀਤੀ। ਉਨ੍ਹਾ ਕਿਹਾ ਕਿ ਅੱਜ ਪੂਰੀ ਦੁਨੀਆ ਵਿਚ ਸਿੱਖਾਂ ਦੀ ਹੋਂਦ ਨੂੰ ਵੇਖਦਿਆਂ ਕੈਨੇਡਾ ਅਤੇ ਭਾਰਤ ਦੋਹਾਂ ਦੇਸ਼ਾਂ ਨੂੰ ਸਿਰ ਜੋੜਨ ਦੀ ਲੋੜ ਹੈ, ਤਾਂ ਜੋ ਦੋਸ਼ ਪ੍ਰਤੀ ਦੋਸ਼ ਦੀ ਸਥਿਤੀ ਵਿਚ ਅਸਲੀਅਤ ਸਾਹਮਣੇ ਆ ਸਕੇ ਅਤੇ ਦੋਹਾਂ ਦੇਸ਼ਾਂ ਦੇ ਰਿਸ਼ਤੇ ਵੀ ਠੀਕ ਬਣੇ ਰਹਿਣ।

LEAVE A REPLY

Please enter your comment!
Please enter your name here