ਲੁਧਿਆਣਾ (ਐੱਮ ਐੱਸ ਭਾਟੀਆ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਮੀਟਿੰਗ ਸ਼ੁੱਕਰਵਾਰ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਡਾ. ਸਤਨਾਮ ਸਿੰਘ ਅਜਨਾਲਾ, ਕਿਰਨਜੀਤ ਸਿੰਘ ਸੇਖੋਂ, ਮਲੂਕ ਸਿੰਘ ਹੀਰਕੇ, ਬਲਦੇਵ ਸਿੰਘ ਨਿਹਾਲਗੜ੍ਹ ਅਤੇ ਹਰਜੀਤ ਸਿੰਘ ਰਵੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲੇ ਪ੍ਰੈੱਸ ਨਾਲ ਸਾਂਝੇ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪ੍ਰੈੱਸ ਦੀ ਆਜ਼ਾਦੀ ਨੂੰ ਦਬਾਉਣ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਮਹਾਨ ਇਤਿਹਾਸਕ ਅੰਦੋਲਨ ਉਪਰ ਚਿੱਕੜ ਉਛਾਲੀ ਕਰਕੇ ਕਿਸਾਨ ਆਗੂਆਂ ਨਾਲ ਕਿੜਾਂ ਕੱਢਣ ਲਈ ਬੀ ਜੇ ਪੀ ਦੀ ਮੋਦੀ ਸਰਕਾਰ ਵੱਲੋਂ ਨਿਊਜ਼ ਕਲਿੱਕ ਚੈਨਲ ਦੇ ਮਾਲਕ ਅਤੇ ਦਫਤਰ ਕਰਮਚਾਰੀਆਂ ਉਪਰ ਯੂ ਏ ਪੀ ਏ ਤਹਿਤ ਪਰਚਾ ਦਰਜ ਕਰਕੇ ਜੇਲ੍ਹ ਵਿੱਚ ਡੱਕਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਮੋਰਚੇ ਨੇ ਫੈਸਲਾ ਕੀਤਾ ਕਿ ਕੇਂਦਰ ਸਰਕਾਰ ਖਿਲਾਫ ਪੂਰੇ ਪੰਜਾਬ ਵਿੱਚ 1 ਤੋਂ 5 ਨਵੰਬਰ ਤੱਕ ਪਿੰਡਾਂ ਤੇ ਸ਼ਹਿਰਾਂ ਵਿੱਚ ਚੇਤਨਾ ਮੁਹਿੰਮ ਚਲਾਈ ਜਾਵੇਗੀ ਅਤੇ 6 ਨਵੰਬਰ ਨੂੰ ਡੀ ਸੀ ਦਫਤਰਾਂ ਸਾਹਮਣੇ ਵਿਸ਼ਾਲ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੇ ਐੱਫ ਆਰ ਆਈ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ।
ਮੋਰਚਾ ਮੰਗ ਕਰਦਾ ਹੈ ਕਿ ਨਿਊਜ਼ ਕਲਿੱਕ ਚੈਨਲ ’ਤੇ ਕੀਤਾ ਪਰਚਾ ਰੱਦ ਕੀਤਾ ਜਾਵੇ, ਯੂ ਏ ਪੀ ਏ ਦਾ ਕਾਨੂੰਨ ਵਾਪਸ ਲਿਆ ਜਾਵੇ ਅਤੇ ਸਰਕਾਰ ਸੰਯੁਕਤ ਕਿਸਾਨ ਮੋਰਚੇ ਵਿਰੁੱਧ ਸਾਜ਼ਿਸ਼ਾਂ ਕਰਨੀਆਂ ਬੰਦ ਕਰੇ। ਮੀਟਿੰਗ ਵਿੱਚ ਮੋਰਚੇ ਨੇ ਫੈਸਲਾ ਕੀਤਾ ਕਿ ਪੰਜਾਬ ਸਰਕਾਰ ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਐਲਾਨ ਕਰੇ ਅਤੇ ਗੰਨਾ ਕਾਸ਼ਤਕਾਰਾਂ ਦਾ ਪਿਛਲਾ ਬਕਾਇਆ ਤੁਰੰਤ ਦੇ ਕੇ 10 ਨਵੰਬਰ ਤੋਂ ਮਿੱਲਾਂ ਨੂੰ ਚਲਾਉਣ ਦਾ ਨੋਟੀਫਿਕੇਸ਼ਨ ਜਾਰੀ ਕਰੇ ਅਤੇ ਹੜ੍ਹਾਂ ਕਾਰਨ ਹੋਏ ਜਾਨੀ-ਮਾਲੀ ਅਤੇ ਫਸਲਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ । ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਸਰਕਾਰ ਨੂੰ 4 ਨਵੰਬਰ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ 4 ਨਵੰਬਰ ਤੱਕ ਇਸ ਦਾ ਕੋਈ ਹੱਲ ਨਾ ਕੱਢਿਆ ਤਾਂ ਮੋਰਚਾ ਅਗਲੀ ਮੀਟਿੰਗ ਲਗਾ ਕੇ 9 ਨਵੰਬਰ ਤੋਂ ਲਗਾਤਾਰ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ । ਮੋਰਚੇ ਨੇ ਸਰਕਾਰ ਦੀਆਂ ਲਗਾਤਾਰ ਗਲਤ ਖੇਤੀ ਨੀਤੀਆਂ ਕਾਰਨ ਕਰਜ਼ੇ ਵਿਚ ਫਸੇ ਕਿਸਾਨਾਂ ਉੱਪਰ ਪੰਜਾਬ ਸਰਕਾਰ ਵੱਲੋਂ ਪਰਚੇ ਦਰਜ ਕਰਕੇ ਪ੍ਰੇਸ਼ਾਨ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਨੂੰ ਕਿਸਾਨ ਵਿਰੋਧੀ ਦਮਨਕਾਰੀ ਨੀਤੀਆਂ ਬੰਦ ਕਰਨ ਦੀ ਤਾੜਨਾ ਵੀ ਕੀਤੀ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਕਿਸਾਨਾਂ ਦੁਆਰਾ ਝੋਨੇ ਦੀ ਪਰਾਲੀ ਸਾੜਨ ਦਾ ਰੁਝਾਨ ਪਿਛਲੇ ਸਾਲਾਂ ਦੇ ਮੁਕਾਬਲੇ ਬਹੁਤ ਘਟ ਗਿਆ ਹੈ ਪਰੰਤੂ ਖੇਤਾਂ ਵਿੱਚ ਪਰਾਲੀ ਦਬਾਉਣ ਲਈ ਸਰਕਾਰੀ ਸਹਾਇਤਾ ਨਾ ਮਿਲਣ ਕਰਕੇ ਅਤੇ ਮੌਸਮ ਬਰਸਾਤੀ ਹੋਣ ਕਾਰਨ ਕਣਕ ਦੀ ਬਿਜਾਈ ਲਈ ਖੇਤ ਖਾਲੀ ਕਰਨ ਲਈ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਪਰਚੇ ਕਰਨੇ ਬੰਦ ਕੀਤੇ ਜਾਣ। ਮੋਰਚੇ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਕਿਸਾਨਾਂ ਉਪਰ ਪਰਚੇ ਦਰਜ ਕਰਨ ਦੀ ਥਾਂ ਪਰਾਲੀ ਸਮੇਟਣ ਲਈ ਵੱਖ-ਵੱਖ ਤਰ੍ਹਾਂ ਦੇ ਪ੍ਰੋਜੈਕਟ ਲਗਾਵੇ। ਕਿਸਾਨ ਮੋਰਚੇ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਏਕਤਾ ਕਰਨ ਦੇ ਪਹਿਲੇ ਪੜਾਅ ਵਿੱਚ ਰਾਜੇਵਾਲ ਨਾਲ ਸੰਬੰਧਤ ਪੰਜ ਕਿਸਾਨ ਜਥੇਬੰਦੀਆਂ ਨਾਲ ਏਕਤਾ ਕਰਨ ਤੇ ਮੋਰਚੇ ਨੇ ਸਰਬਸੰਮਤੀ ਨਾਲ ਸਹਿਮਤੀ ਪ੍ਰਗਟ ਕੀਤੀ ਹੈ ਅਤੇ ਦੂਸਰੀਆਂ ਸਾਰੀਆਂ ਜਥੇਬੰਦੀਆਂ ਨਾਲ ਏਕਤਾ ਵਾਰਤਾ ਚੱਲ ਰਹੀ ਹੈ, ਮੋਰਚੇ ਵੱਲੋਂ ਜਲਦੀ ਹੀ ਅਗਲੀ ਮੀਟਿੰਗ ਲਗਾ ਕੇ ਅਸੂਲੀ ਏਕਤਾ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇਗਾ ਅਤੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ਉਪਰ ਵਿਚਾਰ ਚਰਚਾ ਕੀਤੀ ਜਾਵੇਗੀ।
ਮੀਟਿੰਗ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਡਾ. ਦਰਸ਼ਨ ਪਾਲ, ਬੀ ਕੇ ਯੂ ਡਕੌਂਦਾ ਦੇ ਬੂਟਾ ਸਿੰਘ ਬੁਰਜ ਗਿੱਲ, ਬੀ ਕੇ ਯੂ ਲੱਖੋਵਾਲ ਦੇ ਹਰਿੰਦਰ ਸਿੰਘ ਲੱਖੋਵਾਲ, ਬੀ ਕੇ ਯੂ ਡਕੌਂਦਾ ਦੇ ਮਨਜੀਤ ਸਿੰਘ ਧਨੇਰ, ਜਮਹੂਰੀ ਕਿਸਾਨ ਸਭਾ ਦੇ ਕੁਲਵੰਤ ਸਿੰਘ ਸੰਧੂ, ਪੰਜਾਬ ਕਿਸਾਨ ਯੂਨੀਅਨ ਦੇ ਰੁਲਦੂ ਸਿੰਘ ਮਾਨਸਾ, ਬੀ ਕੇ ਯੂ ਕਾਦੀਆਂ ਦੇ ਵੀਰਪਾਲ ਸਿੰਘ, ਬੀ ਕੇ ਯੂ ਦੁਆਬਾ ਦੇ ਮਨਜੀਤ ਸਿੰਘ ਰਾਏ, ਕਿਰਤੀ ਕਿਸਾਨ ਯੂਨੀਅਨ ਦੇ ਰਮਿੰਦਰ ਸਿੰਘ ਪਟਿਆਲਾ, ਕੁੱਲ ਹਿੰਦ ਕਿਸਾਨ ਸਭਾ ਦੇ ਬਲਕਰਨ ਸਿੰਘ ਬਰਾੜ, ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਸਤਨਾਮ ਸਿੰਘ ਬਹਿਰੂ, ਕੁੱਲ ਹਿੰਦ ਕਿਸਾਨ ਸਭਾ ਦੇ ਬਲਦੇਵ ਸਿੰਘ ਲਤਾਲਾ, ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਜੰਗਬੀਰ ਸਿੰਘ ਚੌਹਾਨ, ਜੈ ਕਿਸਾਨ ਅੰਦੋਲਨ ਦੇ ਬੀਬੀ ਰਵਿੰਦਰਪਾਲ ਕੌਰ, ਬੀ ਕੇ ਯੂ ਪੰਜਾਬ ਦੇ ਸੁੱਖ ਗਿੱਲ ਮੋਗਾ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ ਰਾਜੂ, ਕਿਸਾਨ ਕਮੇਟੀ ਦੁਆਬਾ ਦੇ ਜਸਵਿੰਦਰ ਸਿੰਘ, ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਨਿਰਵੈਰ ਸਿੰਘ ਡਾਲੇਕੇ, ਮਹਿਲਾ ਕਿਸਾਨ ਯੂਨੀਅਨ ਦੇ ਬੀਬੀ ਮਨਜੀਤ ਕੌਰ, ਗੁਰਨਾਮ ਸਿੰਘ ਭੀਖੀ, ਹਰਵਿੰਦਰ ਸਿੰਘ, ਸੁਖਦੇਵ ਸਿੰਘ ਅਰਾਈਆਂਵਾਲਾ, ਜਸਪਾਲ ਕੌਰ ਆਦਿ ਆਗੂ ਵੀ ਹਾਜ਼ਰ ਸਨ ।





