ਕੋਟਲੀ ਕਲਾਂ (ਆਤਮਾ ਸਿੰਘ ਪਮਾਰ)
ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿੱਚ ਦੇਸ਼ ਦੀ ਸੇਵਾ ਨਿਭਾਉਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਗਨੀਵੀਰ ਅੰਮਿ੍ਰਤਪਾਲ ਸਿੰਘ ਦੇ ਪਰਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਅੰਮਿ੍ਰਤਪਾਲ ਸਿੰਘ ਦੇ ਦੇਸ਼ ਪ੍ਰਤੀ ਯੋਗਦਾਨ ਦੇ ਸਤਿਕਾਰ ਵਿੱਚ ਸੂਬਾ ਸਰਕਾਰ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦੇਵੇਗੀ। ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਖੇ ਸ਼ਹੀਦ ਦੇ ਜੱਦੀ ਘਰ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਾਦਰ ਸੈਨਿਕ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ ਅਤੇ ਉਸ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ।
ਮੁੱਖ ਮੰਤਰੀ ਨੇ ਦੇਸ਼ ਦੇ ਪਹਿਲੇ ਸ਼ਹੀਦ ਅਗਨੀਵੀਰ ਅੰਮਿ੍ਰਤਪਾਲ ਸਿੰਘ ਦੇ ਮਾਪਿਆਂ ਨੂੰ ਮਿਲ ਕੇ ਸ਼ਹੀਦ ਸੈਨਿਕ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ, ਜਿਸ ਨੇ 19 ਵਰ੍ਹਿਆਂ ਦੀ ਉਮਰ ਵਿੱਚ ਦੇਸ਼ ਦੀ ਖਾਤਰ ਸ਼ਹਾਦਤ ਦਿੱਤੀ। ਉਨ੍ਹਾ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸਰਕਾਰ ਪਰਵਾਰ ਦੇ ਨਾਲ ਖੜ੍ਹੀ ਹੈ, ਕਿਉਂਕਿ ਇਹ ਦੇਸ਼ ਅਤੇ ਖਾਸ ਕਰਕੇ ਸ਼ਹੀਦ ਦੇ ਪਰਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾ ਕਿਹਾ ਕਿ ਪਿੰਡ ਵਿੱਚ ਸ਼ਹੀਦ ਦੇ ਨਾਂਅ ਉਤੇ ਬੁੱਤ ਵੀ ਸਥਾਪਤ ਕੀਤਾ ਜਾਵੇਗਾ।
ਸ਼ਹੀਦ ਅੰਮਿ੍ਰਤਪਾਲ ਸਿੰਘ ਨੂੰ ਫੌਜ ਵੱਲੋਂ ‘ਗਾਰਡ ਆਫ ਆਨਰ’ ਨਾ ਦੇਣ ਉਤੇ ਸਖਤ ਇਤਰਾਜ਼ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭੇਦਭਾਵ ਵਾਲੇ ਇਸ ਮਾੜੇ ਵਰਤਾਰੇ ਨਾਲ ਫੌਜੀ ਜਵਾਨਾਂ ਦੇ ਮਨੋਬਲ ਨੂੰ ਸੱਟ ਵੱਜੇਗੀ। ਉਨ੍ਹਾ ਕਿਹਾ ਕਿ ਸ਼ਹੀਦ ਜਵਾਨ ਅਗਨੀਵੀਰ ਹੋਣ ਕਰਕੇ ਫੌਜ ਦਾ ਉਸ ਪ੍ਰਤੀ ਇਹ ਵਤੀਰਾ ਬਹੁਤ ਦੁਖਦਾਇਕ ਹੈ। ਉਨ੍ਹਾ ਕਿਹਾ ਕਿ ਅੰਮਿ੍ਰਤਪਾਲ ਦੇ ਮਾਪਿਆਂ ਨੇ ਆਪਣਾ ਬੇਟਾ ਦੇਸ਼ ਦੀ ਸੇਵਾ ਕਰਨ ਲਈ ਭੇਜਿਆ ਸੀ ਅਤੇ ਡਿਊਟੀ ਨਿਭਾਉਂਦਿਆਂ ਉਸ ਦੀ ਮੌਤ ਨੂੰ ਸ਼ਹੀਦ ਨਾ ਮੰਨਣਾ ਬਹੁਤ ਮੰਦਭਾਗੀ ਗੱਲ ਹੈ, ਜਿਸ ਨਾਲ ਗਲਤ ਮਿਸਾਲ ਪੈਦਾ ਹੋਵੇਗੀ। ਉਨ੍ਹਾ ਕਿਹਾ ਕਿ ਇਹ ਪਹਿਲੀ ਵਾਰ ਦੇਖਿਆ ਗਿਆ ਹੈ ਕਿ ਸ਼ਹੀਦ ਸੈਨਿਕ ਦੀ ਦੇਹ ਨੂੰ ਪ੍ਰਾਈਵੇਟ ਐਂਬੂਲੈਂਸ ਵਿੱਚ ਲਿਆਉਣਾ ਪਿਆ ਹੋਵੇ, ਜੋ ਸਰਾਸਰ ਸ਼ਹੀਦ ਦਾ ਅਪਮਾਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦਾ 60 ਫੀਸਦੀ ਬੱਜਟ ਰੱਖਿਆ ਦੇ ਖੇਤਰ ਲਈ ਹੁੰਦਾ ਹੈ, ਪਰ ਫੌਜ ਵੱਲੋਂ ਸ਼ਹੀਦ ਅੰਮਿ੍ਰਤਪਾਲ ਸਿੰਘ ਦੀ ਦੇਹ ਲਿਜਾਣ ਲਈ ਐਂਬੂਲੈਂਸ ਤੱਕ ਵੀ ਮੁਹੱਈਆ ਨਹੀਂ ਕਰਵਾਈ ਗਈ। ਉਨ੍ਹਾ ਕਿਹਾ ਕਿ ਅੰਮਿ੍ਰਤਪਾਲ ਦੀ ਸ਼ਹਾਦਤ ਨੂੰ ਖੁਦਕੁਸ਼ੀ ਕਰਾਰ ਦੇਣਾ ਹੋਰ ਵੀ ਦੁੱਖ ਦੀ ਗੱਲ ਹੈ। ਉਨ੍ਹਾ ਫੌਜ ਦੇ ਬਿਆਨ ਨੂੰ ਜ਼ਖਮਾਂ ਉਤੇ ਲੂਣ ਛਿੜਕਣ ਵਾਲਾ ਦੱਸਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਲਈ ਮਰ-ਮਿਟਣ ਦਾ ਜਜ਼ਬਾ ਲੈ ਕੇ ਡਿਊਟੀ ਉਤੇ ਜਾਣ ਵਾਲਾ ਬਹਾਦਰ ਫੌਜੀ ਕਦੇ ਵੀ ਖੁਦਕੁਸ਼ੀ ਨਹੀਂ ਕਰ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹੀਦਾਂ ਨਾਲ ਅਜਿਹਾ ਸਲੂਕ ਕੀਤਾ ਜਾਣ ਲੱਗਾ ਤਾਂ ਫਿਰ ਮਾਪੇ ਆਪਣੇ ਬੱਚਿਆਂ ਨੂੰ ਫੌਜ ਵਿੱਚ ਭੇਜਣ ਤੋਂ ਗੁਰੇਜ਼ ਕਰਨ ਲੱਗ ਪੈਣਗੇ।
ਅਗਨੀਵੀਰ ਯੋਜਨਾ ਦੀ ਸਖਤ ਮੁਖਾਲਫਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਸਰਾਸਰ ਬਹਾਦਰ ਫੌਜੀ ਜਵਾਨਾਂ ਦੇ ਯੋਗਦਾਨ ਨੂੰ ਅਪਮਾਨਿਤ ਕਰਨ ਵਾਲੀ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਯੋਜਨਾ ਉਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਅਗਨੀਵੀਰ ਯੋਜਨਾ ਹੇਠ ਭਰਤੀ ਕੀਤੇ ਫੌਜੀ ਸੈਨਿਕਾਂ ਨੂੰ ਰੈਗੂਲਰ ਫੌਜ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਦੇਸ਼ ਦੇ ਸ਼ਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਵੇ, ਪਰ ਸਾਡੀ ਸਰਕਾਰ ਪੰਜਾਬ ਦੇ ਅਜਿਹੇ ਸੂਰਬੀਰ ਪੁੱਤਰਾਂ ਦੇ ਪਰਵਾਰਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਇਸ ਸ਼ਹੀਦ ਦੇ ਪਰਵਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕੀਤੀ। ਉਨ੍ਹਾ ਕਿਹਾ ਕਿ ਇਹ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸ ਪੰਜਾਬ ਦੇ ਪੁੱਤਰ ਦੀ ਸ਼ਹਾਦਤ ਦਾ ਨਿਰਾਦਰ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲਦੀ ਹੀ ਇਸ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾਉਣਗੇ।
ਸੰਗਰੂਰ/ਛਾਜਲੀ (ਪ੍ਰਵੀਨ ਸਿੰਘ, ਜਸਵੀਰ ਲਾਡੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ ਕਸ਼ਮੀਰ ਵਿੱਚ ਕਾਰਗਿਲ ਵਿਖੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਹਾਦਰ ਜਵਾਨ ਪਰਵਿੰਦਰ ਸਿੰਘ ਦੇ ਘਰ ਜਾ ਕੇ ਵੀ ਪਰਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੇਸ਼ ਹਮੇਸ਼ਾ ਆਪਣੇ ਸ਼ਹੀਦਾਂ ਦਾ ਰਿਣੀ ਰਹੇਗਾ, ਜੋ ਦੁਸ਼ਮਣ ਤਾਕਤਾਂ ਤੋਂ ਆਪਣੇ ਵਤਨ ਦੀ ਰਾਖੀ ਕਰਦਿਆਂ ਜਾਨ ਨਿਛਾਵਰ ਕਰ ਦਿੰਦੇ ਹਨ। ਉਨ੍ਹਾਂ ਸ਼ਹੀਦ ਪਰਵਿੰਦਰ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਬੁੱਤ ਲਾਉਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪਰਵਾਰ ਵੱਲੋਂ ਸ਼ਹੀਦ ਦੀ ਪਤਨੀ ਲਈ ਨੌਕਰੀ ਦੀ ਮੰਗ ਕੀਤੀ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਆਪਣੀ ਨੀਤੀ ਦੇ ਤਹਿਤ ਨੌਕਰੀ ਦਿੱਤੀ ਜਾਵੇਗੀ। ਉਨ੍ਹਾ ਕਿਹਾ ਕਿ ਭਾਵੇਂ ਸ਼ਹੀਦ ਦੀ ਕੁਰਬਾਨੀ ਦੀ ਕੋਈ ਕੀਮਤ ਨਹੀਂ ਦਿੱਤੀ ਜਾ ਸਕਦੀ, ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਵਿੱਚ ਇਕ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਰਵਿੰਦਰ ਸਿੰਘ ਦਾ ਪਰਵਾਰ ਦੇਸ਼ ਸੇਵਾ ਪ੍ਰਤੀ ਸਮਰਪਿਤ ਹੈ, ਕਿਉਂ ਜੋ ਉਨ੍ਹਾਂ ਦੇ ਪਿਤਾ ਜੀ ਵੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ ਅਤੇ ਉਨ੍ਹਾ ਦੇ ਭਰਾ ਵੀ ਇਸ ਵੇਲੇ ਫੌਜ ਵਿੱਚ ਹਨ। ਉਨ੍ਹਾ ਕਿਹਾ ਕਿ ਸ਼ਹੀਦ ਕਿਸੇ ਇਕ ਪਰਵਾਰ ਜਾਂ ਸੂਬੇ ਦੇ ਨਹੀਂ, ਸਗੋਂ ਪੂਰੇ ਦੇਸ਼ ਦੇ ਸ਼ਹੀਦ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਭਵਿੱਖ ਵਿੱਚ ਪਰਵਾਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।





