ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 36,796 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਮੁਕੰਮਲ ਕਰ ਕੇ ਪੰਜਾਬ ਦੀ ਜਵਾਨੀ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਜਾਰੀ ਰੱਖੀ ਹੋਈ ਹੈ। ਸਹਿਕਾਰੀ ਵਿਭਾਗ ਵਿੱਚ ਨਵ-ਨਿਯੁਕਤ 272 ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ 36,796 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਉਮੀਦਵਾਰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ ਪੀ ਐੱਸ ਸੀ) ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਚੁਣੇ ਗਏ ਹਨ। ਉਨ੍ਹਾ ਕਿਹਾ ਕਿ ਇਹ ਨੌਜਵਾਨਾਂ ਲਈ ਇਤਿਹਾਸਕ ਮੌਕਾ ਹੈ, ਕਿਉਂਕਿ ਉਹ ਆਪਣੀ ਕਾਬਲੀਅਤ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਹਾਸਲ ਕਰ ਰਹੇ ਹਨ। ਮਾਨ ਨੇ ਆਖਿਆ ਕਿ ਸਾਡੀ ਸਰਕਾਰ ਇਕ ਘੰਟਾ ਵੀ ਜ਼ਾਇਆ ਨਹੀਂ ਕਰਨਾ ਚਾਹੁੰਦੀ, ਕਿਉਂਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਸੂਬਾ ਪਹਿਲਾਂ ਹੀ 70 ਸਾਲ ਪਿੱਛੇ ਚੱਲ ਰਿਹਾ ਹੈ।





