14.5 C
Jalandhar
Friday, November 22, 2024
spot_img

ਅਮਰੀਕਾ ਰਹਿੰਦੇ ਸਰਵਣ ਸਿੰਘ ਦੇ ਰੈਕੇਟ ਦਾ ਪਰਦਾ ਫਾਸ਼, 12 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਅੰਮਿ੍ਰਤਸਰ (ਨਰਿੰਦਰਜੀਤ ਸਿੰਘ)
ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਨੇ ਇੱਕ ਵਿਅਕਤੀ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਅਮਰੀਕਾ ਅਧਾਰਤ ਤਸਕਰ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾ ਫਾਸ਼ ਕੀਤਾ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਸਰਵਣ ਸਿੰਘ, ਜਿਸ ਦੀ ਗਿ੍ਰਫਤਾਰੀ ’ਤੇ 2 ਲੱਖ ਰੁਪਏ ਦਾ ਇਨਾਮ ਹੈ, ਨਾਮੀ ਨਸ਼ਾ ਤਸਕਰ ਰਣਜੀਤ ਉਰਫ ਚੀਤਾ ਦਾ ਭਰਾ ਹੈ ਅਤੇ 532 ਕਿਲੋ ਹੈਰੋਇਨ ਦੇ ਮਾਮਲੇ ’ਚ ਲੋੜੀਂਦਾ ਹੈ। ਜ਼ਿਕਰਯੋਗ ਹੈ ਕਿ ਰਣਜੀਤ ਉਰਫ ਚੀਤਾ ਨੂੰ ਵੀ 532 ਕਿਲੋ ਹੈਰੋਇਨ ਦੇ ਮਾਮਲੇ ’ਚ ਮਈ 2020 ’ਚ ਗਿ੍ਰਫ਼ਤਾਰ ਕੀਤਾ ਗਿਆ ਸੀ। ਚੀਤਾ ਜੁਲਾਈ 2019 ਵਿੱਚ ਆਈ ਸੀ ਪੀ ਅਟਾਰੀ ਵਿਖੇ ਕਸਟਮ ਵਿਭਾਗ ਦੁਆਰਾ ਜ਼ਬਤ ਕੀਤੀ ਗਈ ਹੈਰੋਇਨ ਦੇ 532 ਪੈਕੇਟ ਦੀ ਤਸਕਰੀ ਦਾ ਮਾਸਟਰਮਾਈਂਡ ਸੀ, ਜਿਸ ਦੀ ਐੱਨ ਆਈ ਏ ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਫੜੇ ਗਏ ਨਸ਼ਾ ਤਸਕਰ ਦੀ ਪਛਾਣ ਅੰਮਿ੍ਰਤਸਰ ਦੇ ਨਰਾਇਣਗੜ੍ਹ ਦੇ ਵਾਸੀ ਰਾਹੁਲ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ ਉਸ ਦੀ ਹੌਂਡਾ ਅਮੇਜ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਸਫਰ ਕਰ ਰਿਹਾ ਸੀ।
ਯਾਦਵ ਨੇ ਦੱਸਿਆ ਕਿ ਇਹ ਜਾਣਕਾਰੀ ਮਿਲਣ ਉਪਰੰਤ ਸਰਵਣ ਸਿੰਘ ਦੇ ਸਾਥੀਆਂ ਨੇ ਡਰੋਨ ਰਾਹੀਂ ਸੁੱਟੀ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਨੂੰ ਕਿਸੇ ਹੋਰ ਵਿਅਕਤੀ ਨੂੰ ਪਹੁੰਚਾਉਣ ਜਾ ਰਹੇ ਹਨ, ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ (ਐੱਸ ਐੱਸ ਓ ਸੀ) ਅੰਮਿ੍ਰਤਸਰ ਨੇ ਅੰਮਿ੍ਰਤਸਰ ਸ਼ਹਿਰ ਦੇ ਖੇਤਰ ਵਿੱਚ ਇੱਕ ਵਿਸ਼ੇਸ਼ ਪੁਲਸ ਚੈਕਿੰਗ ਕੀਤੀ ਅਤੇ ਰਾਹੁਲ ਨੂੰ ਉਸ ਦੀ ਹੌਂਡਾ ਅਮੇਜ ਕਾਰ ਵਿੱਚੋਂ 12 ਪੈਕੇਟ ਹੈਰੋਇਨ, ਜਿਹਨਾਂ ਦਾ ਵਜਨ 1-1 ਕਿਲੋ ਹੈ, ਬਰਾਮਦ ਕਰਕੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ।
ਉਹਨਾ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਵਿਅਕਤੀ ਸਿੱਧੇ ਤੌਰ ’ਤੇ ਅਮਰੀਕਾ ਅਧਾਰਤ ਤਸਕਰ ਸਰਵਣ ਸਿੰਘ ਦੇ ਸੰਪਰਕ ਵਿੱਚ ਸੀ ਅਤੇ ਪਾਕਿਸਤਾਨ ਤੋਂ ਹੈਰੋਇਨ ਤਸਕਰੀ ਕਰਕੇ ਸੂਬੇ ਭਰ ਵਿੱਚ ਸਪਲਾਈ ਕਰਦਾ ਸੀ। ਏ ਆਈ ਜੀ, ਅੱੈਸ ਐੱਸ ਓਸੀ ਅੰਮਿ੍ਰਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁਲਜ਼ਮਾਂ ਦੇ ਅਗਲੇ ਤੇ ਪਿਛਲੇ ਸੰਬੰਧਾਂ ਬਾਰੇ ਪਤਾ ਲਗਾਉਣ ਅਤੇ ਡਰੱਗ ਸਪਲਾਇਰਾਂ, ਡੀਲਰਾਂ ਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾ ਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਗਿ੍ਰਫ਼ਤਾਰ ਕੀਤੇ ਗਏ ਮੁਲਜ਼ਮ ਵੱਲੋਂ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਇਸ ਸੰਬੰਧੀ ਐੱਨ ਡੀ ਪੀ ਐੱਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਅਧੀਨ ਪੁਲਸ ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ ਅੰਮਿ੍ਰਤਸਰ ਵਿਖੇ ਐੱਫ ਆਈ ਆਰ ਨੰ. 44 ਮਿਤੀ 22.10.2023 ਨੂੰ ਕੇਸ ਦਰਜ ਕੀਤਾ ਗਿਆ ਹੈ।

Related Articles

LEAVE A REPLY

Please enter your comment!
Please enter your name here

Latest Articles