ਜਲਾਲਾਬਾਦ : ਅੱਠ ਸਾਲ ਪੁਰਾਣੇ ਡਰੱਗ ਮਾਮਲੇ ’ਚ 28 ਸਤੰਬਰ ਨੂੰ ਚੰਡੀਗੜ੍ਹ ਤੋਂ ਗਿ੍ਰਫ਼ਤਾਰ ਕੀਤੇ ਗਏ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਸ਼ਨੀਵਾਰ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਇੱਕ ਪੋਸਟ ਸ਼ੇਅਰ ਕਰ ਕੇ ਵਰਕਰਾਂ ਨੂੰ ਜਲਾਲਾਬਾਦ ਅਦਾਲਤ ’ਚ ਪਹੁੰਚਣ ਦੀ ਅਪੀਲ ਕੀਤੀ ਸੀ। ਸੁਖਪਾਲ ਖਹਿਰਾ ਨੂੰ ਜਲਾਲਾਬਾਦ ਪੁਲਸ ਨੇ ਸ਼ਨੀਵਾਰ ਅਦਾਲਤ ’ਚ ਪੇਸ਼ ਕੀਤਾ ਤੇ ਅਦਾਲਤ ਨੇ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਖਹਿਰਾ ਦੇ ਸਮਰਥਨ ’ਚ ਅਦਾਲਤ ਦੇ ਬਾਹਰ ਪਹੁੰਚੀ ਸੀ। ਇਸ ਦੇ ਨਾਲ ਹੀ ਐੱਸ ਆਈ ਟੀ ਨੂੰ ਸੁਖਪਾਲ ਸਿੰਘ ਖਹਿਰਾ ਖਿਲਾਫ ਸਬੂਤ ਮਿਲੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀ ਕਹਿਣਾ ਹੈ ਕਿ ਐੱਸ ਆਈ ਟੀ ਨੂੰ ਸਬੂਤ ਮਿਲੇ ਹਨ, ਜੋ ਸੁਖਪਾਲ ਸਿੰਘ ਖਹਿਰਾ ਅਤੇ ਸਮਗਲਰ ਗੁਰਦੇਵ ਸਿੰਘ ਵਿਚਕਾਰ ਸੰਬੰਧਾਂ ਦਾ ਪਰਦਾ ਫਾਸ਼ ਕਰਦੇ ਹਨ। ਖਹਿਰਾ ਨੇ ਗੁਰਦੇਵ ਸਿੰਘ ਦੀ ਮਦਦ ਲਈ ਫਰੀਦਕੋਟ ਦੇ ਆਈ ਜੀ ਅਤੇ ਫਿਰੋਜ਼ਪੁਰ ਦੇ ਡੀ ਆਈ ਜੀ ਨੂੰ ਫੋਨ ਕੀਤੇ ਸਨ। ਇਹੀ ਕਾਰਨ ਹੈ ਕਿ ਪੁਲਸ ਖਹਿਰਾ ਦਾ ਫੋਨ ਬਰਾਮਦ ਕਰਨਾ ਚਾਹੁੰਦੀ ਹੈ ਅਤੇ ਪੁਲਸ ਨੇ ਪਿਛਲੀ ਪੇਸ਼ੀ ’ਚ ਇਸ ਦੇ ਆਧਾਰ ’ਤੇ ਰਿਮਾਂਡ ਵੀ ਹਾਸਲ ਕੀਤਾ ਸੀ।