15.2 C
Jalandhar
Monday, November 25, 2024
spot_img

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਪ੍ਰਾਜੈਕਟਾਂ ਦੀ ਜਾਣਕਾਰੀ ਆਧੁਨਿਕ ਤਕਨੀਕਾਂ ਰਾਹੀਂ ਲੋਕਾਂ ਤੱਕ ਪੁੱਜਦੀ ਕਰਾਂਗਾ : ਅਮਨ ਅਰੋੜਾ

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ | ਅਹੁਦਾ ਸੰਭਾਲਣ ਤੋਂ ਪਹਿਲਾਂ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ, ਕੁਲਵੰਤ ਸਿੰਘ, ਡਾ. ਜੀਵਨਜੋਤ ਕੌਰ, ਦਵਿੰਦਰਜੀਤ ਸਿੰਘ ਲਾਡੀ ਤੇ ਨਰਿੰਦਰਪਾਲ ਸਿੰਘ ਸਵਨਾ (ਸਾਰੇ ਵਿਧਾਇਕ) ਹਾਜ਼ਰ ਸਨ |
ਅਮਨ ਅਰੋੜਾ ਜੋ ਸੁਨਾਮ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ, ਨੇ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਤੇ ਸਮਾਜ ਭਲਾਈ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਆਧੁਨਿਕ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਅਸਲ ਲਾਭਪਾਤਰੀ ਇਨ੍ਹਾਂ ਦਾ ਤੁਰੰਤ ਫਾਇਦਾ ਲੈ ਸਕਣ | ਉਨ੍ਹਾਂ ਕਿਹਾ ਕਿ ਮੀਡੀਆ ਨਾਲ ਪਾਰਦਰਸ਼ੀ, ਜਵਾਬਦੇਹ, ਸਕਾਰਾਤਮਕ ਸਾਂਝ ਨੂੰ ਮਜ਼ਬੂਤ ਕਰਨਗੇ ਅਤੇ ਸੂਬੇ ਦੇ ਲੋਕਾਂ ਨੂੰ ਚੰਗੀ ਦਿੱਖ ਵਾਲਾ ਪ੍ਰਸ਼ਾਸਨ ਦੇਣਾ ਯਕੀਨੀ ਬਣਾਉਣਗੇ | ਇਸ ਮੌਕੇ ਮੌਜੂਦ ਮੰਤਰੀ ਸਾਹਿਬਾਨ ਨੇ ਉਮੀਦ ਜਤਾਈ ਕਿ ਸ੍ਰੀ ਅਮਨ ਅਰੋੜਾ ਇੱਕ ਮਿਹਨਤੀ, ਕੁਸ਼ਲ ਅਤੇ ਦੂਰਅੰਦੇਸ਼ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਵਿਭਾਗ ਦੂਣੀ-ਚੌਣੀ ਤਰੱਕੀ ਕਰੇਗਾ | ਸ੍ਰੀ ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ ਵੇਣੂੰ ਪ੍ਰਸਾਦ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਰਵੀ ਭਗਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਅਜੋਏ ਸਿਨਹਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕੀਰਤ ਕਿ੍ਪਾਲ ਸਿੰਘ ਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰ, ਸੀ.ਏ. ਗਮਾਡਾ ਅਰਸ਼ਦੀਪ ਸਿੰਘ ਥਿੰਦ, ਸੀ.ਈ.ਓ. ਪੇਡਾ ਸੁਮੀਤ ਜਾਰੰਗਲ ਅਤੇ ਪਰਵਾਰਕ ਮੈਂਬਰਾਂ ਵਿੱਚ ਕੈਬਨਿਟ ਮੰਤਰੀ ਦੇ ਮਾਤਾ ਪ੍ਰਮੇਸ਼ਵਰੀ ਦੇਵੀ, ਪਤਨੀ ਸਬੀਨਾ ਅਰੋੜਾ, ਪੁੱਤਰ ਭੁਵੀਰ ਅਰੋੜਾ, ਭੈਣ ਨੀਨਾ ਮਲਹੋਤਰਾ, ਸਹੁਰਾ ਸੰਦੀਪ ਗਿਲਹੋਤਰਾ, ਸੱਸ ਰੰਜਨਾ ਅਤੇ ਹੋਰ ਪਰਵਾਰਕ ਮੈਂਬਰ ਤੇ ਸਨੇਹੀ ਮੌਜੂਦ ਸਨ |

Related Articles

LEAVE A REPLY

Please enter your comment!
Please enter your name here

Latest Articles