ਅੰਮਿ੍ਤਸਰ (ਜਸਬੀਰ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ‘ਚ ਸੁਸ਼ੋਭਿਤ ਕੀਤਾ | ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਹੈਲੀਕਾਪਟਰ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨਗਰ ਕੀਰਤਨ ‘ਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ |
ਨਗਰ ਕੀਰਤਨ ‘ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ |



