ਸੰਗਰੂਰ (ਪ੍ਰਵੀਨ ਸਿੰਘ)-ਪੰਜਾਬ ਦੇ ਨੌਜਵਾਨਾਂ ‘ਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 12 ਲਾਇਬ੍ਰੇਰੀਆਂ ਤਾਂ ਸਿਰਫ਼ ਸ਼ੁਰੂਆਤ ਹੈ ਅਤੇ 16 ਅਜਿਹੀਆਂ ਹੋਰ ਲਾਇਬ੍ਰੇਰੀਆਂ ਦਾ ਜਲਦੀ ਉਦਘਾਟਨ ਹੋਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ਵ ਪੱਧਰੀ ਲਾਇਬ੍ਰੇਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ ਤਾਂ ਕਿ ਇਹ ਪੁਸਤਕ ਪ੍ਰੇਮੀਆਂ ਲਈ ਜੰਨਤ ਬਣਨ | ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ‘ਚ ਏਅਰ ਕੰਡੀਸ਼ਨਰ, ਇਨਵਰਟਰ, ਸੀ ਸੀ ਟੀ ਵੀ ਕੈਮਰੇ, ਵਾਈ-ਫਾਈ ਅਤੇ ਹੋਰ ਆਧੁਨਿਕ ਸਹੂਲਤਾਂ ਮੁਹੱਈਆਂ ਕੀਤੀਆਂ ਗਈਆਂ ਹਨ | ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ‘ਚ ਕਈ ਬਹੁਤ ਦੁਰਲੱਭ ਤੇ ਬੇਸ਼ਕੀਮਤੀ ਕਿਤਾਬਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਲਈ ਬਹੁਮੁੱਲਾ ਸਰਮਾਇਆ ਸਾਬਤ ਹੋਣਗੀਆਂ | ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਵਰਦੀਆਂ ਦੀ ਸਿਲਾਈ ਸਵੈ-ਸਹਾਇਤਾ ਗਰੁੱਪਾਂ ਤੋਂ ਕਰਵਾਈ ਜਾਵੇਗੀ | ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਪਿੰਡਾਂ ‘ਚ ਸਵੈ-ਸਹਾਇਤਾ ਗਰੁੱਪ ਕਾਰਜਸ਼ੀਲ ਹਨ ਅਤੇ ਇਸ ਕਦਮ ਨਾਲ ਇਨ੍ਹਾਂ ਗਰੁੱਪਾਂ ਦੇ ਕੰਮਕਾਜ ਨੂੰ ਹੋਰ ਮਜਬੂਤ ਕਰਨ ‘ਚ ਮਦਦ ਮਿਲੇਗੀ | ਵਿਰੋਧੀ ਪਾਰਟੀਆਂ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਮਹਿਲਨੁਮਾ ਘਰਾਂ ‘ਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਸਿਆਸੀ ਦਿ੍ਸ਼ ਤੋਂ ਬਾਹਰ ਕਰ ਦਿੱਤਾ ਹੈ |
ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ | ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਸਦਕਾ ਪੰਜਾਬ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ ਅਤੇ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ | ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬੇ ਦੇ ਇਤਿਹਾਸ ‘ਚ ਪਹਿਲੀ ਵਾਰ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ |