ਦੁਰਗ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਕਿਹਾ ਕਿ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਸੂਬੇ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਦੁਬਈ ’ਚ ਬੈਠੇ ਘਪਲੇ (ਮਹਾਦੇਵ ਸੱਟੇਬਾਜ਼ੀ ਐਪ) ਦੇ ਦੋਸ਼ੀਆਂ ਨਾਲ ਉਨ੍ਹਾ ਦੇ ਕੀ ਸੰਬੰਧ ਹਨ। ਦੁਰਗ ਜ਼ਿਲ੍ਹੇ ’ਚ ਚੋਣ ਰੈਲੀ ’ਚ ਉਨ੍ਹਾ ਦੇਸ਼ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਕੋਵਿਡ-19 ਦੌਰਾਨ 80 ਕਰੋੜ ਲੋਕਾਂ ਲਈ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ ਅਗਲੇ ਪੰਜ ਸਾਲਾਂ ਤੱਕ ਵਧਾਇਆ ਜਾਵੇਗਾ। ਸੂਬੇ ਦੀਆਂ 90 ਸੀਟਾਂ ’ਤੇ ਵਿਧਾਨ ਸਭਾ ਚੋਣਾਂ ਲਈ 7 ਅਤੇ 17 ਨਵੰਬਰ ਨੂੰ ਦੋ ਪੜਾਵਾਂ ’ਚ ਵੋਟਿੰਗ ਹੋਵੇਗੀ।
ਉਧਰ, ਕਾਂਗਰਸ ਨੇ ਬਘੇਲ ਖਿਲਾਫ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੇ ਦੋਸ਼ਾਂ ਨੂੰ ਛੱਤੀਸਗੜ੍ਹ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਦੇ ਅਕਸ ਨੂੰ ਖਰਾਬ ਕਰਨ ਦੀ ‘ਸਾਜ਼ਿਸ਼’ ਕਰਾਰ ਦਿੱਤਾ ਅਤੇ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਵੇਗੀ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਭਾਜਪਾ ਦੀ ਹਾਰ ਯਕੀਨੀ ਦੇਖਦਿਆਂ ਈ ਡੀ ਦੀ ਵੱਡੇ ਪੱਧਰ ’ਤੇ ਦੁਰਵਰਤੋਂ ਸ਼ੁਰੂ ਕਰ ਦਿੱਤੀ ਹੈ।