22 C
Jalandhar
Thursday, November 21, 2024
spot_img

ਰਾਜਪੁਰਾ ’ਚ 138 ਕਰੋੜ ਦੀ ਲਾਗਤ ਨਾਲ ਬਣੇਗਾ ਪਲਾਂਟ : ਭਗਵੰਤ ਮਾਨ

ਚੰਡੀਗੜ੍ਹ (ਗੁਰਜੀਤ ਬਿੱਲਾ)
ਸੂਬੇ ’ਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਹਾਲੈਂਡ ਆਧਾਰਤ ਕੰਪਨੀ 138 ਕਰੋੜ ਰੁਪਏ ਦੀ ਲਾਗਤ ਨਾਲ ਕੈਟਲ ਫੀਡ ਪਲਾਂਟ ਸਥਾਪਤ ਕਰ ਰਹੀ ਹੈ, ਜਿਸ ਦਾ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ ਨੂੰ ਰੱਖਣਗੇ। ਇਸ ਸੰਬੰਧੀ ਫੈਸਲਾ ਮੁੱਖ ਮੰਤਰੀ ਦੀ ਨੀਦਰਲੈਂਡ ਦੀ ਸਫੀਰ ਮੈਰੀਸਾ ਗੇਰਾਡਜ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਨ੍ਹਾ ਇੱਥੇ ਮੁੱਖ ਮੰਤਰੀ ਨਾਲ ਉਨ੍ਹਾ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਵਿਚਾਰ-ਵਟਾਂਦਰੇ ਦੌਰਾਨ ਮਾਨ ਨੇ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਸਫੀਰ ਨੂੰ ਜਾਣੂ ਕਰਵਾਇਆ ਕਿ ਸੂਬੇ ’ਚ ਸਨਅਤਕਾਰਾਂ ਦੀ ਭਲਾਈ ਲਈ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਲਾਗੂ ਕਰਨ ਵਾਲੀ ਉਦਯੋਗਿਕ ਪੱਖੀ ਸਰਕਾਰ ਹੈ। ਉਨ੍ਹਾ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ’ਚ ਨਿਵੇਸ਼ ਕਰਨ ਲਈ ਤਿਆਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੀਦਰਲੈਂਡ ਦੇ ਉੱਦਮੀਆਂ ਨੂੰ ਵੀ ਪੰਜਾਬ ’ਚ ਨਿਵੇਸ਼ ਕਰਕੇ ਬਹੁਤ ਫਾਇਦਾ ਹੋਵੇਗਾ, ਜੋ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਉਹਨਾ ਕਿਹਾ ਕਿ ਪੰਜਾਬ ’ਚ ਭਾਈਚਾਰਕ ਸਾਂਝ, ਉਦਯੋਗਿਕ ਸ਼ਾਂਤੀ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਹੈ, ਜੋ ਸਨਅਤਾਂ ਦੇ ਸਰਬਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਿਹਾ ਹੈ। ਉਨ੍ਹਾਂ ਹਾਲੈਂਡ ਦੇ ਸਫੀਰ ਨੂੰ ਕਿਹਾ ਕਿ ਉਹ ਆਪਣੇ ਸਨਅਤਕਾਰਾਂ ਨੂੰ ਪੰਜਾਬ ’ਚ ਆਪਣੀਆਂ ਕੰਪਨੀਆਂ ਦੇ ਕਾਰੋਬਾਰ ਨੂੰ ਫੈਲਾਉਣ ਲਈ ਸ਼ਾਨਦਾਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕਰਨ।
ਇਸ ਦੌਰਾਨ ਨੀਦਰਲੈਂਡ ਦੇ ਸਫੀਰ ਨੇ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਹਾਲੈਂਡ ਦੇ ਮੋਹਰੀ ਸਨਅਤਕਾਰ ਪਹਿਲਾਂ ਹੀ ਸੂਬੇ ’ਚ ਵੱਡੇ ਪੱਧਰ ’ਤੇ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਰਾਜਪੁਰਾ ’ਚ 138 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਦਾ ਸੱਦਾ ਦਿੱਤਾ। ਇਸ ਸੱਦੇ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਲਾਂਟ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾ ਨਾਲ ਹੀ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।

Related Articles

LEAVE A REPLY

Please enter your comment!
Please enter your name here

Latest Articles