ਚੰਡੀਗੜ੍ਹ, (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦਾ ਡਰ ਸਤਾ ਰਿਹਾ ਹੈ। ਮੁੱਖ ਮੰਤਰੀ ਨੇ ਐਤਵਾਰ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਸੂਬੇ ਨੂੰ ਬਰਬਾਦ ਕਰਨ ਵਾਲੇ ਲੋਕਾਂ ਨਾਲ ਗੰਢਤੁੱਪ ਸੀ, ਜਿਸ ਕਰਕੇ ਉਹ ਇਕ ਨਵੰਬਰ ਦੀ ਬਹਿਸ ਵਿੱਚ ਆਉਣ ਤੋਂ ਪਾਸਾ ਵੱਟ ਰਹੇ ਹਨ। ਉਨ੍ਹਾ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਸੂਬੇ ਦੇ ਲਹੂ ਨਾਲ ਭਿੱਜੇ ਹੋਏ ਹਨ, ਕਿਉਂਕਿ ਇਨ੍ਹਾਂ ਲੀਡਰਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਹਮੇਸ਼ਾ ਗੱਦਾਰੀ ਕੀਤੀ ਹੈ। ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਸੂਬੇ ਨਾਲ ਕਮਾਏ ਧ੍ਰੋਹ ਲਈ ਕਦੇ ਵੀ ਮੁਆਫ ਨਹੀਂ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹਿਸ ਪੰਜਾਬ ਨੂੰ ਕੀਹਨੇ ਅਤੇ ਕਿਵੇਂ ਲੁੱਟਣ ਉਤੇ ਕੇਂਦਰਤ ਹੋਵੇਗੀ, ਜਿਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਾ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਨੌਜਵਾਨਾਂ, ਖੇਤੀਬਾੜੀ, ਵਪਾਰ-ਦੁਕਾਨਦਾਰ, ਗੁਰਬਾਣੀ ਅਤੇ ਦਰਿਆਈ ਪਾਣੀਆਂ ਉਤੇ ਡਾਕਾ ਮਾਰਨ ਸਣੇ ਸੂਬੇ ਨਾਲ ਸੰਬੰਧਤ ਮਸਲਿਆਂ ਉਤੇ ਚਰਚਾ ਹੋਵੇਗੀ। ਉਨ੍ਹਾ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਧੋਖਾ ਕੀਤਾ ਹੈ, ਜਿਸ ਲਈ ਉਨ੍ਹਾਂ ਨੂੰ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਮਾਨ ਨੇ ਕਿਹਾ ਕਿ ਇਹ ਲੀਡਰ ਆਉਣ ਜਾਂ ਨਾ ਆਉਣ, ਪਰ ਉਹ ਬਹਿਸ ਲਈ ਇਨ੍ਹਾਂ ਨੇਤਾਵਾਂ ਦੀਆਂ ਕੁਰਸੀਆਂ ਡਾਹ ਕੇ ਰੱਖਣਗੇ। ਉਹਨਾ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕ ਕਾਮਯਾਬ ਹੋਣ ਤੋਂ ਵੀ ਭੈਭੀਤ ਹੋ ਜਾਂਦੇ ਸਨ, ਕਿਉਂਕਿ ਇਹ ਲੀਡਰ ਲੋਕਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ-ਪੱਤੀ ਪਾ ਲੈਂਦੇ ਸਨ। ਉਨ੍ਹਾ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ। ਮਾਨ ਨੇ ਕਿਹਾ ਕਿ ਏਸੇ ਕਰਕੇ ਇਹ ਲੀਡਰ ਸੱਚ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਬਹਿਸ ਵਿੱਚ ਨਾ ਆਉਣ ਲਈ ਇਕ ਤੋਂ ਬਾਅਦ ਇਕ ਬਹਾਨੇਬਾਜ਼ੀ ਘੜ ਰਹੇ ਹਨ।
ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗਾਰੰਟੀ ਪੂਰੀ ਕਰਨ ਦੇ ਸਫਰ ਨੂੰ ਜਾਰੀ ਰੱਖਦੇ ਹੋਏ ਆਪਣੀ ਸਰਕਾਰ ਦੇ ਮਹਿਜ਼ 18 ਮਹੀਨਿਆਂ ਦੇ ਕਾਰਜਕਾਲ ਵਿੱਚ 37100 ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਐਤਵਾਰ ਮਿਊਂਸਪਲ ਭਵਨ ਵਿਖੇ ਗ੍ਰਹਿ ਮਾਮਲੇ, ਟਰਾਂਸਪੋਰਟ ਅਤੇ ਮਾਲ ਵਿਭਾਗਾਂ ਦੇ ਨਵੇਂ ਭਰਤੀ ਹੋਏ 304 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਸ਼ੁਰੂਆਤ ਵਿੱਚ ਪਹਿਲੇ ਨਵਰਾਤੇ ਦੇ ਪਵਿੱਤਰ ਮੌਕੇ ਦੀ ਲੋਕਾਂ ਨੂੰ ਵਧਾਈ ਦਿੱਤੀ। ਨਵੇਂ ਭਰਤੀ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਹ ਇਕ ਇਤਿਹਾਸਕ ਮੌਕਾ ਹੈ, ਕਿਉਂਕਿ ਨੌਜਵਾਨ ਹੁਣ ਰਸਮੀ ਤੌਰ ਉਤੇ ਸੂਬਾ ਸਰਕਾਰ ਦੇ ਪਰਵਾਰ ਦੇ ਮੈਂਬਰ ਬਣ ਗਏ ਹਨ। ਮਾਨ ਨੇ ਇਸ ਵਿਲੱਖਣ ਪ੍ਰਾਪਤੀ ਲਈ ਇਨ੍ਹਾਂ ਉਮੀਦਵਾਰਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ, ਕਿਉਂਕਿ ਉਹ ਸਖਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਕਾਮਯਾਬ ਹੋਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਖਾਸ ਕਰਕੇ ਸਰਕਾਰੀ ਖੇਤਰ ਵਿੱਚ ਭਰਤੀਆਂ ਮੌਕੇ ਭਾਈ-ਭਤੀਜਾਵਾਦ ਅਤੇ ਭਿ੍ਰਸ਼ਟਾਚਾਰ ਦਾ ਬੋਲਬਾਲਾ ਸੀ। ਉਨ੍ਹਾ ਕਿਹਾ ਕਿ ਰਸੂਖਵਾਨ ਲੋਕ ਖੁਦ ਹੀ ਇਨ੍ਹਾਂ ਪ੍ਰੀਖਿਆਵਾਂ ਦੇ ਪੇਪਰ ਲੀਕ ਕਰਵਾ ਕੇ ਮੋਟੀਆਂ ਰਕਮਾਂ ਲੈ ਕੇ ਅਯੋਗ ਵਿਅਕਤੀਆਂ ਦੇ ਪਿਛਲੇ ਦਰਵਾਜ਼ੇ ਰਾਹੀਂ ਦਾਖਲੇ ਕਰਵਾਉਂਦੇ ਸਨ। ਉਹਨਾ ਕਿਹਾ ਕਿ ਉਨ੍ਹਾ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਇਸ ਮਾੜੀ ਪ੍ਰਥਾ ਨੂੰ ਖਤਮ ਕੀਤਾ ਹੈ ਅਤੇ ਹੁਣ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਮਿਲ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਪਰਵਾਸ ਦੇ ਰੁਝਾਨ ਦਾ ਪੁੱਠਾ ਗੇੜ ਸ਼ੁਰੂ ਹੋ ਗਿਆ ਹੈ, ਕਿਉਂਕਿ ਜੋ ਨੌਜਵਾਨ ਰੁਜ਼ਗਾਰ ਲਈ ਵਿਦੇਸ਼ ਗਏ ਸਨ, ਉਹ ਹੁਣ ਸੂਬੇ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਾਪਸ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ, ਜਿਸ ਨਾਲ ਨੌਜਵਾਨ ਪੰਜਾਬ ਦੇ ਸਮਾਜਕ, ਆਰਥਕ ਵਿਕਾਸ ਵਿੱਚ ਬਰਾਬਰ ਦੇ ਹਿੱਸੇਦਾਰ ਬਣ ਸਕਣਗੇ। ਸੂਬੇ ਦੇ ਵਿਕਾਸ ਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਹਨਾ ਨੌਜਵਾਨਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਅਤੇ ‘ਰੰਗਲਾ ਪੰਜਾਬ’ ਸਿਰਜਣ ਲਈ ਉਨ੍ਹਾ ਦਾ ਸਾਥ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਮਾਲ ਮੰਤਰੀ ਮੰਤਰੀ ਬ੍ਰਮ ਸੰਕਰ ਜਿੰਪਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਡੀ ਜੀ ਪੀ ਗੌਰਵ ਯਾਦਵ, ਵਿੱਤ ਕਮਿਸ਼ਨਰ (ਮਾਲ) ਕੇ ਏ ਪੀ ਸਿਨਹਾ, ਸਕੱਤਰ ਗ੍ਰਹਿ ਗੁਰਕਿਰਤ ਕਿ੍ਰਪਾਲ ਸਿੰਘ, ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ ਸੰਧਾਵਾਲੀਆ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।





