ਵਾਸ਼ਿੰਗਟਨ : ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਭਾਰਤ ਦੀ ਸ਼ਮੂਲੀਅਤ ਦੇ ਕੈਨੇਡਾ ਦੇ ਦੋਸ਼ ਗੰਭੀਰ ਹਨ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ ਹੈ। ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (ਕੇ ਟੀ ਐੱਫ) ਦੇ ਮੁਖੀ ਨਿੱਝਰ ਦੀ 18 ਜੂਨ ਨੂੰ ਬਿ੍ਰਟਿਸ਼ ਕੋਲੰਬੀਆ ਦੇ ਸਰੀ ’ਚ ਹੱਤਿਆ ਕਰ ਦਿੱਤੀ ਗਈ ਸੀ। ਭਾਰਤ ਨੇ 2020 ’ਚ ਨਿੱਝਰ ਨੂੰ ਦਹਿਸ਼ਤਗਰਦ ਕਰਾਰ ਦਿੱਤਾ ਸੀ। ਵ੍ਹਾਈਟ ਹਾਊਸ ਦੀ ਕੌਮੀ ਸੁਰੱਖਿਆ ਕੌਂਸਲ ਦੇ ਰਣਨੀਤਕ ਸੰਚਾਰ ਦੇ ਕੋਆਰਡੀਨੇਟਰ ਜੌਹਨ ਕਿਰਬੀ ਨੇ ਇੱਥੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਕੈਨੇਡਾ ਦੇ ਦਾਅਵਿਆਂ ’ਤੇ ਉਦੋਂ ਚਰਚਾ ਕੀਤੀ ਗਈ ਸੀ, ਜਦੋਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਅਮਰੀਕੀ ਕੌਮੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਾਨ ਨੇ ਪਿਛਲੇ ਹਫਤੇ ਵਾਸ਼ਿੰਗਟਨ ’ਚ ਮੁਲਾਕਾਤ ਕੀਤੀ ਸੀ। ਅਮਰੀਕਾ ਇਸ ਮਾਮਲੇ ਨੂੰ ਦੋਵਾਂ ਦੇਸ਼ਾਂ ’ਤੇ ਛੱਡਦਾ ਹੈ ਕਿ ਉਹ ਇਸ ਬਾਰੇ ਗੱਲ ਕਰਨ। ਉਸ ਨੇ ਕਿਹਾ-ਅਸੀਂ ਸਪੱਸ਼ਟ ਕਰ ਚੁੱਕੇ ਹਾਂ ਕਿ ਇਹ ਦੋਸ਼ ਗੰਭੀਰ ਹਨ, ਇਨ੍ਹਾਂ ਦੀ ਪੂਰੀ ਤਰ੍ਹਾਂ ਜਾਂਚ ਕਰਨ ਦੀ ਲੋੜ ਹੈ ਅਤੇ ਸਪੱਸ਼ਟ ਤੌਰ ’ਤੇ ਜਿਵੇਂ ਅਸੀਂ ਪਹਿਲਾਂ ਕਿਹਾ ਹੈ ਭਾਰਤ ਨੂੰ ਇਸ ਜਾਂਚ ’ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦੇ ਹਾਂ।
ਵਿਦੇਸ਼ ਵਿਭਾਗ ਦੇ ਉਪ ਬੁਲਾਰੇ ਵੇਦਾਂਤ ਪਟੇਲ ਨੇ ਵੱਖਰੇ ਤੌਰ ’ਤੇ ਪੱਤਰਕਾਰਾਂ ਨੂੰ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਕੈਨੇਡਾ ਦੀ ਜਾਂਚ ਅੱਗੇ ਵਧੇ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ’ਚ ਲਿਆਂਦਾ ਜਾਵੇ।


