ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਆਪਣੇ ਮੰਤਰੀ ਮੰਡਲ ਵਿਚ ਪੰਜ ਨਵੇਂ ਮੰਤਰੀ ਸ਼ਾਮਲ ਕੀਤੇ | ਮਾਨ ਦੀ ਮੌਜੂਦਗੀ ਵਿਚ ਇਨ੍ਹਾਂ ਨੂੰ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਸ਼ਾਮੀਂ ਸਹੁੰ ਚੁਕਾਈ | ਅੰਮਿ੍ਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਜਰ, ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰੂ ਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ, ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਤੇ ਸੁਨਾਮ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਮੰਤਰੀ ਬਣੇ ਹਨ | ਹੁਣ ਮੰਤਰੀ ਮੰਡਲ ਦੀ ਤਾਕਤ ਮੁੱਖ ਮੰਤਰੀ ਸਣੇ 15 ਹੋ ਗਈ ਹੈ ਤੇ ਤਿੰਨ ਹੋਰ ਮੰਤਰੀ ਬਣਾਏ ਜਾ ਸਕਦੇ ਹਨ | ਬਾਅਦ ਵਿਚ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ 92 ਪਾਰਟੀ ਵਿਧਾਇਕ ਮੰਤਰੀ ਨਹੀਂ ਬਣ ਸਕਦੇ | ਜਿਹੜੇ ਮੰਤਰੀ ਨਹੀਂ ਬਣ ਸਕੇ, ਉਨ੍ਹਾਂ ਨੂੰ ਹੋਰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ | ਉਹ ਆਸ ਕਰਦੇ ਹਨ ਕਿ ਨਵੇਂ ਮੰਤਰੀ ਇਮਾਨਦਾਰੀ ਨਾਲ ਕੰਮ ਕਰਨਗੇ |