315 ਕਰੋੜ ਰੁਪਏ ਦੇ ਸੜਕੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ

0
417

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਸਰਕਾਰ ਸਾਲ 2022-23 ਦੌਰਾਨ ਨਬਾਰਡ (28) ਸਕੀਮ ਤਹਿਤ 315 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕੀ ਪ੍ਰਾਜੈਕਟ ਸ਼ੁਰੂ ਕਰੇਗੀ | ਇਸ ਸਕੀਮ ਤਹਿਤ ਸੂਬੇ ‘ਚ ਨਵੀਂਆਂ ਸੜਕਾਂ ਅਤੇ ਨਵੇਂ ਪੁਲਾਂ ਦੀ ਉਸਾਰੀ ਕੀਤੀ ਜਾਵੇਗੀ, ਜਿਸ ਨਾਲ ਸੂਬੇ ਦੇ ਸੜਕੀ ਨੈੱਟਵਰਕ ‘ਚ ਸੁਧਾਰ ਹੋਵੇਗਾ | ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵੀਰਵਾਰ ਇੱਥੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਅਨੁਰਾਗ ਵਰਮਾ, ਸਕੱਤਰ ਲੋਕ ਨਿਰਮਾਣ ਮਾਲਵਿੰਦਰ ਸਿੰਘ ਜੱਗੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੁੱਖ ਇੰਜੀਨੀਅਰ ਅਰੁਣ ਕੁਮਾਰ ਅਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮਗਰੋਂ ਕਿਹਾ ਕਿ ਇਸ ਸਕੀਮ ਅਧੀਨ ਚਾਲੂ ਸਾਲ ਦੌਰਾਨ ਕੀਤੇ ਜਾਣ ਵਾਲੇ ਵੱਖ-ਵੱਖ ਕੰਮਾਂ ਲਈ ਬੋਲੀਆਂ ਮੰਗ ਕੇ ਉਸਾਰੀ ਕਾਰਜ ਛੇਤੀ ਹੀ ਸ਼ੁਰੂ ਕੀਤੇ ਜਾਣਗੇ | ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਅਧੀਨ ਪੈਂਦੀਆਂ ਮੁਰੰਮਤ ਕਰਨਯੋਗ 2217 ਕਿ.ਮੀ ਲੰਬਾਈ ਦੀਆਂ ਲਿੰਕ ਸੜਕਾਂ, ਜਿਨ੍ਹਾਂ ਦੀ ਆਖਰੀ ਵਾਰ ਮੁਰੰਮਤ 31 ਮਾਰਚ, 2016 ਜਾਂ ਇਸ ਤੋਂ ਪਹਿਲਾਂ ਹੋਈ ਸੀ ਅਤੇ ਉਪਰੰਤ ਕਿਸੇ ਸਕੀਮ ਅਧੀਨ ਪ੍ਰਵਾਨ ਨਹੀਂ ਹੋਈਆਂ, ਨੂੰ ਚਾਲੂ ਸਾਲ ਵਿੱਚ 361 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਰਿਪੇਅਰ ਕਰਨ ਦੀ ਤਜਵੀਜ਼ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹੈ | ਉਨ੍ਹਾਂ ਦੱਸਿਆ ਕਿ ਲਿੰਕ ਸੜਕਾਂ ਦੀ ਨੋਡਲ ਏਜੰਸੀ ਪੰਜਾਬ ਮੰਡੀ ਬੋਰਡ ਤੋਂ ਇਨ੍ਹਾਂ ਕੰਮਾਂ ਦੀ ਪ੍ਰਸ਼ਾਸਕੀ ਪ੍ਰਵਾਨਗੀ ਪ੍ਰਾਪਤ ਹੋਣ ਉਪਰੰਤ ਇਨ੍ਹਾਂ ਸੜਕਾਂ ਦੀ ਮੁਰੰਮਤ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ | ਕੈਬਨਿਟ ਮੰਤਰੀ ਨੇ ਦੱਸਿਆ ਕਿ 31 ਮਾਰਚ, 2022 ਤੱਕ 4644.26 ਕਿ.ਮੀ ਲੰਬਾਈ ਦੀਆਂ ਸੜਕਾਂ ‘ਤੇ 574 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ |
ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਅਧੀਨ ਪ੍ਰਵਾਨ ਬਕਾਇਆ 4800.66 ਕਿ.ਮੀ ਲੰਬਾਈ ਦੇ ਕੰਮ ਰੁਪਏ 757 ਕਰੋੜ ਦੇ ਅਨੁਮਾਨਤ ਖਰਚੇ ਨਾਲ ਸਾਲ 2022 ‘ਚ ਮੁਕੰਮਲ ਕਰਨ ਦਾ ਟੀਚਾ ਹੈ |

LEAVE A REPLY

Please enter your comment!
Please enter your name here