26.9 C
Jalandhar
Tuesday, October 22, 2024
spot_img

ਖੇਤੀਬਾੜੀ ਵਿਭਾਗ ਨੂੰ ਮਸ਼ੀਨਾਂ ‘ਤੇ ਸਬਸਿਡੀ ਲੈਣ ਸੰਬੰਧੀ 1.58 ਲੱਖ ਤੋਂ ਵੱਧ ਅਰਜ਼ੀਆਂ ਮਿਲੀਆਂ  : ਖੁੱਡੀਆਂ

ਚੰਡੀਗੜ੍ਹ, (ਗੁਰਜੀਤ ਬਿੱਲਾ)-ਸੂਬੇ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਾਢੀ ਦੇ ਇਸ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ (ਸੀ ਆਰ ਐੱਮ) ਲਈ 5000 ਸਰਫੇਸ ਸੀਡਰ ਸਮੇਤ 24,000 ਤੋਂ ਵੱਧ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੂੰ ਸੀ ਆਰ ਐੱਮ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਤੋਂ 1,58,394 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਹਨਾ ਦੱਸਿਆ ਕਿ ਚੁਣੇ ਗਏ ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਆਨਲਾਈਨ ਪੋਰਟਲ ਰਾਹੀਂ ਜਾਰੀ ਕੀਤੇ ਗਏ ਹਨ। ਉਨ੍ਹਾ ਦੱਸਿਆ ਕਿ ਵਿਭਾਗ ਵੱਲੋਂ ਇਨ-ਸੀਟੂ ਪ੍ਰਬੰਧਨ ਲਈ ਸੁਪਰ ਐੱਸ ਅੱੈਮ ਐੱਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਕਰੌਪ ਰੀਪਰ, ਸਰਬ ਮਾਸਟਰ/ ਰੋਟਰੀ ਸਲੈਸਰ ਅਤੇ ਰਿਵਰਸੀਬਲ ਐੱਮ ਬੀ ਪਲੌਅ ਅਤੇ ਝੋਨੇ ਦੀ ਪਰਾਲੀ ਦੇ ਐੱਕਸ-ਸੀਟੂ ਪ੍ਰਬੰਧਨ ਲਈ ਬੇਲਰ ਤੇ ਸਟਰਾਅ ਰੈਕ ਮੁਹੱਈਆ ਕਰਵਾਏ ਜਾਣਗੇ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ 2022-23 ਦੌਰਾਨ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੀ ਆਰ ਐੱਮ ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਆਈ ਹੈ। ਉਹਨਾ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੌਜੂਦਾ ਵਰ੍ਹੇ ਦੌਰਾਨ 350 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਹਨਾ ਦੱਸਿਆ ਕਿ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਮੰਗੀਆਂ ਗਈਆਂ ਹਨ, ਤਾਂ ਜੋ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਿਆਂ ਸਬਸਿਡੀ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾ ਸਕੇ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਹਰੇਕ ਬਲਾਕ ਵਿੱਚ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਲਈ ਵੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਵਿੱਚ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸੀ ਆਰ ਐੱਮ ਮਸ਼ੀਨਾਂ ਉਪਲੱਬਧ ਹੋਣਗੀਆਂ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਸੀ ਆਰ ਐੱਮ ਮਸ਼ੀਨਾਂ ਦੀ ਖਰੀਦ ‘ਤੇ ਕਸਟਮ ਹਾਇਰਿੰਗ ਸੈਂਟਰਾਂ ਲਈ 80 ਫੀਸਦੀ ਸਬਸਿਡੀ ਪ੍ਰਦਾਨ ਕਰ ਰਹੀ ਹੈ, ਜਦੋਂਕਿ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।

Related Articles

LEAVE A REPLY

Please enter your comment!
Please enter your name here

Latest Articles