ਚੰਡੀਗੜ੍ਹ (�ਿਸ਼ਨ ਗਰਗ)
ਸਤਲੁਜ-ਯਮੁਨਾ ਲਿੰਕ (ਐੱਸ ਵਾਈ ਐੱਲ) ਨਹਿਰ ਸੰਬੰਧੀ ਸੁਪਰੀਮ ਕੋਰਟ ਵਲੋਂ ਪੰਜਾਬ ’ਚ ਸਰਵੇਖਣ ਕਰਨ ਬਾਰੇ ਦਿੱਤੇ ਆਦੇਸ਼ ਤੋਂ ਬਾਅਦ ਸੋਮਵਾਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ ਕੇ ਇਸ ਮਾਮਲੇ ’ਤੇ ਗੱਲਬਾਤ ਕਰਨ ਦੀ ਇੱਛਾ ਪ੍ਰਗਟਾਈ ਹੈ। ਖੱਟਰ ਨੇ ਪੱਤਰ ਰਾਹੀਂ ਕਿਹਾ ਕਿ ਉਹ ਐੱਸ ਵਾਈ ਐੱਲ ਨਹਿਰ ਦੀ ਉਸਾਰੀ ਦੇ ਰਾਹ ’ਚ ਆਉਣ ਵਾਲੀ ਕਿਸੇ ਵੀ ਰੁਕਾਵਟ ਦਾ ਹੱਲ ਕੱਢਣ ਲਈ ਸ੍ਰੀ ਮਾਨ ਨੂੰ ਮਿਲਣ ਲਈ ਤਿਆਰ ਹਨ। ਉਨ੍ਹਾ ਕਿਹਾ ਕਿ ਸੁਪਰੀਮ ਕੋਰਟ ਨੇ ਐੱਸ ਵਾਈ ਐੱਲ ਬਾਰੇ 4 ਅਕਤੂਬਰ ਨੂੰ ਸਿਰਫ਼ ਸਰਵੇਖਣ ਦੇ ਆਦੇਸ਼ ਦਿੱਤੇ ਸਨ। ਉਸ ’ਚ ਪਾਣੀ ਦੀ ਵੰਡ ਸੰਬੰਧੀ ਕੁਝ ਨਹੀਂ ਕਿਹਾ ਗਿਆ। ਖੱਟਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ 4 ਅਕਤੂਬਰ ਨੂੰ ਸੁਪਰੀਮ ਕੋਰਟ ਦੇ ਫੈਸਲੇ ਤੋਂ ਇਕ ਦਿਨ ਪਹਿਲਾਂ 3 ਅਕਤੂਬਰ ਨੂੰ ਉਨ੍ਹਾ ਨੂੰ ਪੱਤਰ ਲਿਖਿਆ ਸੀ, ਜਿਸ ’ਚ ਇਸ ਮੁੱਦੇ ਨੂੰ ਲੈ ਕੇ ਦੋ-ਪੱਖੀ ਮੀਟਿੰਗ ਕਰਨ ਲਈ ਸਮਾਂ ਮੰਗਿਆ ਸੀ।
ਇਸ ਤੋਂ ਪਹਿਲਾਂ ਦੋਵਾਂ ਵਿਚਕਾਰ ਆਖਰੀ ਵਾਰ 14 ਅਕਤੂਬਰ 2022 ਨੂੰ ਮੀਟਿੰਗ ਹੋਈ ਸੀ। ਫਿਰ ਕੇਂਦਰੀ ਜਲ ਸ਼ਕਤੀ ਮੰਤਰੀ ਨੇ 4 ਜਨਵਰੀ 2023 ਨੂੰ ਦੂਜੇ ਦੌਰ ਦੀ ਚਰਚਾ ਕੀਤੀ, ਜਿਸ ਵਿਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਮੌਜੂਦ ਸਨ। ਇਨ੍ਹਾਂ ਦੋਵਾਂ ਮੀਟਿੰਗਾਂ ਦਾ ਕੋਈ ਨਤੀਜਾ ਨਹੀਂ ਨਿਕਲ ਸਕਿਆ। ਖੱਟਰ ਨੇ ਉਮੀਦ ਜਤਾਈ ਕਿ ਹੁਣ ਪੰਜਾਬ ਸਰਕਾਰ ਯਕੀਨੀ ਰੂਪ ਨਾਲ ਐੱਸ ਵਾਈ ਐੱਲ ਦੇ ਮਾਮਲੇ ਨੂੰ ਹੱਲ ਕਰਨ ’ਚ ਸਹਿਯੋਗ ਕਰੇਗੀ।


