ਮੁੱਖ ਮੰਤਰੀ ਨੇ ਅਨੰਤਨਾਗ ਸ਼ਹੀਦਾਂ ਦੇ ਵਾਰਸਾਂ ਨੂੰ ਇੱਕ-ਇੱਕ ਕਰੋੜ ਦੇ ਚੈੱਕ ਸੌਂਪੇ

0
253

ਐੱਸ ਏ ਐੱਸ ਨਗਰ/ਪਟਿਆਲਾ (ਗੁਰਜੀਤ ਬਿੱਲਾ, ਇਕਬਾਲ ਸਿੰਘ ਬੱਲ)-ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅੱਤਵਾਦੀਆਂ ਖਿਲਾਫ ਤਲਾਸ਼ੀ ਮੁਹਿੰਮ ਦੌਰਾਨ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਪਰਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਐੱਸ ਏ ਅੱੈਸ ਨਗਰ ਅਤੇ ਸਮਾਣਾ ਵਿਖੇ ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਸੈਨਿਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ। ਉਨ੍ਹਾ ਕਿਹਾ ਕਿ ਇਸ ਅਪਰੇਸ਼ਨ ਦੌਰਾਨ ਪੰਜਾਬ ਦੇ ਦੋ ਬਹਾਦਰ ਜਵਾਨਾਂ ਕਰਨਲ ਮਨਪ੍ਰੀਤ ਸਿੰਘ ਵਾਸੀ ਐੱਸ ਏ ਅੱੈਸ ਨਗਰ ਅਤੇ ਪਰਦੀਪ ਸਿੰਘ ਵਾਸੀ ਸਮਾਣਾ ਪਟਿਆਲਾ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ। ਉਹਨਾ ਕਿਹਾ ਕਿ ਇਹ ਦੇਸ਼ ਅਤੇ ਵਿਸ਼ੇਸ਼ ਕਰਕੇ ਇਨ੍ਹਾਂ ਸ਼ਹੀਦਾਂ ਦੇ ਪਰਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਪਰਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਸਦੀਵੀ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਦੇਸ਼ ਲਈ ਇਨ੍ਹਾਂ ਸੂਰਬੀਰਾਂ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਪਰਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਇਨ੍ਹਾਂ ਸ਼ਹੀਦਾਂ ਦੇ ਪਰਵਾਰਾਂ ਨੂੰ ਦਿੱਤੀ ਗਈ ਇਹ ਵਿੱਤੀ ਸਹਾਇਤਾ ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਵਾਰਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ।

LEAVE A REPLY

Please enter your comment!
Please enter your name here