ਕੋਰਟ ‘ਚ ਪੂਰੇ ਸਬੂਤ ਪੇਸ਼ ਨਾ ਕਰਕੇ ਕਾਂਗਰਸੀ ਤੇ ਅਕਾਲੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਂਦੇ ਰਹੇ : ਚੀਮਾ

0
359

ਚੰਡੀਗੜ੍ਹ/ਜਲੰਧਰ -(ਗੁਰਜੀਤ ਬਿੱਲਾ/ਸ਼ੈਲੀ ਐਲਬਰਟ)-ਪਿਛਲੀਆਂ ਸਰਕਾਰਾਂ ‘ਤੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ ਲਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਕਦੇ ਵੀ ਇਨ੍ਹਾਂ ਘਿਨਾਉਣੇ ਮਾਮਲਿਆਂ ਵਿੱਚ ਪੰਜਾਬ ਦੇ ਲੋਕਾਂ ਨੂੰ ਇਨਸਾਫ ਨਹੀਂ ਦਿਵਾਉਣਾ ਚਾਹੁੰਦੇ ਸਨ, ਇਸ ਲਈ ਉਹਨਾਂ ਕਦੇ ਪੂਰੇ ਸਬੂਤ ਵੀ ਕੋਰਟ ‘ਚ ਪੇਸ਼ ਨਹੀਂ ਕੀਤੇ ਅਤੇ ਨਾ ਹੀ ਸਖ਼ਤੀ ਨਾਲ ਕੇਸ ਦੀ ਪੈਰਵੀ ਕੀਤੀ | ਹਰਪਾਲ ਚੀਮਾ ਨੇ ਕਿਹਾ, ‘2015 ਵਿੱਚ ਪਿੰਡ ਮੱਲਕੇ ਵਿੱਚ ਬੇਅਦਬੀ ਦਾ ਮਾਮਲਾ ਅਕਾਲੀ ਦਲ ਦੀ ਸਰਕਾਰ ਵੇਲੇ ਸਾਹਮਣੇ ਆਇਆ ਸੀ, ਇੱਥੋਂ ਤੱਕ ਕਿ ਇਸ ਵਿੱਚ ਇਨਸਾਫ ਦਿਵਾਉਣ ਦੇ ਵਾਅਦੇ ‘ਤੇ ਕਾਂਗਰਸ ਨੇ ਸਰਕਾਰ ਬਣਾਈ ਸੀ | ਹਾਲਾਂਕਿ, ਉਨ੍ਹਾਂ ਆਪਣੇ ਸ਼ਾਸਨ ਦੌਰਾਨ ਅਜਿਹਾ ਕੁਝ ਨਹੀਂ ਕੀਤਾ | ਇਹ ਸਿਰਫ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਹੀ ਯਕੀਨੀ ਬਣਾਇਆ ਹੈ ਕਿ ਦੋਸ਼ੀਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ |’
ਮੋਗਾ ਅਦਾਲਤ ਵੱਲੋਂ ਬੇਅਦਬੀ ਦੇ ਕੇਸ ਵਿੱਚ ਤਿੰਨ ਵਿਅਕਤੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਬੇਅਦਬੀ ਦੇ ਸਾਰੇ ਮਾਮਲਿਆਂ ਵਿੱਚ ਪੰਜਾਬੀਆਂ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ |
ਚੀਮਾ ਨੇ ਕਿਹਾ ਕਿ ਕਾਂਗਰਸੀ ਅਤੇ ਅਕਾਲੀ ਆਪਸ ਵਿੱਚ ਰਲੇ ਹੋਏ ਹਨ ਅਤੇ ਦਹਾਕਿਆਂ ਤੋਂ ਇੱਕ-ਦੂਜੇ ਦੇ ਅਪਰਾਧਾਂ ‘ਤੇ ਪਰਦਾ ਪਾ ਰਹੇ ਹਨ, ਪਰ ‘ਆਪ’ ਸਰਕਾਰ ਨੇ ਇਸ ਗਠਜੋੜ ਨੂੰ ਤੋੜ ਦਿੱਤਾ ਹੈ ਅਤੇ ਹੁਣ ਦੋਸ਼ੀਆਂ ਨੂੰ ਉਨ੍ਹਾਂ ਦੇ ਅਪਰਾਧਾਂ ਦੀ ਮਿਸਾਲੀ ਸਜ਼ਾ ਮਿਲੇਗੀ |
ਇਹ ਦੇਰੀ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਦੇ ਸਵਾਰਥਾਂ ਅਤੇ ਢਿੱਲੀ ਜਾਂਚ ਕਾਰਨ ਹੀ ਸੀ, ਪਿਛਲੀਆਂ ਸਰਕਾਰਾਂ ਨੇ ਕਦੇ ਵੀ ਬੇਅਦਬੀ ਦੇ ਮਾਮਲਿਆਂ ਦੀ ਗੰਭੀਰਤਾ ਨਾਲ ਪੈਰਵੀ ਨਹੀਂ ਕੀਤੀ ਅਤੇ ਦੋਸ਼ੀਆਂ ਨੂੰ ਬਚਾਉਣ ਲਈ ਅਦਾਲਤਾਂ ਵਿੱਚ ਸਹੀ ਅਤੇ ਪੂਰੇ ਸਬੂਤ ਪੇਸ਼ ਨਹੀਂ ਕੀਤੇ ਗਏ |
ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ‘ਆਪ ਦੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ ਲਿਆਂਦੀ ਹੈ ਅਤੇ ਮੁੱਖ ਮੰਤਰੀ ਨੇ ਨਿੱਜੀ ਤੌਰ ‘ਤੇ ਇਹ ਯਕੀਨੀ ਬਣਾਇਆ ਹੈ ਕਿ ਇਨ੍ਹਾਂ ਮਾਮਲਿਆਂ ਦੀ ਸਹੀ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲੇ |
ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸਮਾਲਸਰ ਬੇਅਦਬੀ ਮਾਮਲੇ ਵਿੱਚ ਅੱਜ ਤਿੰਨ ਵਿਅਕਤੀਆਂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ | ਅਖੀਰ ਅੱਜ ਅਕਾਲੀ ਦਲ-ਕਾਂਗਰਸ ਦੀ ਦੋਸ਼ੀਆਂ ਨੂੰ ਦਿੱਤੀ ਨਾਪਾਕ ਸਰਪ੍ਰਸਤੀ ਦਾ ਅੰਤ ਹੋ ਗਿਆ ਹੈ ਅਤੇ ਇਨਸਾਫ਼ ਦੀ ਜਿੱਤ ਹੋਈ ਹੈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ‘ਚ ਹਰ ਕਿਸੇ ਨੂੰ ਇਨਸਾਫ ਮਿਲੇਗਾ | ਉਹਨਾ ਅਕਾਲੀ ਦਲ ਅਤੇ ਕਾਂਗਰਸ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ‘ਆਪ’ ਸਰਕਾਰ ਦੇ ਯਤਨਾਂ ਸਦਕਾ ਬਹਿਬਲ ਕਲਾਂ ਕਾਂਡ ਕੇਸ ‘ਚ ਕੋਰਟ ਦੇ ਅਹਿਮ ਫੈਸਲੇ ਤੋਂ ਬਾਅਦ ਉਹਨਾ ਦੀ ਸਰਕਾਰ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਜੇਲ੍ਹ ਜਾਣਾ ਯਕੀਨੀ ਬਣਾਇਆ ਹੈ | ਉਹਨਾ ਪੁੱਛਿਆ ਕਿ ਕੀ ਅਪਵਿੱਤਰ ਅਕਾਲੀ-ਕਾਂਗਰਸ ਗਠਜੋੜ ਵੀ ਅਜਿਹੀ ਕਿਸੇ ਕਾਰਵਾਈ ਦਾ ਦਾਅਵਾ ਕਰ ਸਕਦਾ ਹੈ, ਜਿਥੇ ਉਹਨਾਂ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਲਈ ਕੋਈ ਕਦਮ ਚੁੱਕਿਆ ਹੋਏ?

LEAVE A REPLY

Please enter your comment!
Please enter your name here