ਚੰਡੀਗੜ੍ਹ (�ਿਸ਼ਨ ਗਰਗ, ਗੁਰਜੀਤ ਬਿੱਲਾ)-ਚੀਨ ਦੇ ਸ਼ਹਿਰ ਹਾਂਗਜ਼ੂ ਵਿਖੇ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਣ ਵਾਲੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦਾ 653 ਮੈਂਬਰੀ ਖੇਡ ਦਲ ਹਿੱਸਾ ਲਵੇਗਾ, ਜਿਸ ਵਿੱਚ 48 ਖਿਡਾਰੀ ਪੰਜਾਬ ਦੇ ਹਨ। ਇਸ ਤੋਂ ਇਲਾਵਾ 10 ਪੰਜਾਬੀ ਖਿਡਾਰੀ ਪੈਰਾ-ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣਗੇ, ਜੋ ਅਗਲੇ ਮਹੀਨੇ 22 ਤੋਂ 28 ਅਕਤੂਬਰ ਤੱਕ ਹਾਂਗਜੂ ਵਿਖੇ ਹੋ ਰਹੀਆਂ ਹਨ। ਪੰਜਾਬ ਸਰਕਾਰ ਨੇ ਆਪਣੀ ਨਵੀਂ ਖੇਡ ਨੀਤੀ ਨੂੰ ਲਾਗੂ ਕਰਦਿਆਂ 58 ਖਿਡਾਰੀਆਂ ਨੂੰ ਤਿਆਰੀ ਲਈ 4.64 ਕਰੋੜ ਰੁਪਏ ਦੀ ਨਗਦ ਰਾਸ਼ੀ ਦਿੱਤੀ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਵੀ ਏਸ਼ੀਆਈ ਖੇਡਾਂ ਤੋਂ ਜ਼ਮੀਨੀ ਪੱਧਰ ਉਤੇ ਲਾਗੂ ਹੋ ਗਈ ਹੈ ਅਤੇ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਜਾ ਰਹੇ ਪੰਜਾਬ ਦੇ 58 ਖਿਡਾਰੀਆਂ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ ਹਨ। ਪਹਿਲੀ ਵਾਰ ਖਿਡਾਰੀਆਂ ਨੂੰ ਤਿਆਰੀ ਲਈ ਨਗਦ ਇਨਾਮ ਰਾਸ਼ੀ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਖੇਡ ਮੰਤਰੀ ਨੇ ਖਿਡਾਰੀਆਂ ਨੂੰ ਹੌਸਲਾ-ਅਫਜ਼ਾਈ ਲਈ ਨਗਦ ਇਨਾਮ ਰਾਸ਼ੀ ਦੇਣ ਲਈ ਮੁੱਖ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ। ਉਨ੍ਹਾ ਕਿਹਾ ਕਿ ਏਸ਼ੀਆਈ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਇਨਾਮ ਰਾਸ਼ੀ ਵਜੋਂ ਕ੍ਰਮਵਾਰ ਇਕ ਕਰੋੜ ਰੁਪਏ, 75 ਲੱਖ ਤੇ 50 ਲੱਖ ਰੁਪਏ ਮਿਲਣਗੇ।




