ਸ਼ਹੀਦਾਂ ਦੇ ਪਰਵਾਰਾਂ ਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਹਰ ਯਤਨ ਕਰਾਂਗੇ : ਜੌੜਾਮਾਜਰਾ

0
161

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੰਗਲਵਾਰ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਦੀ ਰਹੇਗੀ। ਇੱਥੋਂ ਦੇ ਸੈਕਟਰ-3 ਸਥਿਤ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ ਤੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨ ਉਪਰੰਤ ਰੱਖਿਆ ਸੇਵਾਵਾਂ ਭਲਾਈ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐੱਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਉਨ੍ਹਾ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਵਾਰਾਂ ਦੇ ਹਿੱਤਾਂ ਦੀ ਦੇਖਭਾਲ ਅਤੇ ਸਮਾਜ ’ਚ ਉਨ੍ਹਾਂ ਦਾ ਚੰਗਾ ਜੀਵਨ ਬਤੀਤ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਰਕਾਰ ਨੇ ਸਰੀਰਕ ਤੌਰ ’ਤੇ ਨਕਾਰਾ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਧਾਉਣ ਦਾ ਵੀ ਫੈਸਲਾ ਲਿਆ ਹੈ। ਇਸ ਫੈਸਲੇ ਮੁਤਾਬਕ ਸਰੀਰਕ ਤੌਰ ’ਤੇ 76 ਫੀਸਦੀ ਤੋਂ 100 ਫੀਸਦੀ ਤੱਕ ਨਕਾਰਾ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ 51 ਫੀਸਦੀ ਤੋਂ 75 ਫੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਦੁੱਗਣੀ ਕਰਕੇ 10 ਲੱਖ ਤੋਂ ਵਧਾ ਕੇ 20 ਲੱਖ ਅਤੇ 25 ਫੀਸਦੀ ਤੋਂ 50 ਫੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 5 ਲੱਖ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਹੈ।
ਉਹਨਾ ਦੱਸਿਆ ਕਿ ਇਹ ਸਾਈਕਲ ਰੈਲੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚੋਂ ਹੁੰਦੀ ਹੋਈ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਚੰਡੀਗੜ੍ਹ ਵਿਖੇ ਸਮਾਪਤ ਹੋਵੇਗੀ ਅਤੇ ਇਸ ਰੈਲੀ ਨੂੰ ਰਾਜਪਾਲ ਪੰਜਾਬ ਵੱਲੋਂ ਫਲੈਗ-ਇਨ ਕੀਤਾ ਜਾਵੇਗਾ। ਸਾਈਕਲ ਰੈਲੀ ਦਾ ਮੁੱਖ ਉਦੇਸ਼ ਲੋਕਾਂ ’ਚ ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ, ਨੌਜਵਾਨਾਂ ’ਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਸਣੇ ਉਨ੍ਹਾਂ ਨੂੰ ਹਥਿਆਰਬੰਦ ਸੈਨਾ ’ਚ ਭਰਤੀ ਹੋਣ ਲਈ ਉਤਸ਼ਾਹਤ ਕਰਨਾ ਹੈ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਐੱਨ ਸੀ ਸੀ ਦੇ ਤਿੰਨਾਂ ਵਿੰਗਾਂ ਦੇ ਕੈਡਿਟਾਂ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ।

LEAVE A REPLY

Please enter your comment!
Please enter your name here